ਸਿੱਖ ਖਬਰਾਂ

ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦਾ ਹੱਕ ਸਾਰੇ ਚੈਨਲਾਂ ਨੂੰ ਦੇਣ ਲਈ ਤ੍ਰਿਪਤ ਬਾਜਵਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ

By ਸਿੱਖ ਸਿਆਸਤ ਬਿਊਰੋ

February 14, 2020

ਚੰਡੀਗੜ੍ਹ: ਪੰਜਾਬ ਦੇ ਪੇਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਦੀ ਅਗਵਾਈ ਵਿੱਚ ਸਿੱਖ ਆਗੂਆਂ ਦੇ ਇੱਕ ਵਫਦ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਦਿੱਤਾ। ਮੰਗ ਪੱਤਰ ਵਿੱਚ ਉਨ੍ਹਾਂ ਨੇ ਦਰਬਾਰ ਸਾਹਿਬ ਤੋਂ ਕੀਤੇ ਜਾਂਦੇ ਗੁਰਬਾਣੀ ਪ੍ਰਸਾਰਣ ਉੱਤੇ ਪੀ.ਟੀ.ਸੀ. ਟੀਵੀ ਚੈਨਲ ਦੀ ਅਜਾਰੇਦਾਰੀ ਖ਼ਤਮ ਕਰਨ ਲਈ ਸ਼੍ਰੋਮਣੀ ਪ੍ਰਬੰਧਕ ਕਮੇਟੀ ਨੂੰ ਲੋਂੜੀਦੇ ਹੁਕਮ ਦੇਣ ਲਈ ਕਿਹਾ।

ਉਨ੍ਹਾਂ ਸਿੱਖ ਆਗੂਆਂ ਨੇ ਮੰਗ ਪੱਤਰ ਦਿੰਦੇ ਕਿਹਾ ਕਿ ਗੁਰਬਾਣੀ ਕੋਈ ਸੰਸਾਰਿਕ ਵਸਤੂ ਨਹੀਂ ਜਿਸ ਨੂੰ ਕੁਝ ਦਮੜਿਆਂ ਬਦਲੇ ਕਿਸੇ ਇੱਕ ਟੀ.ਵੀ ਚੈਨਲ ਨੂੰ ਵੇਚਿਆ ਜਾਵੇ ਸਗੋਂ ਸਰਬੱਤ ਦੀ ਭਲੇ ਲਈ ਅਕਾਲ ਪੁਰਖ ਦਾ ਇੱਕ ਸਰਬਸ਼ਾਂਝਾ ਸੰਦੇਸ਼ ਹੈ ਜਿਹੜਾ ਦੁਨੀਆਂ ਦੇ ਕੋਨੇ-ਕੋਨੇ ਵਿਚ ਪਹੁੰਚਣਾ ਚਾਹੀਦਾ ਹੈ।

ਉਨ੍ਹਾਂ ਸ੍ਰੋਮਣੀ ਕਮੇਟੀ ਨੂੰ ਮਿਸ਼ਨਰੀ ਸੰਸਥਾ ਆਖਦੇ ਹੋਏ ਕਿਹਾ ਹੈ ਕਿ ਕੁਝ ਰਕਮ ਬਦਲੇ ਇੱਕ ਟੀ.ਵੀ ਚੈਨਲ ਨੂੰ ਕੀਰਤਨ ਪ੍ਰਸਾਰਣ ਦੇ ਹੱਕ ਦੇਣ ਦੀ ਥਾਂ ਹਰ ਹਰ ਉਸ ਟੀ.ਵੀ ਜਾਂ ਰੇਡੀਓ ਚੈਨਲ ਨੂੰ ਮੁਫਤ ਸਿੰਗਨਲ ਮੁਹੱਇਆ ਕਰਵਾਉਣੇ ਚਾਹੀਦੇ ਹਨ ਜਿਹੜਾ ਵੀ ਸ੍ਰੀ ਦਰਬਾਰ ਸਾਹਿਬ ਦੀ ਮਰਿਯਾਦਾ ਦੀ ਪਾਲਣਾ ਕਰਦੇ ਹੋਏ ਗੁਰਬਾਣੀ ਕੀਰਤਨ ਪ੍ਰਸਾਰਨ ਕਰਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਦੀ ਇੱਛਾ ਹੈ ਕਿ ਸ੍ਰੀ ਦਰਬਾਰ ਸਾਹਿਬ ਤੋਂ ਹਰ ਸਮੇਂ ਗੁਰਬਾਣੀ ਦਾ ਖੁੱਲ੍ਹਾ ਪ੍ਰਸਾਰਨ ਚੱਲੇ।

ਧਰਮਯੁੱਧ ਮੋਰਚੇ ਤੋਂ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਤੇ ਜਿੰਨ੍ਹੇ ਵੀ ਮੋਰਚੇ ਲੱਗੇ ਹਨ ਸਾਰਿਆਂ ਵਿਚ ਹੀ ਦਰਬਾਰ ਸਾਹਿਬ ਤਂਖ ਸਿੱਧੇ ਪ੍ਰਸਾਰਨ ਦੀ ਮੰਗ ਪ੍ਰਮੁੱਖ ਰਹੀ ਹੈ। ਇਸ ਲਈ ਸ੍ਰੀ ਦਰਬਾਰ ਸਾਹਿਬ ਤੋਂ ਕੀਰਤਨ ਪ੍ਰਸਾਰਨ ਦੀ ਇਜ਼ਾਜ਼ਤ ਬੜੇ ਵੱਡੇ ਸੰਘਰਸਾਂ ਤੋਂ ਬਾਅਦ ਮਿਲੀ ਹੈ ਇਸ ਲਈ ਗੁਰਬਾਣੀ ਪ੍ਰਸ਼ਾਰਨ ਦਾ ਹੱਕ ਇੱਕ ਨਿੱਜੀ ਚੈਨਲ ਨੂੰ ਦੇਣਾ ਸਰਾਸਰ ਗਲਤ ਹੈ।

ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ 18 ਨਵੰਬਰ 2014 ਨੂੰ ਆਪ ਜੀ ਨੂੰ ਲਿਖੇ ਇੱਕ ਪੱਤਰ ਰਾਹੀ ਇਹ ਮਾਮਲਾ ਪਹਿਲਾ ਵੀ ਧਿਆਨ ਵਿਚ ਲਿਆਂਦਾ ਜਾ ਚੁੱਕਿਆ ਹੈ।

ਜਥੇਦਾਰ ਸਾਹਿਬ ਨੂੰ ਇਹ ਵੀ ਦੱਸਿਆ ਗਿਆ ਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵਿਚ ਬਹੁਮੱਤ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ 1996 ਅਤੇ 2004 ਵਿਚ ਹੋਈ ਸ਼੍ਰੋਮਣੀ ਕਮੇਟੀ ਦੀ ਜਨਰਲ ਚੋਣ ਸਮੇਂ ਚੋਣ ਮੈਨੀਫੈਸਟੋ ਵਿਚ ਸਿੱਖ ਸੰਗਤ ਨਾਲ ਇਹ ਵਾਅਦਾ ਕੀਤਾ ਸੀ ਕਿ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸ਼੍ਰੋਮਣੀ ਕਮੇਟੀ ਆਪਣਾ ਟੀ.ਵੀ. ਚੈਨਲ ਸਥਾਪਤ ਕਰੇਗੀ।

ਪਰ ਸਿੱਖ ਸੰਗਤ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਨ ਦੀ ਥਾਂ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਦੇ ਅਧਿਕਾਰ ਇੱਕ ਨਿੱਜੀ ਟੀਵੀ ਚੈਨਲ ਨੂੰ ਦੇ ਕੇ ਸੰਗਤ ਨਾਲ ਵਿਸ਼ਵਾਸ਼ਘਾਤ ਕੀਤਾ ਗਿਆ ਹੈ। ਵਫਦ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿਰਫ਼ ਇੱਕ ਚੈਨਲ ਨੂੰ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਦੇ ਹੱਕ ਦੇ ਕੇ ਸ਼੍ਰੋਮਣੀ ਕਮੇਟੀ ਆਪ ਹੀ ਗੁਰਬਾਣੀ ਦੇ ਚਾਨਣ ਨੂੰ ਕੀਰਤਨ ਰਾਹੀਂ ਘਰ ਘਰ ਪਹੁੰਚਣ ਦੇ ਰਾਹ ਵਿਚ ਰੋੜਾ ਬਣ ਰਹੀ ਹੈ।

ਜਥੇਦਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ, ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਜੱਥੇਦਾਰ ਸਾਹਿਬ ਨੇ ਉਹਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨਾਲ ਗੱਲ ਕਰ ਕੇ ਇਸ ਮਾਮਲੇ ਦਾ ਹੱਲ ਕੱਢਣਗੇ।

ਇਸ ਵਫਦ ਵਿਚ ਤੋਂ ਸ੍ਰੀ ਬਾਜਵਾ ਤੋਂ ਬਿਨਾਂ ਅਮਰੀਕ ਸਿੰਘ ਸ਼ਾਹਪੁਰ, ਸੁਰਜੀਤ ਸਿੰਘ ਤੁਗਲਵਾਲਾ, ਜਸਵੰਤ ਸਿੰਘ ਪੁੜੈਣ (ਸਾਰੇ ਸ਼੍ਰੋਮਣੀ ਕਮੇਟੀ ਮੈਂਬਰ), ਭਗਵੰਤਪਾਲ ਸਿੰਘ ਸੱਚਰ, ਮੈਂਬਰ, ਕਾਕਾ ਸੁਖਜੀਤ ਸਿੰਘ ਲੋਹਗੜ੍ਹ, ਗਵਰਨਿੰਗ ਕੌਂਸਲ ਖਾਲਸਾ ਕਾਲਜ ਅਤੇ ਚੀਫ ਖਾਲਸਾ ਦੀਵਾਨ ਸ਼ਾਮਲ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: