ਦਾਸੂਵਾਲ/ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਅਕਾਲ ਤਖਤ ਸਾਹਿਬ ਦੀ ਆਨ-ਸ਼ਾਨ, ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਸ਼ਹਾਦਤ ਪਾਉਣ ਵਾਲੇ ਭਾਈ ਸੁਖਦੇਵ ਸਿੰਘ ਬੱਬਰ ਦੀ 25ਵੀਂ ਬਰਸੀ ਅੱਜ (13 ਅਗਸਤ) ਉਨ੍ਹਾਂ ਦੇ ਜੱਦੀ ਪਿੰਡ ਦਾਸੂਵਾਲ ਵਿਖੇ ਮਨਾਈ ਗਈ। ਦੇਸ਼-ਵਿਦੇਸ਼ ਦੀਆਂ ਪੰਥਕ ਜਥੇਬੰਦੀਆਂ ਅਤੇ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਗਏ ਸ਼ਹੀਦੀ ਦਿਹਾੜੇ ਮੌਕੇ ਬੁਲਾਰਿਆਂ ਨੇ ਜਿਥੇ ਭਾਈ ਸੁਖਦੇਵ ਸਿੰਘ ਬੱਬਰ ਵਲੋਂ ਸਿੱਖ ਸੰਗਰਸ਼ ਵਿੱਚ ਪਾਏ ਯੋਗਦਾਨ ਨੂੰ ਯਾਦ ਕੀਤਾ ਉਥੇ ਸ਼ਹੀਦ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਅਹਿਦ ਵੀ ਦੁਹਰਾਇਆ।
ਭਾਈ ਸੁਖਦੇਵ ਸਿੰਘ ਬੱਬਰ ਦੇ ਪਿੰਡ ਦਾਸੂਵਾਲ ਦੀ ਮੰਡੀ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ 11 ਅਗਸਤ ਨੂੰ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਹਾਜ਼ਰੀ ਭਰਨ ਅਤੇ ਭਾਈ ਸੁਖਦੇਵ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਹਿੱਤ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਜਰਮਨ ਤੋਂ ਪ੍ਰਧਾਨ ਭਾਈ ਭੁਪਿੰਦਰ ਸਿੰਘ ਭਲਵਾਨ, ਪ੍ਰਿੰਸੀਪਲ ਬਲਜਿੰਦਰ ਸਿੰਘ, ਭਾਈ ਧਿਆਨ ਸਿੰਘ ਮੰਡ, ਅੰਮ੍ਰਿਤ ਸੰਚਾਰ ਜਥਾ ਦੇ ਪੰਜ ਸਿੰਘ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਭਾਈ ਕਰਨੈਲ ਸਿੰਘ ਪੀਰ ਮੁਹੰਮਦ, ਦਲ ਖਾਲਸਾ ਦੇ ਭਾਈ ਸਰਬਜੀਤ ਸਿੰਘ ਘੁਮਾਣ, ਯੂਨਾੲਟਿਡ ਅਕਾਲੀ ਦਲ ਦੇ ਭਾਈ ਮੋਹਕਮ ਸਿੰਘ, ਭਾਈ ਸਤਨਾਮ ਸਿੰਘ ਮਨਾਵਾ, ਜਥੇਦਾਰ ਬਲਦੇਵ ਸਿੰਘ ਸਿਰਸਾ, ਹਲਕੇ ਤੋਂ ਸਾਬਕਾ ਬਾਦਲ ਦਲ ਦੇ ਵਿਧਾਇਕ ਵਿਰਸਾ ਸਿੰਘ ਵਲਟੋਹਾ, ਸ਼੍ਰੋਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਜਰਨੈਲ ਸਿੰਘ ਸਖੀਰਾ, ਤਰਨਤਾਰਨ ਤੋਂ ਡਾ: ਗੁਰਜਿੰਦਰ ਸਿੰਘ, ਸ੍ਰ: ਭੁਪਿੰਦਰ ਸਿੰਘ ਸਰਪੰਚ, ਅਕਾਲ ਖਾਲਸਾ ਦਲ ਦੇ ਭਾਈ ਸੁਰਿੰਦਰ ਸਿੰਘ ਤਾਲਿਬਪੁਰਾ ਪੁਜੇ ਹੋਏ ਸਨ।
ਰਾਗੀ ਸਿੰਘਾਂ ਨੇ ਇਲਾਹੀ ਬਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਪੰਥ ਪ੍ਰਸਿੱਧ ਢਾਡੀ ਜਥਾ ਭਾਈ ਤਰਸੇਮ ਸਿੰਘ ਮੋਰਾਂਵਾਲੀ ਦੇ ਢਾਡੀ ਜਥੇ ਨੇ ਸਿੱਖ ਸੰਘਰਸ਼ ਅਤੇ ਭਾਈ ਸੁਖਦੇਵ ਸਿੰਘ ਬੱਬਰ ਦੇ ਸੰਘਰਸ਼ ਵਿੱਚ ਪਾਏ ਯੋਗਦਾਨ ਦੀਆਂ ਗਾਥਾਵਾਂ ਸੁਣਾਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਭਾਈ ਸੁਖਦੇਵ ਸਿੰਘ ਬੱਬਰ ਦੇ ਭਰਾਤਾ ਭਾਈ ਮਹਿਲ ਸਿੰਘ ਦੀ ਧਰਮ ਸੁਪਤਨੀ ਬੀਬੀ ਗੁਰਮੀਤ ਕੌਰ ਅਤੇ ਉਨਹਾਂ ਦੀ ਬੇਟੀ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।