December 8, 2017 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ: 13 ਸਾਲ ਬਾਦਲ-ਭਾਜਪਾ ਨਾਲ ਸਾਂਝ ਪੁਗਾਕੇ ਕਾਂਗਰਸ ਵਿੱਚ ਸ਼ਾਮਿਲ ਹੋਕੇ ਮੰਤਰੀ ਬਣੇ ਨਵਜੋਤ ਸਿੰਘ ਸਿੱਧੂ ਦੀ ਉਪ ਮੁਖ ਮੰਤਰੀ ਬਣਨ ਦੀ ਤਾਂਘ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕੱਲ੍ਹ (7 ਦਸੰਬਰ) ਇਹ ਕਹਿਕੇ ਪਾਣੀ ਫੇਰ ਦਿੱਤਾ ਕਿ ਪੰਜਾਬ ਵਜ਼ਾਰਤ ਵਿੱਚ ਵਾਧਾ 18 ਦਸੰਬਰ ਨੂੰ ਹੋਣ ਜਾ ਰਹੀਆਂ ਗੁਜਰਾਤ ਚੋਣਾਂ ਦੇ ਨਤੀਜੇ ਤੋਂ ਬਾਅਦ ਕੀਤਾ ਜਾਵੇਗਾ। ਪਰ ਉਨ੍ਹਾਂ ਸਪੱਸ਼ਟ ਕੀਤਾ ਕਿ ਉਪ ਮੁੱਖ ਮੰਤਰੀ ਲਾਉਣਾ ਕਾਂਗਰਸ ਦੀ ਰਵਾਇਤ ਨਹੀਂ ਹੈ।
ਕੱਲ੍ਹ ਇਥੇ ਰਾਜ ਦੇ ਸ਼ਹਿਰੀ ਵਿਕਾਸ ਲਈ ਪਾਰਟੀ ਦੀ ਯੋਜਨਾਬੰਦੀ ਸਬੰਧੀ ਦਸਤਾਵੇਜ਼ ਜਾਰੀ ਕਰਨ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਸ ਗੱਲ ਨੂੰ ਰੱਦ ਕੀਤਾ ਕਿ ਕਾˆਗਰਸ ਲੋਕਾˆ ਨਾਲ ਕੀਤੇ ਚੋਣ ਵਾਅਦੇ ਪੂਰੇ ਕਰਨ ਵਿੱਚ ਅਸਫਲ ਹੋਈ ਹੈ। ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਜ਼ਿਲ੍ਹੇ ਦੇ ਕਾਂਗਰਸੀ ਵਿਧਾਇਕਾਂ ਦੀ ਹਾਜ਼ਰੀ ਵਿੱਚ ਸ਼ਹਿਰੀ ਵਿਕਾਸ ਨੂੰ ਲੈ ਕੇ ਪਾਰਟੀ ਦੇ ਦ੍ਰਿਸ਼ਟੀਕੋਣ ਨੂੰ ਜਾਰੀ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ 8 ਮਹੀਨਿਆਂ ਵਿੱਚ ਸਾਰੇ ਵਾਅਦੇ ਪੂਰੇ ਕਰਨੇ ਸੰਭਵ ਨਹੀਂ ਜਦੋਂ ਕਿ ਸੂਬਾ ਬਾਦਲ-ਭਾਜਪਾ ਸਰਕਾਰ ਦੀਆਂ ਬੇਨਿਯਮੀਆਂ ਕਾਰਨ ਪੂਰੀ ਤਰ੍ਹਾਂ ਵਿੱਤੀ ਸੰਕਟ ਵਿੱਚ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਕਰਜ਼ਾ ਮੁਆਫੀ ਅਤੇ ਨੌਜਵਾਨਾਂ ਨੂੰ ਮੁਫ਼ਤ ਸਮਾਰਟ ਫੋਨ ਦੇਣ ਦਾ ਕੰਮ ਨਗਰ ਨਿਗਮ ਚੋਣਾਂ ਤੋਂ ਬਾਅਦ ਸ਼ੁਰੂ ਕਰ ਦਿੱਤਾ ਜਾਵੇਗਾ। ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਪਰਿਵਾਰਵਾਦ ਦੇ ਭਾਰੂ ਹੋਣ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੋਣ ਜਿੱਤ ਸਕਣ ਦੀ ਸਮਰਥਾ ਵਾਲੇ ਉਮੀਦਵਾਰਾਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਇਸ ਮੌਕੇ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਹਰਪ੍ਰਤਾਪ ਸਿੰਘ ਅਜਨਾਲਾ, ਓ:ਪੀ: ਸੋਨੀ, ਡਾ. ਰਾਜ ਕੁਮਾਰ ਵੇਰਕਾ, ਇੰਦਰਬੀਰ ਸਿੰਘ ਬੁਲਾਰੀਆ, ਸੁਨੀਲ ਦੱਤੀ, ਤਰਸੇਮ ਸਿੰਘ ਡੀ.ਸੀ., ਸੰਤੋਖ ਸਿੰਘ ਭਲਾਈਪੁਰ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਸ਼ਹਿਰੀ ਪ੍ਰਧਾਨ ਜੁਗਲ ਕਿਸ਼ੋਰ ਸ਼ਰਮਾ ਅਤੇ ਹੋਰ ਹਾਜ਼ਰ ਸਨ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:
Cabinet Expansion After 18th Dec, No Provision For Deputy CM, Says Amarinder Singh …
Related Topics: Captain Amrinder Singh Government, Congress Government in Punjab 2017-2022, navjot singh sidhu, Sunil Jakhar