June 3, 2018 | By ਸਿੱਖ ਸਿਆਸਤ ਬਿਊਰੋ
ਚੰਡੀਗੜ੍ਹ: ਮੇਘਾਲਿਆ ਦੀ ਰਾਜਧਾਨੀ ਸ਼ਿਲੌਂਗ ਵਿਚ ਸਿੱਖ ਭਾਈਚਾਰੇ ਉੱਤੇ ਵੱਡੇ ਨਸਲੀ ਹਮਲੇ ਦੀ ਖਬਰ ਹੈ ਜਿਸ ਵਿਚ ਸ਼ਹਿਰ ਦੇ ਪੰਜਾਬੀ ਇਲਾਕੇ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਸ਼ਹਿਰ ਵਿਚ ਸਿੱਖ ਘਰਾਂ ਅਤੇ ਸਿੱਖ ਗੁਰਦੁਆਰਾ ਸਾਹਿਬਾਨ ਨੂੰ ਨਿਸ਼ਾਨਾ ਬਣਾਉਣ ਦੀਆਂ ਖ਼ਬਰਾਂ ਨੇ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਨੂੰ ਫਿਕਰਮੰਦ ਕਰ ਦਿੱਤਾ ਹੈ।
ਮੀਡੀਆ ਰਿਪੋਰਟਾਂ ਅਨੁਸਾਰ ਸ਼ਿਲੋਂਗ ਸ਼ਹਿਰ ਦੇ ਸਿੱਖ ਵਸੋਂ ਵਾਲੇ ਇਲਾਕਿਆਂ ਵਿਚ ਲਗਾਤਾਰ ਤੀਜੇ ਦਿਨ ਤਣਾਅ ਵਾਲੀ ਸਥਿਤੀ ਬਣੀ ਹੋਈ ਹੈ ਅਤੇ ਕਰਫਿਊ ਲਾ ਦਿੱਤਾ ਗਿਆ ਹੈ।
ਇੰਡੀਅਨ ਐਕਸਪ੍ਰੈਸ ਦੀ ਰਿਪੋਰਟ ਅਨੁਸਾਰ ਸਿੱਖ ਪਰਿਵਾਰਾਂ ਦੇ ਘਰਾਂ ਨੂੰ ਭੀੜ ਵਲੋਂ ਅੱਗ ਲਾ ਦਿੱਤੀ ਗਈ। ਰਿਪੋਰਟ ਅਨੁਸਾਰ ਇਕ ਸਿੱਖ ਵਿਅਕਤੀ ਸਨੀ ਸਿੰਘ ਨੇ ਦੱਸਿਆ ਕਿ ਪੰਜਾਬੀ ਇਲਾਕੇ ਵਿਚ ਐਨਾ ਦਹਿਸ਼ਤ ਦਾ ਮਾਹੌਲ ਹੈ ਕਿ ਉਹ ਦੋ ਰਾਤਾਂ ਤੋਂ ਸੋ ਨਹੀਂ ਸਕੇ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੇਘਾਲਿਆ ਦੇ ਮੁੱਖ ਮੰਤਰੀ ਕੋਨਰਾਡ ਸੰਗਮਾ ਨੂੰ ਫੋਨ ਕਰਕੇ ਸਥਿਤੀ ‘ਤੇ ਚਿੰਤਾ ਪ੍ਰਗਟ ਕਰਦਿਆਂ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ।
ਜਾਰੀ ਬਿਆਨ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੀਤੇ ਸਮੇਂ ਦੌਰਾਨ ਭਾਰਤ ਦੇ ਵੱਖ-ਵੱਖ ਖੇਤਰਾਂ ਵਿਚ ਸਿੱਖਾਂ ਉੱਤੇ ਹੋਏ ਹਮਲੇ ਵੱਡੀ ਚਿੰਤਾ ਦਾ ਵਿਸ਼ਾ ਹਨ। ਉਹਨਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਭਾਈਚਾਰਕ ਸਾਂਝ ਲਈ ਵੱਡਾ ਖਤਰਾ ਸਾਬਿਤ ਹੋ ਸਕਦੀਆਂ ਹਨ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂਆਂ ਸੁਖਬੀਰ ਸਿੰਘ ਬਾਦਲ ਅਤੇ ਮਨਜੀਤ ਸਿੰਘ ਜੀ.ਕੇ ਨੇ ਭਾਰਤ ਸਰਕਾਰ ਦੇ ਨੁਮਾਂਇੰਦਿਆਂ ਨਾਲ ਮੁਲਾਕਾਤ ਕਰਕੇ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ। ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਮੇਘਾਲਿਆ ਦੇ ਮੁੱਖ ਮੰਤਰੀ ਨਾਲ ਗੱਲ ਕਰਨ ਅਤੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਥਿਤੀ ਦਾ ਜਾਇਜ਼ਾ ਲੈਣ ਲਈ ਸ਼ਿਲੌਂਗ ਇਕ ਦਲ ਭੇਜਿਆ ਜਾ ਰਿਹਾ ਹੈ।
Related Topics: Attack on Sikhs in India, Captain Amrinder Singh Government, DSGMC, Meghalya Government, Rajnath Singh, SGPC, sukhbir singh badal