July 2, 2020 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ – ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਕਰਵਾਏ ਗਏ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਵਿਚ ਜਿਥੇ ਸਮੁੱਚੀ ਸਿੱਖ ਕੌਮ ਨੂੰ ਸਿੱਖ ਸਿਧਾਂਤਾਂ, ਪ੍ਰੰਪਰਾਵਾਂ ਤੇ ਰਵਾਇਤਾਂ ਦੀ ਪਹਿਰੇਦਾਰੀ ਕਰਨ ਲਈ ਕਿਹਾ, ਉਥੇ ਹੀ ਸੋਸ਼ਲ ਮੀਡੀਆ ’ਤੇ ਸਿੱਖੀ ਵਿਰੁੱਧ ਹੋ ਰਹੇ ਹਮਲਿਆਂ ਤੋਂ ਸੁਚੇਤ ਰਹਿਣ ਦੀ ਵੀ ਅਪੀਲ ਕੀਤੀ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਥਾਪਨਾ ਦਿਵਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਗੁਰਬਾਣੀ ਕੀਰਤਨ ਮਗਰੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵਿਚਾਰ ਸਾਂਝੇ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਕੇਵਲ ਇਮਾਰਤ ਹੀ ਨਹੀਂ, ਸਗੋਂ ਸਿੱਖ ਵਿਚਾਰਧਾਰਾ ਦਾ ਸੱਚਾ ਸੁੱਚਾ ਸੰਕਲਪ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ’ਤੇ ਸਿੱਖੀ ਵਿਰੁੱਧ ਹੋ ਰਹੇ ਪ੍ਰਚਾਰ ’ਤੇ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਦੀ ਦੁਰਵਰਤੋਂ ਨੇ ਸਿੱਖ ਸਿਧਾਂਤਾਂ ਤੇ ਸੰਸਥਾਵਾਂ ਨੂੰ ਵੱਡੀ ਢਾਹ ਲਗਾਈ ਹੈ। ਇਸ ਵਿਰੁੱਧ ਪੂਰੇ ਸਿੱਖ ਸਮਾਜ ਨੂੰ ਖੜਨਾ ਹੋਵੇਗਾ। ਉਨ੍ਹਾਂ ਨੌਜੁਆਨੀ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸੋਸ਼ਲ ਮੀਡੀਆ ਨੂੰ ਸੁਚੇਤ ਰੂਪ ਵਿਚ ਵਰਤਿਆ ਜਾਵੇ ਅਤੇ ਸਿੱਖੀ ਦੀ ਚੜ੍ਹਦੀ ਕਲਾ ਲਈ ਪੋਸਟਾਂ ਪਾਈਆਂ ਜਾਣ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਚੁਣੋਤੀਆਂ ਸ਼ੁਰੂ ਤੋਂ ਹੀ ਦਰਪੇਸ਼ ਰਹੀਆਂ ਹਨ, ਪਰੰਤੂ ਕੌਮ ਨੇ ਹਮੇਸ਼ਾ ਹੀ ਇਨ੍ਹਾਂ ਦਾ ਮੁਕਾਬਲਾ ਕੀਤਾ ਹੈ। ਉਨ੍ਹਾਂ ਸਿੱਖ ਕੌਮ ਨੂੰ ਦਰਪੇਸ਼ ਚੁਣੌਤੀਆਂ ’ਚੋਂ ਉਭਰਨ ਲਈ ਕੌਮੀ ਇਕਜੁਟਤਾ ਨੂੰ ਜ਼ਰੂਰੀ ਦੱਸਿਆ।
ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਆਪਣੇ ਸੰਬੋਧਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਦੇ ਇਤਿਹਾਸ ਨੂੰ ਸਾਂਝਾ ਕੀਤਾ। ਇਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਪ੍ਰਮੁੱਖ ਸ਼ਖ਼ਸ਼ੀਅਤਾਂ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਲਈ ਦੋਵੇਂ ਦੇਸ਼ ਤੁਰੰਤ ਬਣਾਉਣ ਸਹਿਮਤੀ –
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਮੁੜ ਖੋਲ੍ਹਣ ਸਬੰਧੀ ਪਾਕਿਸਤਾਨ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿਚ ਪਹਿਲਕਦਮੀ ਕਰੇ ਅਤੇ ਉਹ ਵੀ ਤੁਰੰਤ ਲਾਂਘਾ ਖੋਲ੍ਹੇ। ਦੋਵੇਂ ਦੇਸ਼ ਇਸ ’ਤੇ ਤੁਰੰਤ ਸਹਿਮਤੀ ਬਣਾਉਣ।
Related Topics: Akal Takht Sahib, Gobind Singh Longowal, Gyani Harpreet Singh, Gyani Raghbir Singh, Indian Government, Kartarpur Corridor, Pakistan