ਚੰਡੀਗੜ੍ਹ: ਪੰਜਾਬ ਵਿੱਚ ਪਰਾਲੀ ਨੂੰ ਸਾੜਨ ਤੋਂ ਰੋਕਣ ਅਤੇ ਇਸਦੀ ਸਾਂਭ-ਸੰਭਾਲ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਇਕ ਮੋਬਾਈਲ ਐਪਲੀਕੇਸ਼ਨ ਲਾਂਚ ਕਰਨ ਦਾ ਫੈਸਲਾ ਕੀਤਾ ਗਿਆ ਹੈ ਜਿਸ ਉਪਰ ਪੰਜਾਬ ਦੇ ਕਿਸਾਨਾਂ ਦਾ ਡਾਟਾ ਅਪਲੋਡ ਕਰਕੇ ਉਨਾਂ ਨੂੰ ਖੇਤੀਬਾੜੀ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸੰਭਾਲਣ ਲਈ ਲੋੜੀਂਦੇ ਮਹਿੰਗੇ ਸੰਦਾਂ ਨੂੰ ਆਮ ਕਿਰਾਏ ‘ਤੇ ਲੈਣ ਸਬੰਧੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।
ਇਸ ਸਬੰਧੀ ਹਦਾਇਤਾਂ ਵਧੀਕ ਮੁੱਖ ਸਕੱਤਰ, ਸਹਿਕਾਰਤਾ ਡੀ.ਪੀ. ਰੈਡੀ ਨੇ ਵਿਭਾਗ ਦੀ ਇੱਕ ਮੀਟਿੰਗ ਦੌਰਾਨ ਦਿੱਤੀਆਂ ਜਿਸ ਵਿੱਚ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਲੁਧਿਆਣਾ ਦੇ ਅਧਿਕਾਰੀ ਵੀ ਸ਼ਾਮਲ ਸਨ। ਮੀਟਿੰਗ ਦੌਰਾਨ ਰੈਡੀ ਨੇ ਦੱਸਿਆ ਕਿ ਵਿਭਾਗ ਵੱਲੋਂ ਇਕ ਅਜਿਹੀ ਮੋਬਾਈਲ ਐਪ ਤਿਆਰ ਕੀਤੀ ਜਾਵੇਗੀ ਜਿਸ ਰਾਹੀਂ ਕਿਸਾਨਾਂ ਨੂੰ ਪੰਜਾਬ ਦੇ ਪਿੰਡਾਂ ਵਿਚ ਸਥਾਪਤ ਉਨਾਂ ਖੇਤੀਬਾੜੀ ਸਭਾਵਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ ਜਿਨ੍ਹਾਂ ਕੋਲ ਆਪਣੇ ਟਰੈਕਟਰ, ਖੇਤੀਬਾੜੀ ਦੇ ਅਜਿਹੇ ਮਹਿੰਗੇ ਸੰਦ ਕਿਰਾਏ ਲਈ ਮੌਜੂਦ ਹਨ ਜਿਨ੍ਹਾਂ ਦੀ ਵਰਤੋਂ ਨਾਲ ਪਰਾਲੀ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਬਿਨਾਂ ਸਾੜੇ ਸੰਭਾਲਿਆ ਜਾ ਸਕਦਾ ਹੋਵੇ ਜਿੰਨਾਂ ਵਿੱਚ ਰੋਟਾਵੇਟਰ, ਪੈਡੀ ਸਟਰਾਅ ਚੌਪਰ ਤੇ ਸ਼ਰੈਡਰ (ਝੋਨੇ ਦੀ ਕਟਾਈ ਲਈ ਮਸ਼ੀਨ), ਹੈਪੀ ਸੀਡਰ, ਮਲਚਰ, ਬੇਲਰ ਆਦਿ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਸਹਿਕਾਰਤਾ ਵਿਭਾਗ ਦੀ ਇਸ ਕੋਸ਼ਿਸ਼ ਸਦਕਾ ਪੰਜਾਬ ਦੇ ਕਿਸਾਨਾਂ ਨੂੰ ਅਜਿਹੇ ਮਹਿੰਗੇ ਖੇਤੀਬਾੜੀ ਸੰਦ ਕਿਰਾਏ ‘ਤੇ ਮੁਹੱਈਆ ਕਰਵਾ ਕੇ ਪਰਾਲੀ ਸਾਂਭਣ ਵਿਚ ਮੱਦਦ ਕਰਨਾ ਹੈ ਜੋ ਕਿ ਹਰੇਕ ਕਿਸਾਨ ਤੋਂ ਵੱਖਰੇ ਤੌਰ ਤੇ ਖਰੀਦੇ ਨਹੀਂ ਜਾ ਸਕਦੇ ਅਤੇ ਨਾਲ ਹੀ ਪਰਾਲੀ ਸਾੜਨ ਤੋਂ ਹੋਣ ਵਾਲੇ ਪ੍ਰਦੂਸ਼ਣ ਤੋਂ ਵੀ ਵਾਤਾਵਰਨ ਨੂੰ ਬਚਾਇਆ ਜਾ ਸਕੇਗਾ। ਉਨਾਂ ਕਿਹਾ ਕਿ ਇਸ ਮੋਬਾਈਲ ਐਪ ਨੂੰ ਕਣਕ ਦੀ ਵਾਢੀ ਦੇ ਆਉਣ ਵਾਲੇ ਸੀਜ਼ਨ ਤੋਂ ਪਹਿਲਾਂ-ਪਹਿਲਾਂ ਪੂਰੀ ਤਰਾਂ ਤਿਆਰ ਕਰਕੇ ਲਾਂਚ ਕਰ ਦਿੱਤਾ ਜਾਵੇਗਾ ਜਿਸ ਰਾਹੀਂ ਕਿਸਾਨਾਂ ਨੂੰ ਵਾਤਾਵਰਨ ਦੀ ਸੰਭਾਲ ਲਈ ਜਾਗਰੂਕ ਵੀ ਕੀਤਾ ਜਾ ਸਕੇਗਾ।