Site icon Sikh Siyasat News

‘ਆਪ’ ਦੀ ਸਰਕਾਰ ਆਉਣ ‘ਤੇ ਬਿਕਰਮ ਮਜੀਠੀਆ 15 ਅਪ੍ਰੈਲ ਤੋਂ ਪਹਿਲਾਂ ਜੇਲ੍ਹ ਵਿੱਚ ਹੋਵੇਗਾ: ਕੇਜਰੀਵਾਲ

ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਪੰਜਾਬ ਵਿੱਚ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਬਣੇਗੀ ਅਤੇ “ਕੌਮਾਂਤਰੀ ਡਰੱਗ ਮਾਫੀਆ” ਨਾਲ ਸੰਬੰਧ ਰੱਖਣ ਵਾਲੇ ਬਿਕਰਮ ਮਜੀਠੀਆ ਨੂੰ 15 ਅਪ੍ਰੈਲ 2017 ਤੋਂ ਪਹਿਲਾਂ ਜੇਲ੍ਹ ਵਿੱਚ ਸੁੱਟਿਆ ਜਾਵੇਗਾ।

ਇੱਥੇ ਪ੍ਰੈਸ ਕਲੱਬ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪੂਰਾ ਪੰਜਾਬ ਇਸ ਵੇਲੇ ਬਿਕਰਮ ਮਜੀਠੀਏ ਨੂੰ ਨਸ਼ਿਆਂ ਦਾ ਸੌਦਾਗਰ ਕਹਿ ਰਿਹਾ ਹੈ ਅਤੇ ਡਰੱਗ ਸਬੰਧਿਤ ਐਫਆਈਆਰ ਵਿੱਚ ਉਸਦਾ ਨਾਮ ਵੀ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਕਦੇ ਵੀ ਉਸਦੀ ਜਾਂਚ ਨਹੀਂ ਕੀਤੀ ਗਈ, ਜਿੱਥੇ ਉਸਦਾ ਨਾਂ ਐਫਆਈਆਰ ਵਿੱਚ ਆਇਆ ਹੈ। ਸਿਂਥੈਟਿਕ ਡਰੱਗ ਰੈਕੇਟ ਵਿੱਚ ਪੁਲਿਸ ਵੱਲੋਂ ਫੜ੍ਹੇ ਗਏ ਦੋਸ਼ੀਆਂ ਜਗਦੀਸ਼ ਭੋਲਾ ਅਤੇ ਜਗਜੀਤ ਸਿੰਘ ਚਹਿਲ ਨੇ ਪੰਜਾਬ ਵਿਚ ਨਸ਼ਿਆਂ ਦੇ ਵਪਾਰ ਲਈ ਉਸਦਾ ਨਾਂ ਲਿਆ ਹੈ।

ਬਿਕਰਮ ਮਜੀਠੀਆ, ਅਰਵਿੰਦ ਕੇਜਰੀਵਾਲ (ਫਾਈਲ ਫੋਟੋ)

ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਸਦੀ ਵਜ਼ਾਰਤ ਦੇ ਕਿਸੇ ਮੈਂਬਰ ਨੂੰ ਨਹੀਂ ਛੱਡਿਆ ਜਾਵੇਗਾ, ਜੋ ਭ੍ਰਿਸ਼ਟਾਚਾਰ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਹਨ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਵੱਲੋਂ ਬਾਦਲ ਪਰਿਵਾਰ ਵੱਲੋਂ ਕੀਤੀ ਗਈ ਕਾਲੀ ਕਮਾਈ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਜਾਵੇਗਾ ਅਤੇ ਪੰਜਾਬ ਤੋਂ ਲੁੱਟੀ ਹੋਈ ਪਾਈ-ਪਾਈ ਵਸੂਲੀ ਜਾਵੇਗੀ। ਉਨ੍ਹਾਂ ਕਿਹਾ ਕਿ ਫੂਡ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਕੈਰੋਂ ਅਤੇ ਖੇਤੀਬਾੜੀ ਮੰਤਰੀ ਤੋਤਾ ਸਿੰਘ ਜੋ ਕਿ ਫੂਡ ਅਤੇ ਪੈਸਟੀਸਾਈਡ ਘੋਟਾਲੇ ਵਿੱਚ ਸ਼ਾਮਿਲ ਹਨ, ਉਨ੍ਹਾਂ ਖਿਲਾਫ ਵੀ ਮਾਮਲਾ ਦਰਜ ਕੀਤਾ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੇ ਸਵਿਸ ਖਾਤਿਆਂ ਦੀ ਜਾਂਚ ਲਈ ਵੀ ਕਦਮ ਪੁੱਟੇਗੀ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੰਬੀ ਵਿੱਚ ਪ੍ਰਕਾਸ਼ ਸਿੰਘ ਬਾਦਲ ਦੀ ਮਦਦ ਕਰਕੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਵੋਟਾਂ ਤੋਂ ਸਿਰਫ 20 ਦਿਨ ਪਹਿਲਾਂ ਕੈਪਟਨ ਅਮਰਿੰਦਰ ਨੂੰ ਅਹਿਸਾਸ ਹੋਇਆ ਕਿ ਬਾਦਲ ਨੇ ਪੰਜਾਬ ਨੂੰ ਲੁੱਟਿਆ ਹੈ ਅਤੇ ਪੰਜਾਬ ਨੂੰ ਇਨਸਾਫ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਰਨੈਲ ਸਿੰਘ ਜਿੱਤ ਵੱਲ ਵੱਧ ਰਹੇ ਹਨ ਅਤੇ ਇਹ ਗੱਲ ਪ੍ਰਕਾਸ਼ ਸਿੰਘ ਬਾਦਲ ਨੇ ਵੀ ਮਹਿਸੂਸ ਕੀਤੀ ਹੈ।

ਇੱਕ ਸਵਾਲ ਦੇ ਜਵਾਬ ਵਿੱਚ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀਆਂ ਚੋਣਾਂ ਵਿੱਚ ਨਵਜੋਤ ਸਿੱਧੂ ਦਾ ਹੁਣ ਕੋਈ ਆਧਾਰ ਨਹੀਂ ਰਿਹਾ ਕਿਉਂਕਿ ਉਹ ਲੋਕਾਂ ਦੀਆਂ ਨਜ਼ਰਾਂ ਵਿੱਚ ਆਪਣੀ ਅਹਿਮੀਅਤ ਖੋ ਚੁੱਕੇ ਹਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਜਲਾਲਾਬਾਦ ਵਿੱਚ ਭਗਵੰਤ ਮਾਨ ਵੱਲੋਂ ਸੁਖਬੀਰ ਬਾਦਲ ਨੂੰ ਵੱਡੇ ਫਰਕ ਨਾਲ ਮਾਤ ਦਿੱਤੀ ਜਾਵੇਗੀ।

ਕੇਜਰੀਵਾਲ ਨੇ ਅੱਗੇ ਕਿਹਾ ਕਿ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵੱਲੋਂ ਐਸਵਾਈਐਲ ਦੇ ਮੁੱਦੇ ਨੂੰ ਲੈ ਕੇ ਪਿਛਲੇ 30 ਸਾਲ ਤੋਂ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹ ਮਾਮਲੇ ਨੂੰ ਆਪਣੇ ਹਿੱਤਾਂ ਕਾਰਨ ਸੁਲਝਾਉਣਾ ਹੀ ਨਹੀਂ ਚਾਹੁੰਦੇ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਮੋਦੀ ਸਰਕਾਰ, ਹਰਿਆਣਾ ਵਿੱਚ ਭਾਜਪਾ ਅਤੇ ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਰਹਿੰਦੇ ਹੋਏ ਮਾਮਲੇ ਨੂੰ ਸੁਲਝਾਇਆ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚਾਹੁੰਦੇ ਤਾਂ ਮਾਮਲਾ ਪੰਜ ਮਿੰਟਾਂ ਵਿੱਚ ਹੱਲ ਹੋ ਸਕਦਾ ਸੀ। ਉਨ੍ਹਾਂ ਨਾਲ ਹੀ ਕਿਹਾ ਇੱਕ ਸਮਾਂ ਅਜਿਹਾ ਸੀ ਜਦੋਂ ਕੇਂਦਰ, ਹਰਿਆਣਾ ਅਤੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਸੀ, ਪਰ ਉਦੋਂ ਵੀ ਮਾਮਲੇ ਨੂੰ ਹੱਲ ਨਹੀਂ ਕੀਤਾ ਗਿਆ, ਜਿਸ ਤੋਂ ਇਨ੍ਹਾਂ ਸਿਆਸੀ ਦਲਾਂ ਦਾ ਸਵਾਰਥ ਜੱਗ ਜਾਹਿਰ ਹੋਇਆ ਹੈ।

ਉਨ੍ਹਾਂ ਕਿਹਾ ਕਿ ਕਾਨੂੰਨੀ ਅਤੇ ਸਿਆਸੀ ਪੱਧਰ ਉਤੇ ਲੋੜੀਂਦੇ ਕਦਮ ਚੁੱਕੇ ਜਾਣਗੇ ਅਤੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪਾਣੀਆਂ ਦੀ ਵੰਡ ਦੇ ਮਾਮਲੇ ਵਿੱਚ ਫੈਸਲਾ ਪੰਜਾਬ ਦੇ ਹੱਕ ਵਿੱਚ ਹੋਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਐਸਵਾਈਐਲ ਦੇ ਨਿਰਮਾਣ ਲਈ ਜ਼ਿੰਮੇਵਾਰ ਨਹੀਂ ਹੈ। ਉਨ੍ਹਾਂ ਕਿਹਾ ਅਕਾਲੀਆਂ ਨੇ ਨਹਿਰ ਲਈ ਜ਼ਮੀਨ ਐਕਵਾਇਰ ਕੀਤੀ ਅਤੇ ਕਾਂਗਰਸੀ ਪ੍ਰਧਾਨ ਮੰਤਰੀ ਨੇ ਨਹਿਰ ਲਈ ਟੱਕ ਲਗਾਇਆ। ਉਨ੍ਹਾਂ ਦੋਸ਼ ਲਗਾਇਆ ਕਿ ਬਾਦਲ ਪਰਿਵਾਰ ਨੇ ਨਹਿਰ ਦਾ ਨਿਰਮਾਣ ਹੋਣ ਦੇਣ ਦੇ ਏਵਜ ਵਜੋਂ ਹਰਿਆਣਾ ਦੇ ਗੁੜਗਾਓ ਵਿੱਚ ਸੁਖਬੀਰ ਬਾਦਲ ਦੇ ਹੋਟਲ ਲਈ ਜ਼ਮੀਨ ਹਾਸਿਲ ਕੀਤੀ।

ਇੱਕ ਸਵਾਲ ਦੇ ਜਵਾਬ ਵਿੱਚ ਕੇਜਰੀਵਾਲ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਧਰਮਵੀਰ ਗਾਂਧੀ ਪੰਜਾਬ ਦੇ ਹਿੱਤਾਂ ਦੇ ਉਲਟ ਕੰਮ ਕਰ ਰਹੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version