ਪ੍ਰਕਾਸ਼ ਸਿੰਘ ਬਾਦਲ

ਸਿਆਸੀ ਖਬਰਾਂ

ਬਾਦਲ ਦੋਸ਼ੀ ਵਿਅਕਤੀਆਂ ਅਤੇ ਪੁਲਿਸ ਮੁਲਾਜਮਾਂ ਤੇ ਕਾਰਵਾਈ ਦੀ ਥਾਂ ਪਸ਼ਚਾਤਾਪ ਅਰਦਾਸਾਂ ਕਰਨ ਲੱਗੇ

By ਸਿੱਖ ਸਿਆਸਤ ਬਿਊਰੋ

October 19, 2015

ਆਨੰਦਪੁਰ ਸਾਹਿਬ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦਾ ਪਸ਼ਚਾਤਾਪ ਕਰਨ ਲਈ ਪਿਸ਼ਲੇ ਦਿਨੀ ਮੁੱਖ ਮੰਤਰੀ ਪੰਜਾਬ ਸ.ਪ੍ਰਕਾਸ਼ ਸਿੰਘ ਬਾਦਲ ਵੱਲੋਂ ਦਰਬਾਰ ਸਾਹਿਬ ਵਿਖੇ ਪਸ਼ਚਾਤਾਪ ਅਰਦਾਸ ਕੀਤੀ ਗਈ ਸੀ ਤੇ ਹੁਣ ੨੧ ਅਕਤੂਬਰ ਨੂੰ ਬਾਦਲ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਸੂਬੇ ਦੀ ਅਮਨ ਸ਼ਾਂਤੀ ਕਾਇਮ ਰੱਖਣ ਲਈ ਅਰਦਾਸ ਕਰਨਗੇ।

ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ, ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀਆਂ ਨੂੰ ਸਰਕਾਰ ਹਰ ਹਾਲ ਵਿੱਚ ਕਾਬੂ ਕਰਕੇ ਸਖਤ ਸਜ਼ਾ ਦੁਆਏਗੀ।ਭਾਈ ਚਾਵਲਾ ਨੇ ਦੱਸਿਆ ਕਿ ੧੯ ਅਕਤੂਬਰ ਨੂੰ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਅਖੰਡ ਪਾਠ ਆਰੰਭ ਕਰਵਾਏ ਜਾਣ ਮੌਕੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਪਹੁੰਚਣਗੇ ਜਦਕਿ ੨੧ ਅਕਤੂਬਰ ਨੂੰ ਭੋਗ ਮੌਕੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਥ ਅਤੇ ਪੰਜਾਬ ਦੀ ਚੜਦੀ ਕਲਾ ਲਈ ਅਰਦਾਸ ਕਰਨਗੇ। ਪਿੰਡ ਬਰਿਆੜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਖਿਲਾਫ ਸਿੱਖ ਸੰਗਤ ਦਾ ਰੋਹ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ।ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੀ ਮਾੜੀ ਕਾਰਗੁਜਾਰੀ ਦੇ ਚਲਦਿਆਂ ਕਈ ਅਕਾਲੀ ਲੀਡਰਾਂ ਵੱਲੋਂ ਅਸਤੀਫੇ ਦਿੱਤੇ ਜਾ ਰਹੇ ਹਨ ਜਿਸ ਦਾ ਅਸਰ ਪ੍ਰਕਾਸ਼ ਸਿੰਘ ਬਾਦਲ ਤੇ ਸਾਫ ਵੇਖਣ ਨੂੰ ਮਿਲ ਰਿਹਾ ਹੈ। ਪਰ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਸਿੱਖ ਸੰਗਤਾਂ ਦੇ ਰੋਹ ਨੂੰ ਠੰਢਾ ਕਰਨ ਲਈ ਕੋਈ ਪੁਖਤਾ ਕਦਮ ਨਹੀਂ ਚੁੱਕੇ ਗਏ।ਸਿੱਖ ਸੰਗਤਾਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਅਤੇ ਸਿੱਖ ਸੰਗਤਾਂ ‘ਤ ਗੋਲੀ ਚਲਾਉਣ ਵਾਲੇ ਪੁਲਿਸ ਮੁਲਾਜਮਾਂ ਅਤੇ ਅਧਿਕਾਰੀਆਂ ਨੂੰ ਸਜਾ ਦੇਣ ਦੀ ਮੰਗ ਕਰ ਰਹੀਆਂ ਹਨ।ਪਰ ਇਹਨਾਂ ਮੰਗਾਂ ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।ਪੰਜਾਬ ਵਿੱਚ ਧਰਨਿਆਂ ਦੇ ਚਲਦੇ ਪ੍ਰਸ਼ਾਸਨਿਕ ਢਾਂਚਾ ਪੂਰੀ ਤਰ੍ਹਾਂ ਫੇਲ ਹੋ ਚੁੱਕਿਆ ਹੈ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: