ਅੰਮ੍ਰਿਤਸਰ ( 1ਨਵੰਬਰ, 2014): ਮਿਲੀ ਤਾਜ਼ਾ ਜਾਣਕਾਰੀ ਅਨੁਸਾਰ ਅੱਜ ਪੰਜਾਬ ਬੰਦ ਦੇ ਸੱਦੇ ,ਤੇ ਅੰਮ੍ਰਿਤਸਰ ਸ਼ਹਿਰ ਪੂਰੀ ਤਰਾਂ ਬੰਦ ਹੈ।ਭਾਂਵੇ ਕਿ ਅੰਮ੍ਰਿਤਸਰ ਪੁਲਿਸ ਨੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਨਵੰਬਰ 1984 ਦੇ ਕਤਲੇਆਮ ਦੀ ਪੀੜਤ ਅਤੇ ਜਗਦੀਸ਼ ਟਾਇਟਲਰ ਖਿਲਾਫ ਮੁੱਖ ਗਵਾਹ ਬੀਬੀ ਜਗਦੀਸ਼ ਕੌਰ ਨੂੰ ਅੱਜ ਤੜਕੇ ਹੀ ਗ੍ਰਿਫਤਾਰ ਕਰ ਲਿਆ ਸੀ, ਜਦ ਉਹ ਅੰਮ੍ਰਿਤਸਰ ਰੇਲਵੇ ਸਟੇਸ਼ਨ ਵੱਲ ਰੇਲ ਲਾਈਨ ‘ਤੇ ਧਰਨਾ ਦੇਣ ਜਾ ਰਹੇ ਸਨ।
ਆਲ ਇੰਡੀਆ ਸਿੱਖ ਸਟੂਡੈਟਸ ਫੈਡਰੇਸ਼ਨ ਅਤੇ ਹੋਰ ਜੱਥੇਬੰਦੀਆਂ ਦੇ ਆਗੂਆਂ ਨੇ ਇਕੱਠੇ ਹੋ ਕੇ ਸ਼ਿਵਾਲਾ ਰੇਲਵੇ ਫਾਟਕ ਅਤੇ ਜੌੜੇ ਫਾਟਕਾਂ ‘ਤੇ ਆਵਾਜਾਈ ਨੂੰ ਰੋਕਿਆ ਤਾਂ ਪੁਲਿਸ ਵੱਲੋੰਂ ਸ਼ਾਤਮਈ ਰੇਲਵੇ ਫਾਟਕ ‘ਤੇ ਧਰਨਾ ਦੇ ਰਹੇ ਸਿੱਖਾਂ ‘ਤੇ ਲਾਠੀਚਾਰਜ਼ ਕੀਤਾ ਗਿਆ ਅਤੇ ਗ੍ਰਿਫਤਾਰ ਸਿੱਖ ਮੁਜ਼ਾਹਰਾਕਾਰੀਆਂ ਨੂੰ ਵੱਖ- ਵੱਖ ਥਾਣਿਆਂ ਵਿੱਚ ਲਿਜਾਇਆ ਗਿਆ।
ਪੰਜਾਬ ਦੀ ਬਾਦਲ ਸਰਕਾਰ ਦੀ ਪੁਲਿਸ ਵੱਲੋਂ ਸਿੱਖ ਸਟੂਡੈਂਟਸ ਫੈਡਰੇਸ਼ਨ, ਸਿੱਖ ਕਤਲੇਆਮ ਦੇ ਪੀੜਤਾਂ ਅਤੇ ਹੋਰ ਜੱਥੇਬੰਦੀਆਂ ਵੱਲੋਂ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਮਾਮਾਲੇ ਵਿੱਚ ਪੀੜਤਾਂ ਨੂੰ ਇਨਸਾਫ ਦੇਣ ਤੋਂ ਹੁਣ ਤੱਕ ਟਾਲ ਮਟੋਲ ਕਰਦੀਆਂ ਆ ਰਹੀਆਂ ਸਰਕਾਰਾਂ ਖਿਲਾਫ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅਸਫਲ ਬਣਾਉਣ ਲਈ ਪੰਜਾਬ ਪੁਲਿਸ ਨੇ ਸਿੱਖ ਆਗੂਆਂ ਨੂੰ ਗ੍ਰਿਫਤਾਰ ਕਰਨਾ ਸ਼ੁਰੂ ਕੀਤਾ ਹੋਇਆ ਹੈ।ਸਿੱਖ ਸਿਆਸਤ ਨੂੰ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਬੰਦ ਦੇ ਸੱਦੇ ਦੇ ਮੱਦੇ ਨਜ਼ਰ ਪੰਜਾਬ ਪੁਲਿਸ ਨੇ ਕਈ ਸਿੱਖ ਆਗੂਆਂ ਅਤੇ ਸਿੱਖ ਕਲਤੇਆਮ ਦੇ ਪੀੜਤਾਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਹਿੰਦੁਸਤਾਨ ਟਾਇਮਜ਼ ਦੀ ਇੱਕ ਰਿਪੋਰਟ ਮੁਤਾਬਿਕ ਦੁਪਿਹਰ ਤੋਂ ਬਾਅਦ ਤੱਕ ਰੇਲਵੇ ਆਵਾਜਾਈ ਆਮ ਰਹੀ ਪਰ ਅੰਮ੍ਰਿਤਸਰ ਸ਼ਹਿਰ ਬਿਲਕੁੱਲ ਬੰਦ ਰਿਹਾ ਅਤੇ ਜਿਆਦਾਤਰ ਵਪਾਰਕਿ ਅਦਾਰੇ ਬੰਦ ਰਹੇ।ਇੱਥੋਂ ਤੱਕ ਕਿ ਬਹੁਤ ਸਾਰੇ ਵਿਦਿਅੱਕ ਅਦਾਰੇ ਵੀ ਬੰਦ ਰਹੇ।