ਲੁਧਿਆਣਾ: ਹਲਕਾ ਲੁਧਿਆਣਾ ਦੱਖਣੀ ਵਿੱਚ ਬੀਤੀ ਦੇਰ ਰਾਤ ਬਾਦਲ ਦਲ ਦੇ ਉਮੀਦਵਾਰ ਹੀਰਾ ਸਿੰਘ ਗਾਬੜੀਆ ਤੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਦੇ ਸਮਰਥਕਾਂ ਵਿੱਚ ਝੜਪ ਹੋ ਗਈ। ਇਸ ਦੌਰਾਨ ਸਿਮਰਜੀਤ ਬੈਂਸ ਵਾਲ-ਵਾਲ ਬਚੇ। ਮੀਡੀਆ ਰਿਪੋਰਟਾਂ ਮੁਤਾਬਕ ਬੈਂਸ ਦਾ ਬਚਾਅ ਕਰਦਿਆਂ ਬੈਂਸ ਦੇ ਗੰਨਮੈਨ ਸੁਨੀਲ ਨੇ ਹਵਾ ਵਿੱਚ ਗੋਲੀਆਂ ਚਲਾ ਦਿੱਤੀਆਂ। ਟਕਰਾਅ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੇ ਉਚ ਅਧਿਕਾਰੀ ਮੌਕੇ ’ਤੇ ਪੁੱਜ ਗਏ। ਪੁਲਿਸ ਨੇ ਪੂਰਾ ਇਲਾਕਾ ਛਾਉਣੀ ਵਿੱਚ ਤਬਦੀਲ ਕਰ ਦਿੱਤਾ। ਥਾਣਾ ਡਾਬਾ ਦੀ ਪੁਲਿਸ ਨੇ ਸਿਮਰਜੀਤ ਬੈਂਸ ਦੇ ਗੰਨਮੈਨ ਸੁਨੀਲ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਸ ਦੌਰਾਨ ਹਲਕਾ ਦੱਖਣੀ ਤੋਂ ਬਾਦਲ-ਭਾਜਪਾ ਉਮੀਦਵਾਰ ਹੀਰਾ ਸਿੰਘ ਗਾਬੜੀਆ ਦੇ ਭਤੀਜੇ ਅਰਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਸ਼ੁੱਕਰਵਾਰ ਦੀ ਦੇਰ ਰਾਤ ਨੂੰ ਉਹ ਆਪਣੇ ਸਮਰਥਕਾਂ ਨਾਲ ਦਫ਼ਤਰ ਵਿੱਚ ਬੈਠੇ ਹੋਏ ਸਨ। ਇਸੇ ਦੌਰਾਨ ਸਿਮਰਜੀਤ ਸਿੰਘ ਬੈਂਸ ਤੇ ਉਨ੍ਹਾਂ ਦੇ ਸਮਰਥਕ ਦਫ਼ਤਰ ਆਏ ਤੇ ਕੁੱਟਮਾਰ ਸ਼ੁਰੂ ਕਰ ਦਿੱਤੀ ਅਤੇ ਦਫ਼ਤਰ ਦੀ ਭੰਨਤੋੜ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧ ਕਰਨ ’ਤੇ ਬੈਂਸ ਨੇ ਆਪਣੇ ਗੰਨਮੈਨ ਤੋਂ ਹਥਿਆਰ ਲੈ ਕੇ ਗੋਲੀਆਂ ਚਲਾ ਦਿੱਤੀਆਂ ਤੇ ਉਨ੍ਹਾਂ ਨੇ ਮੁਸ਼ਕਲ ਨਾਲ ਜਾਨ ਬਚਾਈ। ਦੂਜੇ ਪਾਸੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਉਹ ਆਪਣੇ ਸਮਰਥਕਾਂ ਨਾਲ ਕਿਸੇ ਪ੍ਰੋਗਰਾਮ ਵਿੱਚ ਹਿੱਸਾ ਲੈ ਕੇ ਵਾਪਸ ਆ ਰਹੇ ਸਨ। ਇਸੇ ਦੌਰਾਨ ਜਦੋਂ ਉਹ ਜਥੇਦਾਰ ਗਾਬੜੀਆ ਦੇ ਦਫ਼ਤਰ ਬਾਹਰੋਂ ਲੰਘ ਰਹੇ ਸਨ ਤਾਂ ਉਨ੍ਹਾਂ ਦੇ ਸਮਰਥਕਾਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ, ਪਰ ਉਹ ਵਾਲ-ਵਾਲ ਬਚ ਗਏ। ਉਨ੍ਹਾਂ ਦੇ ਗੰਨਮੈਨ ਨੇ ਹਵਾ ਵਿੱਚ ਗੋਲੀਆਂ ਚਲਾਈਆਂ, ਜਿਸ ਨਾਲ ਹਮਲਾਵਾਰ ਉਥੋਂ ਫ਼ਰਾਰ ਹੋ ਗਏ। ਉਨ੍ਹਾਂ ਤੁਰੰਤ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਥਾਣਾ ਡਾਬਾ ਦੇ ਐਸਐਚਓ ਹਰਪ੍ਰੀਤ ਸਿੰਘ ਨੇ ਕਿਹਾ ਕਿ ਪੁਲਿਸ ਨੇ ਕਾਂਸਟੇਬਲ ਸੁਨੀਲ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਮੁਲਜ਼ਮਾਂ ਦਾ ਪਤਾ ਲਾਇਆ ਜਾ ਰਿਹਾ ਹੈ ਤੇ ਜਲਦੀ ਹੀ ਉਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ।