Site icon Sikh Siyasat News

ਲਗਭਗ 3000 ਸਿੱਖ, ਗੁਰੂ ਨਾਨਕ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਉਣ 2 ਨਵੰਬਰ ਨੂੰ ਨਨਕਾਣਾ ਸਾਹਿਬ ਜਾਣਗੇ

ਅੰਮ੍ਰਿਤਸਰ: ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਗੁਰਦੁਆਰਾ ਜਨਮ ਅਸਥਾਨ, ਜ਼ਿਲ੍ਹਾ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਭੇਜੇ ਜਾਣ ਵਾਲੇ ਸਿੱਖ ਯਾਤਰੀਆਂ ਦੇ ਜਥਿਆਂ ਲਈ ਭਾਰਤੀ ਵਿਦੇਸ਼ ਮੰਤਰਾਲੇ ਵਲੋਂ ਨਵੀਂ ਦਿੱਲੀ ਸਥਿਤ ਪਾਕਿਸਤਾਨ ਦੂਤਘਰ ਨੂੰ ਪ੍ਰਵਾਨਗੀ ਦੇ ਦਿੱਤੇ ਜਾਣ ਦੀ ਜਾਣਕਾਰੀ ਮਿਲੀ ਹੈ, ਜਿਸ ਤੋਂ ਬਾਅਦ 2 ਨਵੰਬਰ ਨੂੰ ਭਾਰਤ ਦੇ ਕਬਜ਼ੇ ਵਾਲੇ ਪੰਜਾਬ ਅਤੇ ਭਾਰਤ ਦੇ ਹੋਰ ਸੂਬਿਆਂ ਤੋਂ ਲਗਭਗ ਤਿੰਨ ਹਜ਼ਾਰ ਸਿੱਖ ਯਾਤਰੀਆਂ ਦੇ ਪਾਕਿਸਤਾਨ ਜਾਣ ਦਾ ਰਾਹ ਪੱਧਰਾ ਹੋ ਗਿਆ ਹੈ।

ਗੁਰਦੁਆਰਾ ਜਨਮ ਅਸਥਾਨ, ਨਨਕਾਣਾ ਸਾਹਿਬ ਦਾ ਮੁੱਖ ਦਰਵਾਜ਼ਾ

ਸ਼੍ਰੋਮਣੀ ਕਮੇਟੀ ਸੂਤਰਾਂ ਅਨੁਸਾਰ ਪਾਕਿ ਦੂਤਘਰ ਵਲੋਂ ਸੋਮਵਾਰ ਨੂੰ ਵੀਜ਼ੇ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਨੂੰ ਮਿਲ ਜਾਣ ਦੀ ਸੰਭਾਵਨਾ ਹੈ। ਜ਼ਿਕਰਯੋਗ ਹੈ ਕਿ ਜੂਨ ਮਹੀਨੇ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਪੁਰਬ ਮੌਕੇ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਭੇਜੇ ਜਾਂਦੇ ਸਿੱਖ ਜਥਿਆਂ ਨੂੰ ਨਾਨਕਸ਼ਾਹੀ ਕੈਲੰਡਰ ਦੀਆਂ ਤਰੀਕਾਂ ਅਤੇ ਭਾਰਤ ਸਰਕਾਰ ਵਲੋਂ ਸੁਰੱਖਿਆ ਕਾਰਨਾਂ ਦੱਸ ਕੇ ਜਾਣ ਦੀ ਇਜ਼ਾਜਤ ਨਹੀਂ ਸੀ ਦਿੱਤੀ ਗਈ।

ਮੁੱਖ ਮਾਰਗ ਤੋਂ ਨਨਕਾਣਾ ਸਾਹਿਬ ਜਾਣ ਵਾਲੇ ਰਾਹ ‘ਤੇ ਬਣਿਆ ਗੇਟ (ਫਾਈਲ ਫੋਟੋ)

ਜ਼ਿਕਰਯੋਗ ਹੈ ਕਿ ਇਸ ਵਾਰ ਸਿੱਖ ਸ਼ਰਧਾਲੂਆਂ ਦਾ ਜਥਾ 2 ਨਵੰਬਰ ਨੂੰ ਅਟਾਰੀ ਰੇਲਵੇ ਸਟੇਸ਼ਨ ਤੋਂ ਤਿੰਨ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਵੇਗਾ ਤੇ ਸਿੱਧਾ ਗੁਰਦੁਆਰਾ ਜਨਮ ਅਸਥਾਨ, ਜ਼ਿਲ੍ਹਾ ਨਨਕਾਣਾ ਸਾਹਿਬ ਵਿਖੇ ਪੁੱਜੇਗਾ ਜਿੱਥੇ 3 ਤੇ 4 ਨਵੰਬਰ ਨੂੰ ਪ੍ਰਕਾਸ਼ ਪੁਰਬ ਮਨਾਉਣ ਉਪਰੰਤ ਪਾਕਿਸਤਾਨ ਦੇ ਬਾਕੀ ਗੁਰਧਾਮਾਂ ਦੇ ਦਰਸ਼ਨ ਕਰਕੇ ਵਾਪਸ ਪਰਤ ਆਵੇਗਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version