ਅੰਮ੍ਰਿਤਸਰ (5 ਨਵੰਬਰ, 2023): ਲੰਮੇ ਸਮੇਂ ਤੋਂ ਇੰਡੀਆ ਦੀਆਂ ਜੇਲ੍ਹਾਂ ਵਿਚ ਕੈਦ ਬੰਦੀ ਸਿੰਘਾਂ ਸਮੇਤ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ “ਵਾਰਿਸ ਪੰਜਾਬ ਦੇ” ਦੇ ਮੁਖੀ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਰਿਹਾਈ ਲਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ ਤੇ ਹੋਰ ਸੰਬੰਧਿਤ ਪਰਿਵਾਰਾਂ ਵੱਲੋਂ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ ਗਈ।
ਐਤਵਾਰ (5 ਨਵੰਬਰ) ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਤੋਂ ਪਹਿਲਾਂ ਗੁ: ਸ੍ਰੀ ਦੁੱਖ ਭੰਜਨੀ ਬੇਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜ ਤਖ਼ਤ ਸਾਹਿਬਾਨਾਂ ਤੇ ਅਰਦਾਸ ਸਮਾਗਮ ਕਰਨ ਦੀ ਸ਼ੁਰੂਆਤ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਅਰਦਾਸ ਸਮਾਗਮ ਨਾਲ ਸ਼ੁਰੂ ਕੀਤੀ ਗਈ ਹੈ।
ਪਹਿਲਾਂ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਤੇ ਫਿਰ ਦਸ ਵਜੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਏ ਸਮਾਗਮ ਵਿੱਚ ਬੰਦੀ ਛੋੜ ਦਾਤੇ ਸਤਿਗੁਰੂ ਹਰਗੋਬਿੰਦ ਸਾਹਿਬ ਸੱਚੇ ਪਾਤਸ਼ਾਹ ਜੀ ਦੇ ਚਰਨ ਕਮਲਾਂ ਵਿੱਚ ਅਰਦਾਸ ਬੇਨਤੀ ਕੀਤੀ ਕਿ ਸਮੂਹ ਬੰਦੀ ਅਤੇ ਨਜ਼ਰਬੰਦ ਸਿੰਘਾਂ ਵਿਰੁੱਧ ਹਕੂਮਤਾਂ ਵੱਲੋਂ ਬੁਣੇ ਝੂਠ ਦੇ ਜਾਲ ਨੂੰ ਕੱਟਣ ਦੀ ਸਤਿਗੁਰੂ ਸਾਹਿਬ ਕਿਰਪਾ ਕਰੋ ਜੀ।
“ਵਾਰਿਸ ਪੰਜਾਬ ਦੇ” ਵੱਲੋਂ ਸਿੱਖ ਸਿਆਸਤ ਨੂੰ ਈਮੇਲ ਰਾਹੀਂ ਭੇਜੀ ਗਈ ਜਾਣਕਾਰੀ ਅਨੁਸਾਰ ਇਸ ਅਰਦਾਸ ਸਮਾਗਮ ਵਿੱਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਸ. ਤਰਸੇਮ ਸਿੰਘ, ਬਾਬਾ ਬਖ਼ਸ਼ੀਸ਼ ਸਿੰਘ, ਜਸਕਰਨ ਸਿੰਘ ਕਾਹਨ ਸਿੰਘ ਵਾਲਾ , ਜੰਗੀ ਬਾਬਾ ਹਰਦੀਪ ਸਿੰਘ ਉਰਫ਼ ਚੜ੍ਹਤ ਸਿੰਘ ਖ਼ਾਲਸਾ , ਰਜਿੰਦਰ ਸਿੰਘ ਖ਼ਾਲਸਾ, ਕੁਲਵਿੰਦਰ ਸਿੰਘ, ਬਲਵੰਤ ਸਿੰਘ ਗੋਪਾਲਾ ਅਤੇ ਹੋਰਨਾਂ ਨੇ ਸ਼ਮੂਲੀਅਤ ਕੀਤੀ।