ਸਿੱਖ ਖਬਰਾਂ

ਜੱਥੇਦਾਰ ਨੰਦਗੜ੍ਹ ਨੂੰ ਅਹੁਦੇ ਤੋਂ ਫਾਰਗ ਕਰਨ ਲਈ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੇ ਅਗਾਊਂ ਕਰਵਾਏ ਜਾ ਰਹੇ ਹਨ ਦਸਤਖਤ: ਦਲ ਖਾਲਸਾ

January 12, 2015 | By

ਅੰਮ੍ਰਿਤਸਰ (11 ਜਨਵਰੀ, 2015): ਸਿੱਖ ਹਿੱਤਾਂ ਲਈ ਸੰਘਰਸ਼ਸ਼ੀਲ ਜਥੇਬੰਦੀ ਦਲ ਖ਼ਾਲਸਾ ਨੇ ਦਾਅਵਾ ਕੀਤਾ ਹੈ ਕਿ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਹੁਕਮਾਂ ਨਾਲ ਸ਼੍ਰੋਮਣੀ ਕਮੇਟੀ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਅਹੁਦੇ ਤੋਂ ਹਟਾ ਰਹੀ ਹੈ ਅਤੇ ਇਸ ਸਬੰਧੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੇ ਅਗਾਊਂ ਹੀ ਦਸਤਖ਼ਤ ਹਾਸਲ ਕਰਨ ਲਈ ਮੁਹਿੰਮ ਚਲਾਈ ਗਈ ਹੈ। ਇਸ ਸਬੰਧੀ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਆਪਣੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ 17 ਜਨਵਰੀ ਨੂੰ ਸੱਦੀ ਹੈ।

jathedar-nandgarh

ਗਿਆਨੀ ਬਲਵੰਤ ਸਿੰਘ ਨੰਦਗੜ੍ਹ

ਨਾਨਕਸ਼ਾਹੀ ਕੈਲੰਡਰ ਨੂੰ ਬਿਕਰਮੀ ਕੈਲੰਡਰ ਵਿੱਚ ਤਬਦੀਲ ਕਰਨ ’ਚ ਅੜਿੱਕਾ ਬਣ ਰਹੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਹਟਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ  ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਹੋਣ ਵਾਲੀ ਮੀਟਿੰਗ ਵਿੱਚ ਇਸ ਸਬੰਧੀ ਫ਼ੈਸਲਾ ਕੀਤੇ ਜਾਣ ਦੀ ਸੰਭਾਵਨਾ ਹੈ ।

ਸ਼੍ਰੋਮਣੀ ਕਮੇਟੀ ਦੇ ਸੂਤਰਾਂ ਮੁਤਾਬਕ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਾਘੀ ਮੇਲੇ ਮਗਰੋਂ 17 ਜਨਵਰੀ ਨੂੰ ਸੱਦੀ ਗਈ ਹੈ, ਪਰ ਮੀਟਿੰਗ ਦੇ ਏਜੰਡੇ ਵਿੱਚ ਇਸ ਮਾਮਲੇ ਦਾ ਕੋਈ ਜ਼ਿਕਰ ਨਹੀਂ ਹੈ, ਪਰ ਇਹ ਮਾਮਲਾ ਬਿਨਂ ਏਜੰਡੇ ਤੋਂ ਮੀਟਿੰਗ ’ਚ ਵਿਚਾਰਿਆ ਜਾ ਸਕਦਾ ਹੈ।

ਪਾਰਟੀ ਬੁਲਾਰੇ ਕੰਵਰਪਾਲ ਸਿੰਘ ਅਤੇ ਸੀਨੀਅਰ ਆਗੂ ਸਤਨਾਮ ਸਿੰਘ ਪਾਉਂਟਾ ਸਾਹਿਬ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੇ ਆਪਣੇ ਨੇੜਲੇ, ਪਰ ਸੀਨੀਅਰ ਆਗੂਆਂ ਦੀ ਡਿਊਟੀ ਲਾਈ ਹੈ ਕਿ ਉਹ ਕਮੇਟੀ ਦੇ ਮੈਂਬਰਾਂ ਨਾਲ ਸੰਪਰਕ ਕਰਕੇ ਉਨ੍ਹਾਂ ਵੱਲੋਂ ਜਥੇਦਾਰ ਨੰਦਗੜ੍ਹ ਨੂੰ ਹਟਾਉਣ ਲਈ ਅਗਾਊਂ ਹੀ ਦਸਤਖ਼ਤ ਹਾਸਲ ਕਰਨ।

ਉਨ੍ਹਾਂ ਕਿਹਾ ਕਿ ਨਾਨਕਸਰ ਸੰਪਰਦਾ ਅਤੇ ਸੰਤ ਸਮਾਜ ਨੂੰ ਖੁਸ਼ ਕਰਨ ਲਈ ਜਥੇਦਾਰ ਨੰਦਗੜ੍ਹ ਨੂੰ ਹਟਾਇਆ ਜਾ ਰਿਹਾ ਹੈ, ਕਿਉਂਕਿ  ਉਨ੍ਹਾਂ ਨੇ ਸੰਤ ਸਮਾਜ ਵੱਲੋਂ ਨਾਨਕਸ਼ਾਹੀ ਕੈਲੰਡਰ ਨੂੰ ਮੁੜ ਬਿਕਰਮੀ ਵਿੱਚ ਬਦਲਣ ਦੇ ਫ਼ੈਸਲੇ ਦਾ ਨਾ ਕੇਵਲ ਸਖ਼ਤ ਵਿਰੋਧ ਕੀਤਾ, ਸਗੋਂ ਸੰਤ ਸਮਾਜ ਉੱਤੇ ਅਜਿਹਾ ਆਰਐਸਐਸ ਦੇ ਇਸ਼ਾਰੇ ’ਤੇ ਕਰਨ ਦਾ ਦੋਸ਼ ਲਾਇਆ ਹੈ।

ਉਨ੍ਹਾਂ ਕਿਹਾ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਆਪਣੇ ਸਾਥੀ ਜਥੇਦਾਰ ਦੇ ਨਾਲ ਇਸ ਔਖੇ ਵੇਲੇ ਖੜ੍ਹੇ ਹੋਣ ਅਤੇ ਉਨ੍ਹਾਂ  ਨੂੰ ਅਪਮਾਨਤ ਕਰਕੇ ਅਹੁਦੇ ਤੋਂ ਫਾਰਗ ਕਰਨ ਦੀ ਪਿਰਤ ਨੂੰ ਰੋਕਣ ਲਈ ਦ੍ਰਿੜ੍ਹ ਸਟੈਂਡ ਲੈਣ। ਜੇਕਰ ਸ਼੍ਰੋਮਣੀ ਕਮੇਟੀ ਜਥੇਦਾਰ ਨੂੰ ਹਟਾਉਣ ਦਾ ਆਪ-ਹੁਦਰਾ ਅਤੇ ਰਾਜਨੀਤੀ ਤੋਂ ਪ੍ਰੇਰਿਤ ਫ਼ੈਸਲਾ ਕਰਦੀ ਹੈ ਤਾਂ ਇਸ ਨਾਲ ਪੰਥਕ ਹਲਕਿਆਂ ਵਿੱਚ ਗੁੱਸੇ ਦੀ ਲਹਿਰ ਦੌੜੇਗੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,