ਖਾਸ ਖਬਰਾਂ

ਭਾਈ ਨਿੱਝਰ ਦਾ ਪਹਿਲਾ ਸ਼ਹੀਦੀ ਸਮਾਗਮ ਅੰਮ੍ਰਿਤਸਰ ਵਿੱਚ 18 ਜੂਨ ਨੂੰ

By ਸਿੱਖ ਸਿਆਸਤ ਬਿਊਰੋ

June 12, 2024

ਅੰਮ੍ਰਿਤਸਰ – ਦਲ ਖ਼ਾਲਸਾ ਵੱਲੋਂ ਭਾਈ ਹਰਦੀਪ ਸਿੰਘ ਨਿੱਝਰ ਦੇ ਪਹਿਲੇ ਸ਼ਹੀਦੀ ਦਿਹਾੜੇ ਮੌਕੇ 18 ਜੂਨ ਨੂੰ ਇਤਿਹਾਸਿਕ ਗੁਰਦੁਆਰਾ ਸੰਤੋਖਸਰ ਸਾਹਿਬ, ਅੰਮ੍ਰਿਤਸਰ ਵਿਖੇ ਪੰਥਕ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ 18 ਜੂਨ 2023 ਨੂੰ ਭਾਈ ਹਰਦੀਪ ਸਿੰਘ ਨਿੱਝਰ ਨੂੰ ਕੈਨੇਡਾ ਦੀ ਧਰਤੀ ਉੱਤੇ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ।

ਸ. ਪਰਮਜੀਤ ਸਿੰਘ ਮੰਡ ਨੇ ਬੀਤੇ ਕੱਲ ਅਕਾਲ ਤਖ਼ਤ ਸਕੱਤਰੇਤ ਵਿੱਚ ਸਿੰਘ ਸਾਹਿਬ ਜਥੇਦਾਰ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਕੈਨੇਡਾ ਦੀਆਂ ਸੰਗਤਾਂ ਦੀਆਂ ਭਾਵਨਾਵਾਂ ਤੋ ਉਹਨਾਂ ਨੂੰ ਜਾਣੂੰ ਕਰਵਾਇਆ। ਦਲ ਖ਼ਾਲਸਾ ਨੇ ਜਥੇਦਾਰ ਸਾਹਿਬ ਨੂੰ 18 ਜੂਨ ਦੇ ਭਾਈ ਨਿੱਝਰ ਦੇ ਸ਼ਹੀਦੀ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਸੱਦਾ ਪੱਤਰ ਸੌਂਪਿਆ। ਏਸੇ ਤਰਾਂ ਹਰਜਿੰਦਰ ਸਿੰਘ ਧਾਮੀ ਪ੍ਰਧਾਨ, ਸ਼੍ਰੋਮਣੀ ਕਮੇਟੀ ਨੂੰ ਵੀ ਸੱਦਾ ਦਿੱਤਾ ਗਿਆ। ਦਲ ਖ਼ਾਲਸਾ ਨੇ ਪੰਥਕ ਜਥੇਬੰਦੀਆਂ ਅਤੇ ਸੰਸਥਵਾਂ ਅਤੇ ਸ਼ਖਸ਼ੀਅਤਾਂ ਨੂੰ ਭਾਈ ਨਿੱਝਰ ਦੇ ਸ਼ਹੀਦੀ ਸਮਾਗਮ ਵਿੱਚ ਸ਼ਾਮਿਲ ਹੋਣ ਦਾ ਖੁੱਲਾ ਸੱਦਾ ਦਿੱਤਾ ਹੈ।

ਅੱਜ ਏਥੇ ਚੋਣਵੇਂ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਜਥੇਬੰਦੀ ਦੇ ਵਰਕਿੰਗ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਪੰਥ ਦੇ ਦੁਸ਼ਮਣਾਂ ਵੱਲੋਂ ਕੀਤੇ ਇਸ ਕਤਲ ਤੋਂ ਬਾਅਦ ਸੰਸਾਰ ਭਰ ਦੇ ਸਿੱਖਾਂ ਅੰਦਰ ਭਾਰਤ ਸਰਕਾਰ ਖਿਲਾਫ ਰੋਸ ਅਤੇ ਗੁੱਸੇ ਦੀ ਲਹਿਰ ਪੈਦਾ ਹੋਈ ਹੈ। ਇਸ ਮੌਕੇ ਭਾਈ ਮੰਡ ਨਾਲ ਪਾਰਟੀ ਦੇ ਅਹੁਦੇਦਾਰ ਪਰਮਜੀਤ ਸਿੰਘ ਟਾਂਡਾ ਅਤੇ ਰਣਬੀਰ ਸਿੰਘ ਸ਼ਾਮਿਲ ਸਨ। ਉਹਨਾਂ ਕਿਹਾ ਕਿ ਕੈਨੇਡਾ ਦੀ ਸਿੱਖ ਸੰਗਤ, ਗੁਰਦੁਆਰਾ ਕਮੇਟੀਆਂ ਅਤੇ ਭਾਈ ਨਿੱਝਰ ਦੇ ਪਰਿਵਾਰ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦੇ ਦਲ ਖ਼ਾਲਸਾ ਨੇ ਭਾਈ ਨਿੱਝਰ ਦਾ ਪਹਿਲਾ ਸ਼ਹੀਦੀ ਦਿਹਾੜਾ ਅੰਮ੍ਰਿਤਸਰ ਸਾਹਿਬ ਵਿਖੇ ਮਨਾਉਣ ਦਾ ਫੈਸਲਾ ਕੀਤਾ ਹੈ।

ਉਹਨਾਂ ਦੱਸਿਆ ਕਿ ਕੈਨੇਡਾ ਸਰਕਾਰ ਵੱਲੋਂ ਭਾਈ ਨਿੱਝਰ ਦੇ ਕਤਲ ਨਾਲ ਸੰਬੰਧਿਤ ਚਾਰ ਕਥਿਤ ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ।

ਭਾਈ ਮੰਡ ਨੇ ਪ੍ਰੋਗਰਾਮ ਬਾਰੇ ਵਿਸਥਾਰ ਨਾਲ ਗੱਲ-ਬਾਤ ਕਰਦਿਆਂ ਕਿਹਾ ਕਿ ਮਿਤੀ 18 ਜੂਨ ਨੂੰ ਸਵੇਰੇ 10 ਵਜੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਗੁ. ਸੰਤੋਖਸਰ ਸਾਹਿਬ (ਵਿਰਾਸਤੀ ਮਾਰਗ), ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਕੀਰਤਨ ਅਤੇ ਸ਼ਰਧਾਂਜਲੀ ਸਮਾਗਮ ਹੋਵੇਗਾ। ਉਹਨਾਂ ਕਿਹਾ ਕਿ ਸਮਾਗਮ ਵਿੱਚ ਪੰਥਕ ਜਥੇਬੰਦੀਆਂ ਦੇ ਆਗੂ ਵਿਦੇਸ਼ਾਂ ਅੰਦਰ ਸਿੱਖ ਆਗੂਆਂ ਦੇ ਕਾਤਲਾਂ ਤੋਂ ਬਾਅਦ ਵਿਸ਼ਵ ਪੱਧਰ ਤੇ ਪੈਦਾ ਹੋਏ ਹਾਲਾਤਾਂ ‘ਤੇ ਆਪਣੇ ਵਿਚਾਰ ਰੱਖਣਗੇ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: