ਅੰਮ੍ਰਿਤਸਰ: ਭਾਜਪਾ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਜ਼ਿਮਨੀ ਚੋਣ ਵਾਸਤੇ ਆਪਣੇ ਉਮੀਦਵਾਰ ਦਾ ਐਲਾਨ ਕਰਨ ਵਿੱਚ ਤਿੰਨ-ਚਾਰ ਦਿਨ ਹੋਰ ਲੱਗਣਗੇ। ਇਹ ਖ਼ੁਲਾਸਾ ਕੱਲ੍ਹ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਕੀਤਾ।
ਅੰਮ੍ਰਿਤਸਰ ਦੇ ਗੋਲਬਾਗ਼ ਵਿੱਚ ਕਰਵਾਏ ਸਮਾਗਮ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੇਂਦਰੀ ਵਿੱਤ ਮੰਤਰੀ ਨੇ ਖ਼ੁਲਾਸਾ ਕੀਤਾ ਕਿ ਭਾਜਪਾ ਉਮੀਦਵਾਰਾਂ ਦੀ ਸੂਚੀ ਤਿੰਨ-ਚਾਰ ਦਿਨ ਵਿੱਚ ਜਾਰੀ ਕਰ ਦਿੱਤੀ ਜਾਵੇਗੀ। ਕੇਂਦਰੀ ਬਜਟ ਸਮੇਂ ਤੋਂ ਪਹਿਲਾਂ ਐਲਾਨਣ ਬਾਰੇ ਉਨ੍ਹਾਂ ਆਖਿਆ ਕਿ ਇਹ ਕਾਰਵਾਈ ਚੋਣਾਂ ਕਰਕੇ ਨਹੀਂ ਕੀਤੀ ਗਈ, ਸਗੋਂ ਪਹਿਲਾਂ ਹੀ ਨਿਰਧਾਰਿਤ ਸੀ। ਅਗਾਊਂ ਬਜਟ ਨਾਲ ਸਾਰੇ ਕੰਮ ਨਿਰਧਾਰਿਤ ਸਮੇਂ ਹੋ ਸਕਣਗੇ।
ਜੀਐਸਟੀ ਬਾਰੇ ਉਨ੍ਹਾਂ ਆਖਿਆ ਕਿ ਇਸ ਨੂੰ ਇੱਕ ਅਪਰੈਲ ਤੋਂ ਲਾਜ਼ਮੀ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਇਕੱਠ ਨੂੰ ਪੰਜਾਬੀ ਵਿੱਚ ਸੰਬੋਧਨ ਕਰਦਿਆਂ ਆਖਿਆ ਕਿ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਨਾਲ ਸੂਬੇ ਵਿੱਚ ਭਾਈਚਾਰਕ ਸਾਂਝ ਦਾ ਮਾਹੌਲ ਕਾਇਮ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਕੀਤੇ ਵਿਕਾਸ ਦੇ ਸਿੱਟੇ ਵਜੋਂ ਤੀਜੀ ਵਾਰ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਸੱਤਾ ਵਿੱਚ ਆਵੇਗੀ।
ਸਬੰਧਤ ਖ਼ਬਰ: ਆਮ ਆਦਮੀ ਪਾਰਟੀ ਵਲੋਂ ਅੰਮ੍ਰਿਤਸਰ ਲੋਕ ਸਭਾ ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲੜਨ ਦਾ ਐਲਾਨ …
ਇਸ ਮੌਕੇ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਤੇ ਪੰਜਾਬ ਚੋਣ ਇੰਚਾਰਜ ਪ੍ਰਭਾਤ ਝਾਅ, ਰਾਜ ਸਭਾ ਮੈਂਬਰ ਸ਼ਵੇਤ ਮਲਿਕ, ਜ਼ਿਲ੍ਹਾ ਪ੍ਰਧਾਨ ਰਜੇਸ਼ ਹਨੀ ਅਤੇ ਭਾਜਪਾ ਦੇ ਹੋਰ ਪ੍ਰਮੁੱਖ ਆਗੂ ਹਾਜ਼ਰ ਸਨ। ਯਾਤਰਾ ਸਮਾਪਤੀ ਮਗਰੋਂ ਭਾਜਪਾ ਆਗੂਆਂ ਨੇ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਰ ਮੱਥਾ ਟੇਕਿਆ। ਸਾਂਪਲਾ ਦੀ ਅਗਵਾਈ ਵਿੱਚ ਇਹ ਵਿਜੇ ਸੰਕਲਪ ਯਾਤਰਾ ਹੁਸੈਨੀਵਾਲਾ ਤੋਂ ਸ਼ੁਰੂ ਹੋਈ ਸੀ, ਜੋ ਪੰਜਾਬ ਦੇ 23 ਵਿਧਾਨ ਸਭਾ ਹਲਕਿਆਂ ਵਿੱਚੋਂ ਹੁੰਦੀ ਹੋਈ ਅੱਜ ਅੰਮ੍ਰਿਤਸਰ ਪੁੱਜੀ।