ਸਿਆਸੀ ਖਬਰਾਂ

ਕਾਂਗਰਸ ਨੇ 61 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ; 30 ਵਿਧਾਇਕਾਂ ਨੂੰ ਮਿਲੀ ਟਿਕਟ

December 16, 2016 | By

ਚੰਡੀਗੜ੍ਹ: ਕਾਂਗਰਸ ਨੇ ਕਈ ਦਿਨਾਂ ਦੀ ਉਡੀਕ ਮਗਰੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ 61 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਦੀ ਟਿਕਟ ਲੈਣ ਵਾਲਿਆਂ ਵਿੱਚ 30 ਮੌਜੂਦਾ ਵਿਧਾਇਕ ਸ਼ਾਮਲ ਹਨ। ਇਸ ਤੋਂ ਇਲਾਵਾ ਦੋ ਸਾਬਕਾ ਆਈਏਐਸ ਅਧਿਕਾਰੀਆਂ ਅਤੇ ਤਿੰਨ ਪਾਰਟੀ ਆਗੂਆਂ ਦੇ ਪੁੱਤਰਾਂ ਨੂੰ ਟਿਕਟਾਂ ਨਾਲ ਨਿਵਾਜਿਆ ਗਿਆ ਹੈ। ਪਹਿਲੀ ਸੂਚੀ ਜਾਰੀ ਹੋਣ ਨਾਲ ਕੁਝ ਵਿਧਾਇਕਾਂ ਦੀਆਂ ਟਿਕਟਾਂ ਕੱਟੇ ਜਾਣ ਦਾ ਰੇੜਕਾ ਖਤਮ ਹੋ ਗਿਆ ਹੈ, ਜਦੋਂਕਿ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਕਿਸੇ ਆਗੂ ਨੂੰ ਪਹਿਲੀ ਸੂਚੀ ਵਿੱਚ ਥਾਂ ਨਹੀਂ ਦਿੱਤੀ ਗਈ ਹੈ।

ਰਾਜਿੰਦਰ ਕੌਰ ਭੱਠਲ ਨੂੰ ਲਹਿਰਾ ਅਤੇ ਸੁਨੀਲ ਜਾਖੜ ਨੂੰ ਅਬੋਹਰ ਹਲਕੇ ਤੋਂ ਟਿਕਟ ਦਿੱਤੀ ਗਈ ਹੈ। ਕਾਕਾ ਰਣਦੀਪ ਸਿੰਘ ਨਾਭਾ ਨੂੰ ਅਮਲੋਹ, ਗੁਰਕੀਰਤ ਕੋਟਲੀ ਨੂੰ ਖੰਨਾ, ਸੁਰਿੰਦਰ ਡਾਵਰ ਨੂੰ ਲੁਧਿਆਣਾ ਕੇਂਦਰੀ, ਅਸ਼ਵਨੀ ਸੇਖੜੀ ਨੂੰ ਬਟਾਲਾ ਤੇ ਹਰਚੰਦ ਕੌਰ ਨੂੰ ਮਹਿਲ ਕਲਾਂ ਤੋਂ ਟਿਕਟ ਦਿੱਤੀ ਗਈ ਹੈ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਸ਼ਹਿਰੀ ਹਲਕੇ ਤੋਂ ਟਿਕਟ ਦਿੱਤੀ ਗਈ ਹੈ। ਇਸ ਨਾਲ ਬਠਿੰਡਾ ਸ਼ਹਿਰ ਤੋਂ ਕਿਸੇ ਹਿੰਦੂ ਚਿਹਰੇ ਨੂੰ ਮੈਦਾਨ ਵਿੱਚ ਉਤਾਰੇ ਜਾਣ ਦੀ ਚਰਚਾ ਖਤਮ ਹੋ ਗਈ ਹੈ। ਸਾਬਕਾ ਲੋਕ ਸਭਾ ਮੈਂਬਰ ਤੇ ਰਾਹੁਲ ਗਾਂਧੀ ਬ੍ਰਿਗੇਡ ਦੇ ਆਗੂ ਵਿਜੇਇੰਦਰ ਸਿੰਗਲਾ ਨੂੰ ਸੰਗਰੂਰ ਸ਼ਹਿਰ ਤੋਂ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਤੋਂ ਇਲਾਵਾ ਮਨਪ੍ਰੀਤ ਬਾਦਲ, ਰਣਜੀਤ ਕੌਰ ਭੱਟੀ ਨੂੰ ਬੁਢਲਾਡਾ ਤੋਂ ਟਿਕਟ ਦਿਵਾਉਣ ਵਿੱਚ ਕਾਮਯਾਬ ਹੋ ਗਏ ਹਨ।

ਕਾਂਗਰਸ ਦੇ ਉਮੀਦਵਾਰ

ਕਾਂਗਰਸ ਦੇ ਉਮੀਦਵਾਰ

ਨਵਾਂ ਸ਼ਹਿਰ ਤੋਂ ਕਾਂਗਰਸ ਵਿਧਾਇਕ ਗੁਰਇਕਬਾਲ ਕੌਰ ਬਬਲੀ ਆਪਣੇ ਲੜਕੇ ਅੰਗਦ ਸਿੰਘ, ਕਾਂਗਰਸ ਦੇ ਕਿਸਾਨ ਤੇ ਮਜ਼ਦੂਰ ਸੈੱਲ ਦੇ ਚੇਅਰਮੈਨ ਇੰਦਰਜੀਤ ਸਿੰਘ ਜ਼ੀਰਾ ਆਪਣੇ ਲੜਕੇ ਕੁਲਜੀਤ ਸਿੰਘ ਜ਼ੀਰਾ ਤੇ ਸਾਬਕਾ ਮੰਤਰੀ ਸਰਦੂਲ ਸਿੰਘ ਆਪਣੇ ਲੜਕੇ ਸੁਖਵਿੰਦਰ ਸਿੰਘ ਡੈਨੀ ਨੂੰ ਜੰਡਿਆਲਾ ਤੋਂ ਟਿਕਟ ਦਿਵਾਉਣ ਵਿੱਚ ਸਫ਼ਲ ਰਹੇ ਹਨ। ਡੈਨੀ ਪਹਿਲਾਂ ਫ਼ਰੀਦਕੋਰਟ ਲੋਕ ਸਭਾ ਹਲਕੇ ਤੋਂ ਵੀ ਕਿਸਮਤ ਅਜਮਾ ਚੁੱਕੇ ਹਨ। ਦੋ ਸਾਬਕਾ ਆਈਏਐਸ ਅਧਿਕਾਰੀਆਂ ਕੁਲਦੀਪ ਸਿੰਘ ਵੈਦ ਅਤੇ ਡਾ. ਅਮਰ ਸਿੰਘ ਨੂੰ ਕ੍ਰਮਵਾਰ ਰਾਖਵੇਂ ਹਲਕੇ ਗਿੱਲ ਅਤੇ ਰਾਏਕੋਟ ਤੋਂ ਟਿਕਟ ਦਿੱਤੀ ਗਈ ਹੈ। ਕੁਲਦੀਪ ਸਿੰਘ ਵੈਦ ਨੇ ਕੁਝ ਦਿਨ ਪਹਿਲਾਂ ਹੀ ਮੋਗਾ ਦੇ ਡਿਪਟੀ ਕਮਿਸ਼ਨਰ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ। ਇਸ ਨਾਲ ਪਾਇਲ ਹਲਕੇ ਤੋਂ ਲਖਵੀਰ ਸਿੰਘ ਲੱਖਾ ਅਤੇ ਬੱਸੀ ਪਠਾਣਾ ਤੋਂ ਗੁਰਪ੍ਰੀਤ ਸਿੰਘ ਜੀਪੀ ਨੂੰ ਟਿਕਟ ਦਿੱਤੀ ਗਈ ਹੈ, ਜਦੋਂਕਿ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਆਪਣੇ ਲੜਕੇ ਨੂੰ ਇੱਥੋਂ ਟਿਕਟ ਦਿਵਾਉਣਾ ਚਾਹੁੰਦੇ ਸਨ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Capt. Amarinder, Bhattal, Sunil Jakhar, Charanjit Channi in Congress’ First List of 61 Candidates …

ਪਹਿਲੀ ਸੂਚੀ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਦਾਅਵੇਦਾਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸ਼ਹਿਰੀ ਹਲਕੇ ਤੋਂ ਪਹਿਲਾਂ ਵਾਂਗ ਮੈਦਾਨ ਵਿੱਚ ਡਟਣਗੇ। ਗੁਰਦਾਸਪੁਰ ਦੇ ਦਸ ਵਿਧਾਨ ਸਭਾ ਹਲਕਿਆਂ ਵਿੱਚੋਂ ਛੇ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਫਤਿਹ ਜੰਗ ਬਾਜਵਾ ਨੂੰ ਕਾਦੀਆਂ ਤੋਂ ਟਿਕਟ ਦਿੱਤੀ ਗਈ ਹੈ। ਦੀਨਾਨਗਰ ਤੋਂ ਅਰੁਣਾ ਚੌਧਰੀ, ਬਟਾਲਾ ਤੋਂ ਅਸ਼ਵਨੀ ਸੇਖੜੀ, ਹਰਗੋਬਿੰਦਪੁਰ ਤੋਂ ਬਲਵਿੰਦਰ ਸਿੰਘ ਲਾਡੀ, ਫਤਿਹਗੜ੍ਹ ਚੂੜੀਆਂ ਤੋਂ ਸਾਬਕਾ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਡੇਰਾ ਬਾਬਾ ਨਾਨਕ ਤੋਂ ਸੀਨੀਅਰ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੂੰ ਟਿਕਟ ਦਿੱਤੀ ਗਈ ਹੈ।

ਕਾਂਗਰਸ ਵਲੋਂ ਜਾਰੀ ਉਮੀਦਵਾਰਾਂ ਦੀ ਪਹਿਲੀ ਸੂਚੀ:

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,