ਚੰਡੀਗੜ੍ਹ: ਪੰਜਾਬ ਵਿੱਚ 19 ਸਤੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਲਈ ਸੂਬੇ ਦੇ ਵਧੀਕ ਮੁੱਖ ਸਕੱਤਰ (ਗ੍ਰਹਿ) ਨਿਰਮਲਜੀਤ ਸਿੰਘ ਕਲਸੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਕੇ ਨੀਮ ਸੁਰੱਖਿਆ ਬਲਾਂ ਦੀਆਂ 20 ਕੰਪਨੀਆਂ ਤਾਇਨਾਤ ਕਰਨ ਦੀ ਮੰਗ ਕੀਤੀ ਹੈ।
ਪੰਜਾਬੀ ਟ੍ਰਿਿਬਊਨ ਦੀ ਖ਼ਬਰ ਅਨੁਸਾਰ ਸੂਤਰਾਂ ਦਾ ਦੱਸਣਾ ਹੈ ਕਿ ਸੂਬੇ ਦੇ ਚੋਣ ਕਮਿਸ਼ਨ ਵੱਲੋਂ ਮੁੱਖ ਸਕੱਤਰ ਨੂੰ ਲਿਖੇ ਪੱਤਰ ਰਾਹੀਂ ਚੋਣਾਂ ਦੌਰਾਨ ਕਾਨੂੰਨ ਵਿਵਸਥਾ ਵਿਗੜਨ ਦਾ ਖ਼ਦਸ਼ਾ ਪ੍ਰਗਟਾਇਆ ਗਿਆ ਸੀ। ਸੀਨੀਅਰ ਅਧਿਕਾਰੀਆਂ ਨਾਲ ਵਿਚਾਰ ਚਰਚਾ ਤੋਂ ਬਾਅਦ ਕੇਂਦਰ ਸਰਕਾਰ ਨੂੰ ਚਿੱਠੀ ਰਾਹੀਂ ਨੀਮ ਸੁਰੱਖਿਆ ਬਲਾਂ ਦੀ ਤਾਇਨਾਤੀ ਕਰਨ ਲਈ ਕਿਹਾ ਗਿਆ ਹੈ। ਕੇਂਦਰੀ ਬਲਾਂ ਦੀ ਤਾਇਨਾਤੀ 24 ਘੰਟਿਆਂ ਵਿੱਚ ਹੋਣ ਦੇ ਆਸਾਰ ਹਨ।
ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ (ਆਪ) ਨੇ ਕਾਂਗਰਸ ਨੇਤਾਵਾਂ ’ਤੇ ਧੱਕੇਸ਼ਾਹੀ ਦੇ ਦੋਸ਼ ਲਾਉਂਦਿਆਂ ਇਹ ਚੋਣਾਂ ਕੇਂਦਰੀ ਸੁਰੱਖਿਆ ਦਸਤਿਆਂ ਦੀ ਨਿਗਰਾਨੀ ਹੇਠ ਕਰਾਉਣ ਦੀ ਮੰਗ ਕੀਤੀ ਸੀ। ਪੰਜਾਬ ਪੁਲੀਸ ਦੀ ਕਾਰਗੁਜ਼ਾਰੀ ’ਤੇ ਵੀ ਇਨ੍ਹਾਂ ਪੰਚਾਇਤੀ ਚੋਣਾਂ ਦੌਰਾਨ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਸਵਾਲੀਆ ਨਿਸ਼ਾਨ ਸਮਝਿਆ ਜਾਂਦਾ ਹੈ।
ਸੂਤਰਾਂ ਮੁਤਾਬਿਕ ਚੋਣ ਕਮਿਸ਼ਨ ਵੱਲੋਂ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਅਤੇ ਉਸ ਤੋਂ ਬਾਅਦ ਕਾਗਜ਼ਾਂ ਦੀ ਪੜਤਾਲ ਸਮੇਂ ਜਿਸ ਤਰ੍ਹਾਂ ਦਾ ਮਾਹੌਲ ਪੈਦਾ ਹੋਇਆ, ਉਸ ਦੇ ਮੱਦੇਨਜ਼ਰ ਵੋਟਾਂ ਵਾਲੇ ਦਿਨ ਵੀ ਗੜਬੜ ਹੋ ਸਕਦੀ ਹੈ।
ਪੰਜਾਬ ਦੇ ਗ੍ਰਹਿ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਪੁਲੀਸ ਦੀਆਂ 5 ਕੰਪਨੀਆਂ ਅਸਾਮ ਵਿੱਚ ਤਾਇਨਾਤ ਹਨ ਤੇ ਕੇਂਦਰ ਸਰਕਾਰ ਨੂੰ ਇਹ ਕੰਪਨੀਆਂ ਵੀ ਵਾਪਸ ਭੇਜਣ ਦੀ ਮੰਗ ਕੀਤੀ ਹੈ।ਇਸੇ ਤਰਾਂ ਪੰਚਾਇਤੀ ਚੋਣਾਂ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਕੀਤੇ ਜਾਣ ਦੀ ਮੰਗ ਕੀਤੀ ਗਈ ਹੈ। ਇਹ ਤਾਇਨਾਤੀ ਚੋਣਾਂ ਦਾ ਅਮਲ ਪੂਰਾ ਹੋਣ ਤੱਕ ਰਹੇਗੀ।