ਫਤਿਹਗੜ੍ਹ ਸਾਹਿਬ: ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਆਪਣੇ ਬੱਚਿਆਂ ਅਤੇ ਨੌਜੁਆਨਾਂ ਨੂੰ ਨੈਤਿਕ ਅਤੇ ਧਾਰਮਿਕ ਸਿੱਖਿਆ ਨਾਲ ਜੋੜਨਾ ਸਿੱਖ ਸੰਸਥਾਵਾਂ, ਵਿਦਿਅਕ ਅਦਾਰਿਆਂ ਅਤੇ ਮਾਪਿਆਂ ਦੀ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਜਿਥੇ ਆਪਣੇ ਵਿਦਿਅਕ ਅਦਾਰਿਆਂ ਵਿਚ ਵਿਦਿਆਰਥੀਆਂ ਨੂੰ ਧਾਰਮਿਕ ਸਿਖਿਆ ਪ੍ਰਦਾਨ ਕਰ ਰਹੀ ਹੈ ਉਥੇ ਹੀ ਧਰਮ ਪ੍ਰਚਾਰ ਲਹਿਰ ਵੀ ਆਰੰਭੀ ਗਈ ਹੈ।
ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ 1984 ਵਿਚ ਦਰਬਾਰ ਸਾਹਿਬ ਅਤੇ ਅਕਾਲ ਤਖਤ ਸਾਹਿਬ ਉਪਰ ਭਾਰਤ ਵਲੋਂ ਕੀਤੇ ਗਏ ਫੌਜੀ ਹਮਲੇ ਦੌਰਾਨ ਸਿੱਖ ਕੌਮ ਦੀ ਸਾਹਿਤਕ ਵਿਰਾਸਤ ਨੂੰ ਖਤਮ ਕਰਨ ਦੀ ਨੀਅਤ ਨਾਲ ਭਾਰਤ ਸਰਕਾਰ ਵੱਲੋਂ ਸਿੱਖ ਰੈਫਰੈਂਸ ਲਾਇਬ੍ਰੇਰੀ ਵਿਚੋਂ ਚੁੱਕਿਆ ਗਿਆ ਸਮਾਨ ਤੁਰੰਤ ਵਾਪਸ ਕਰਨਾ ਚਾਹੀਦਾ ਹੈ। ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਮਾਮਲੇ ਪ੍ਰਤੀ ਕੇਂਦਰ ਦੀ ਪ੍ਰਤੀਕਿਰਿਆ ਸਮੇਂ-ਸਮੇਂ ‘ਤੇ ਬਦਲਦੀ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੇ ਤਾਜ਼ਾ ਜੁਆਬ ਅਨੁਸਾਰ ਕਿ ਉਨ੍ਹਾਂ ਪਾਸ ਲਾਇਬ੍ਰੇਰੀ ਦਾ ਕੋਈ ਵੀ ਸਮਾਨ ਮੌਜੂਦ ਨਹੀਂ ਹੈ, ਹੈਰਾਨੀ ਪ੍ਰਗਟ ਕਰਦਾ ਹੈ। ਪ੍ਰੋ: ਬਡੂੰਗਰ ਨੇ ਇਹ ਵੀ ਕਿਹਾ ਕਿ ਕੇਂਦਰ ਨੂੰ ਲਾਇਬ੍ਰੇਰੀ ਦਾ ਸਮਾਨ ਵਾਪਸ ਕਰਨ ਤੋਂ ਡਰਨਾ ਨਹੀਂ ਚਾਹੀਦਾ ਸਗੋਂ ਲਾਇਬ੍ਰੇਰੀ ਦੀ ਸਾਹਿਤਕ ਸ਼ਾਨ ਮੁੜ ਬਹਾਲ ਕਰਨ ਲਈ ਸਾਹਿਤਕ ਖਜ਼ਾਨਾ ਤੁਰੰਤ ਵਾਪਸ ਕਰਨਾ ਚਾਹੀਦਾ ਹੈ।
ਉਨ੍ਹਾਂ ਧਰਮੀ ਫੌਜੀਆਂ ਦੀ ਬਣਾਈ ਜਾਣ ਵਾਲੀ ਯਾਦਗਾਰ ਸਬੰਧੀ ਗੱਲ ਕਰਿਦਆਂ ਕਿਹਾ ਕਿ ਇਸਦੀ ਰੂਪ ਰੇਖਾ ਸਬੰਧੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਵਿਚਾਰ ਕੀਤੀ ਜਾਵੇਗੀ ਅਤੇ ਜਲਦ ਇਸ ਸਬੰਧੀ ਕੋਈ ਫੈਸਲਾ ਲੈ ਲਿਆ ਜਾਵੇਗਾ।
ਸਬੰਧਤ ਖ਼ਬਰ: ਭਾਰਤ ਸਰਕਾਰ ਨੇ ਕਿਹਾ; ਸਿੱਖ ਰੈਫਰੈਂਸ ਲਾਇਬਰੇਰੀ ਦਾ ‘ਸਾਰਾ ਸਾਮਾਨ’ ਵਾਪਸ ਕਰ ਦਿੱਤਾ ਗਿਆ ਸੀ …