ਭਾਈ ਗੁਰਬਖਸ਼ ਸਿੰਘ ਖਾਲਸਾ [ਫਾਈਲ ਫੋਟੋ]

ਸਿੱਖ ਖਬਰਾਂ

ਕੈਨੇਡਾ ਦੇ ਸਿੱਖਾਂ ਨੇ ਭਾਈ ਖਾਲਸਾ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾ ਰਹੇ ਸੰਘਰਸ਼ ਦੀ ਅਗਵਾਈ ਕਰਨ ਲਈ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਕੀਤੀ ਅਪੀਲ਼

By ਸਿੱਖ ਸਿਆਸਤ ਬਿਊਰੋ

December 14, 2014

ਸਰੀ (13 ਦਸੰਬਰ, 2014): ਬੰਦੀ ਸਿੰਘਾਂ ਦੀ ਰਿਹਾਈ ਲਈ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਹਮਾਇਤ ਕਰਦਿਆਂ ਬ੍ਰਿਟਿਸ਼ ਕੋਲੰਬੀਆ ਦੇ ਦੋ ਪ੍ਰਮੁੱਖ ਗੁਰਦੁਆਰਿਆਂ ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ ਸਰੀ ਅਤੇ ਖ਼ਾਲਸਾ ਦੀਵਾਨ ਸੁਸਾਇਟੀ ਨਿਊ ਵੈਸਟ ਮਨਿਸਟਰ ਦੇ ਪ੍ਰਬੰਧਕਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਵਲੋਂ ਸਿੱਖ ਨਜ਼ਰਬੰਦਾਂ ਦੀ ਰਿਹਾਈ ਲਈ ਸੰਘਰਸ਼ ਦੀ ਅਗਵਾਈ ਖੁੱਦ ਕਰਨ ਲਈ ਅੱਗੇ ਆਉਣ।

ਉਨ੍ਹਾਂ ਕਿਹਾ ਕਿ ਕਿਉਂਕਿ ਪਿਛਲੇ ਸਾਲ ਰੱਖੀ ਭੁੱਖ ਹੜਤਾਲ ਭਾਈ ਗੁਰਬਖ਼ਸ਼ ਸਿੰਘ ਨੇ ਜਥੇਦਾਰ ਅਕਾਲ ਤਖ਼ਤ ਸਾਹਿਬ ਵਲੋਂ ਇਹ ਵਾਅਦਾ ਕਰਨ ‘ਤੇ ਤੋੜੀ ਸੀ ਕਿ ਉਹ ਆਪਣੇ ਅਹੁਦੇ ਦੀ ਵਰਤੋਂ ਕਰਕੇ ਨਜ਼ਰਬੰਦ ਸਿੰਘਾਂ ਦੀ ਰਿਹਾਈ ਯਕੀਨੀ ਬਣਾਉਣਗੇ, ਜਦਕਿ ਹਾਲੇ ਤੱਕ ਇਸ ਮਾਮਲੇ ਵਿਚ ਜਥੇਦਾਰ ਸਾਹਿਬ ਨੇ ਉਹ ਭੂਮਿਕਾ ਨਹੀਂ ਨਿਭਾਈ, ਜਿਸ ਦੀ ਤਵੱਕੋ ਖ਼ਾਲਸਾ ਪੰਥ ਉਨ੍ਹਾਂ ਤੋਂ ਰੱਖ ਰਿਹਾ ਹੈ।

ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ ਦੇ ਮੁੱਖ ਸੇਵਾਦਾਰ ਸ: ਦਵਿੰਦਰ ਸਿੰਘ ਗਰੇਵਾਲ ਅਤੇ ਖ਼ਾਲਸਾ ਦੀਵਾਨ ਸੁਸਾਇਟੀ ਨਿਊ ਵੈਸਟ ਮਨਿਸਟਰ ਦੇ ਮੁੱਖ ਸੇਵਾਦਾਰ ਸ: ਹਰਭਜਨ ਸਿੰਘ ਅਠਵਾਲ ਨੇ ਆਖਿਆ ਕਿ ਉਹ ਅਤੇ ਗੁਰਦੁਆਰਾ ਸਾਹਿਬ ਹਾਜ਼ਰੀ ਭਰਦੀਆਂ ਸੰਗਤਾਂ ਇਹ ਮਹਿਸੂਸ ਕਰਦੀਆਂ ਹਨ ਕਿ ਸਿੰਘ ਸਾਹਿਬਾਨ ਨੂੰ ਆਪਣੇ ਕੀਤੇ ਵਾਅਦੇ ‘ਤੇ ਹੁਣ ਭਾਈ ਗੁਰਬਖ਼ਸ਼ ਸਿੰਘ ਦਾ ਸੰਘਰਸ਼ ਆਪਣੇ ਹੱਥਾਂ ਵਿਚ ਲੈਣਾ ਚਾਹੀਦਾ ਹੈ ਅਤੇ ਖ਼ੁਦ ਅੱਗੇ ਲੱਗ ਕੇ ਇਸ ਸੰਘਰਸ਼ ਦੀ ਅਗਵਾਈ ਕਰਨੀ ਚਾਹੀਦੀ ਹੈ, ਤਾਂ ਕਿ ਸਜ਼ਾਵਾਂ ਭੁਗਤਣ ਦੇ ਬਾਵਜੂਦ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਦੀ ਰਿਹਾਈ ਹੋ ਸਕੇ।

ਉਕਤ ਆਗੂਆਂ ਨੇ ਕਿਹਾ ਕਿ ਭਾਈ ਗੁਰਬਖਸ਼ ਸਿੰਘ ਵੱਲੋਂ ਗੁਰਦੁਆਰਾ ਲਖਨੌਰ ਸਾਹਿਬ (ਹਰਿਆਣਾ) ਵਿਖੇ ਭੁੱਖ ਹੜਤਾਲ ਨੂੰ ਆਰੰਭ ਕੀਤਿਆਂ ਲਗਭਗ 4 ਹਫ਼ਤੇ ਹੋ ਚੁੱਕੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ 4 ਹਫ਼ਤੇ ਬੀਤ ਜਾਣ ਦੇ ਬਾਅਦ ਵੀ ਉਨ੍ਹਾਂ ਦੇ ਸੰਘਰਸ਼ ਨੂੰ ਜਥੇਦਾਰ ਸਾਹਿਬਾਨ ਜਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੂਰੀ ਗੰਭੀਰਤਾ ਨਾਲ ਨਹੀਂ ਲਿਆ ਗਿਆ। ਗਰੇਵਾਲ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ ਵਿਖੇ ਭਾਈ ਗੁਰਬਖਸ਼ ਸਿੰਘ ਦੀ ਚੜ੍ਹਦੀ ਕਲਾ ਲਈ ਰਖਾਏ ਗਏ ਅਖੰਡ ਪਾਠ ਦੇ ਭੋਗ ਐਤਵਾਰ ਨੂੰ ਪੈਣਗੇ। ________________________________________

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: