ਚੰਡੀਗੜ: ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਬਣਾਈ ਜਾਣ ਵਾਲੀ ‘ਬਾਬਾ ਗੁਰੂ ਨਾਨਕ ਯੂਨੀਵਰਸਿਟੀ’ ਦਾ ਸਥਾਨ ਸ੍ਰੀ ਨਨਕਾਣਾ ਸਾਹਿਬ ਦੀ ਥਾਂ ਮੁਰੀਦਕੇ ਜਿਲ੍ਹਾ ਸ਼ੇਖੂਪੁਰਾ ਵਿਖੇ ਤਬਦੀਲ ਕਰਨ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਹ ਯੂਨੀਵਰਸਿਟੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਬਣਾਈ ਜਾਣੀ ਚਾਹੀਦੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਯੂਨੀਵਰਸਿਟੀ ਬਣਾਉਣ ਦਾ ਫੈਸਲਾ ਕਰਨ ਸਮੇਂ ਇਹ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਸਥਾਪਤ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਇਸ ਦਾ ਸਥਾਨ ਬਦਲਣ ਦੀਆਂ ਮੀਡੀਆ ਰਿਪੋਰਟਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਪਾਕਿਸਤਾਨ ਸਰਕਾਰ ਦਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਯਨੀਵਰਸਿਟੀ ਬਣਾਉਣ ਦਾ ਫੈਸਲਾ ਸ਼ਲਾਘਾਯੋਗ ਹੈ ਪਰ ਇਹ ਜ਼ਰੂਰੀ ਹੈ ਕਿ ਇਸ ਦੀ ਸਥਾਪਨਾ ਵੀ ਗੁਰੂ ਜੀ ਦੇ ਪ੍ਰਕਾਸ਼ ਅਸਥਾਨ ਵਿਖੇ ਹੀ ਹੋਵੇ।
ਉਨ੍ਹਾਂ ਆਖਿਆ ਕਿ 2019 ਵਿਚ ਆ ਰਹੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਅੱਜ ਜਦੋਂ ਸਿੱਖ ਜਗਤ ਵੱਲੋਂ ਤਿਆਰੀਆਂ ਆਰੰਭੀਆਂ ਜਾ ਚੁੱਕੀਆਂ ਹਨ, ਤਾਂ ਉਦੋਂ ਯੂਨੀਵਰਸਿਟੀ ਸ੍ਰੀ ਨਨਕਾਣਾ ਸਾਹਿਬ ਦੀ ਥਾਂ ਹੋਰ ਜਗ੍ਹਾ ਬਣਾਉਣ ਦੀਆਂ ਕਨਸੋਆਂ ਨਾਲ ਸਿੱਖ ਸੰਗਤਾਂ ਵਿਚ ਰੋਸ ਦੀ ਭਾਵਨਾ ਪਾਈ ਜਾ ਰਹੀ ਹੈ।
ਉਨ੍ਹਾਂ ਨੇ ਇਸ ਸਬੰਧ ਵਿਚ ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਪੱਤਰ ਲਿਖਦਿਆਂ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਦੀ ਮੰਗ ਵੀ ਕੀਤੀ। ਪੱਤਰ ਵਿਚ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਨਾਲ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ, ਜਿਨ੍ਹਾਂ ਨੂੰ ਧਿਆਨ ਵਿਚ ਰੱਖਦਿਆਂ ਪਾਕਿਸਤਾਨ ਸਰਕਾਰ ਨੂੰ ਯੂਨੀਵਰਸਿਟੀ ਦਾ ਸਥਾਨ ਤਬਦੀਲ ਕਰਨ ਲਈ ਕਿਹਾ ਜਾਵੇ।
ਜ਼ਿਕਰਯੋਗ ਹੈ ਕਿ ਲੰਘੀ 4 ਸਤੰਬਰ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵੱਲੋਂ ਯੂਨੀਵਰਸਿਟੀ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਸਥਾਪਤ ਕਰਨ ਦੀ ਮੰਗ ਦਾ ਇੱਕ ਮਤਾ ਪਾਸ ਕਰਦਿਆਂ ਇਸ ਸਬੰਧੀ ਪੁਰਜ਼ੋਰ ਯਤਨ ਕਰਨ ਦਾ ਫੈਸਲਾ ਕੀਤਾ ਗਿਆ ਸੀ।