ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਨਾਲ ਫੋਨ ’ਤੇ ਗੱਲਬਾਤ ਕਰਕੇ ਬੀਤੇ ਦਿਨ ਲੁਧਿਆਣਾ ਵਿਖੇ ਹੋਏ ਕਾਤਲਾਨਾ ਹਮਲੇ ਦੇ ਮੱਦੇਨਜ਼ਰ ਉਨ੍ਹਾਂ ਨੂੰ ਢੁਕਵੀਂ ਸੁਰੱਖਿਆ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ।
ਸਿੱਖ ਪ੍ਰਚਾਰਕ ’ਤੇ ਹੋਏ ਇਸ ਘਾਤਕ ਤੇ ਕਾਇਰਾਨਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਸੱਭਿਅਕ ਸਮਾਜ ਵਿੱਚ ਹਿੰਸਾ ਲਈ ਕੋਈ ਥਾਂ ਨਹੀਂ ਕਿਉਂ ਜੋ ਇਹ ਮਹਾਨ ਗੁਰੂਆਂ ਦੀਆਂ ਸਿੱਖਿਆਵਾਂ ਦੇ ਬਿਲਕੁਲ ਉਲਟ ਹੈ।’’
ਇਸੇ ਦੌਰਾਨ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਇਸ ਘਟਨਾ ਦੀ ਸਖ਼ਤ ਅਲੋਚਨਾ ਕਰਦਿਆਂ ਇੰਸਪੈਕਟਰ ਜਨਰਲ ਆਫ ਪੁਲੀਸ ਪਰਮਰਾਜ ਸਿੰਘ ਉਮਰਾਨੰਗਲ ਨੂੰ ਇਸ ਕੇਸ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਕੇ ਜਾਂਚ ਵਿੱਚ ਤੇਜ਼ੀ ਲਿਆਉਣ ਨੂੰ ਯਕੀਨੀ ਬਣਾਉਣ ਲਈ ਆਖਿਆ।
ਉਪ ਮੁੱਖ ਮੰਤਰੀ ਨੇ ਕਿਹਾ ਕਿ ਦੋਸ਼ੀਆਂ ਨੂੰ ਹਰ ਹਾਲ ਵਿੱਚ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ। ਹਮਲਾਵਰਾਂ ਵਿੱਚੋਂ ਪੰਜ ਦੋਸ਼ੀਆਂ ਨੂੰ ਫੜਿਆ ਜਾ ਚੁੱਕਾ ਹੈ ਅਤੇ ਬਾਕੀਆਂ ਦੀ ਗ੍ਰਿਫਤਾਰੀ ਲਈ ਪੁਲੀਸ ਤੇਜ਼ੀ ਨਾਲ ਅੱਗੇ ਵਧ ਰਹੀ ਹੈ।