ਆਮ ਖਬਰਾਂ » ਸਿੱਖ ਖਬਰਾਂ

ਪੁਲਿਸ ਵਲੋਂ ਬਹਿਬਲ ਕਾਂਡ ਗੋਲੀਬਾਰੀ ਦੀ ਅਧੂਰੀ ਰਿਪੋਰਟ ਪੇਸ਼ ਕਰਨ ‘ਤੇ ਅਦਾਲਤ ਨੇ 29 ਜਨਵਰੀ ਤਕ ਪੂਰੀ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ

November 29, 2017 | By

ਫ਼ਰੀਦਕੋਟ: ਸਾਲ 2015 ‘ਚ ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਅਕਤੂਬਰ 2015 ਵਿੱਚ ਸ਼ਾਂਤਮਈ ਰੋਸ ਪ੍ਰਗਟਾਅ ਰਹੇ ਸਿੱਖਾਂ ਉੱਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਗੋਲੀਬਾਰੀ ਨਾਲ ਮਾਰੇ ਗਏ ਸਿੱਖਾਂ ਅਤੇ ਜ਼ਖਮੀਆਂ ਦੇ ਸਬੰਧ ‘ਚ ਥਾਣਾ ਬਾਜਾਖਾਨਾ ਵਿੱਚ “ਅਣਪਛਾਤੇ” ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਦਰਜ ਹੋਏ ਕਤਲ ਅਤੇ ਇਰਾਦਾ ਕਤਲ ਦੇ ਮਾਮਲੇ ਵਿੱਚ ਅਦਾਲਤੀ ਹੁਕਮਾਂ ਦੇ ਬਾਵਜੂਦ ਪੁਲਿਸ ਨੇ ਮੁਕੰਮਲ ਰਿਪੋਰਟ ਅਦਾਲਤ ਵਿੱਚ ਪੇਸ਼ ਨਹੀਂ ਕੀਤੀ ਹੈ। ਪੁਲਿਸ ਦੀ ਸਟੇਟਸ ਰਿਪੋਰਟ ਨਾਲ ਅਸਹਿਮਤ ਹੁੰਦਿਆਂ ਜੁਡੀਸ਼ਲ ਮੈਜਿਸਟਰੇਟ ਸ਼ਵੇਤਾ ਦਾਸ ਨੇ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ 29 ਜਨਵਰੀ ਤੱਕ ਸਮੁੱਚੇ ਮਾਮਲੇ ਦੀ ਰਿਪੋਰਟ ਅਦਾਲਤ ਸਾਹਮਣੇ ਪੇਸ਼ ਕੀਤੀ ਜਾਵੇ।

bhai krishan bhagwan singh

ਕ੍ਰਿਸ਼ਨ ਭਗਵਾਨ ਸਿੰਘ ਦਾ ਪਰਿਵਾਰ (ਫਾਈਲ ਫੋਟੋ)

ਮੀਡੀਆ ਦੀਆਂ ਖ਼ਬਰਾਂ ਅਤੇ ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਬਾਜਾਖਾਨਾ ਦੇ ਐੱਸ.ਐੱਚ.ਓ. ਨੇ ਇਲਾਕਾ ਮੈਜਿਸਟ੍ਰੇਟ ਦੇ ਹੁਕਮਾਂ ’ਤੇ ਅਦਾਲਤ ਵਿੱਚ ਮੌਜੂਦਾ ਸਥਿਤੀ ਦੀ ਰਿਪੋਰਟ ਪੇਸ਼ ਕੀਤੀ ਸੀ। ਪੁਲਿਸ ਨੇ ਦਾਅਵਾ ਕੀਤਾ ਕਿ ਬਹਿਬਲ ਕਲਾਂ ‘ਚ ਪੁਲਿਸ ਵਲੋਂ ਚਲਾਈ ਗਈ ਗੋਲੀ ਨਾਲ ਮਾਰੇ ਗਏ ਦੋ ਸਿੱਖ ਨੌਜਵਾਨਾਂ ਦੇ ਮਾਮਲੇ ਦੀ ‘ਵਿਸ਼ੇਸ਼ ਜਾਂਚ ਟੀਮ’ ਪੜਤਾਲ ਕਰ ਰਹੀ ਹੈ। ਪੁਲਿਸ ਵਲੋਂ ਚਲਾਈ ਗੋਲੀ ਨਾਲ ਦੋ ਸਿੱਖ ਨੌਜਵਾਨ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ ਅਤੇ ਕਈ ਹੋਰ ਜ਼ਖਮੀ ਹੋ ਗਏ ਸਨ। ਵਿਸ਼ੇਸ਼ ਜਾਂਚ ਟੀਮ ਦੇ ਡਾਇਰੈਕਟਰ ਨੇ ਉੱਚ ਪੱਧਰੀ ਪੜਤਾਲ ਤੋਂ ਬਾਅਦ “ਅਣਪਛਾਤੇ ਪੁਲਿਸ” ਮੁਲਾਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਸੀ।

ਦੇਖੋ ਸਬੰਧਤ ਵੀਡੀਓ:

ਸਰਕਾਰ ਅਤੇ ਪੁਲਿਸ ਵੱਲੋਂ ਦੋਸ਼ੀਆਂ ਖ਼ਿਲਾਫ਼ ਲੰਮਾ ਸਮਾਂ ਕਾਰਵਾਈ ਨਾ ਕੀਤੇ ਜਾਣ ਤੋਂ ਪ੍ਰੇਸ਼ਾਨ ਪੀੜਤ ਪਰਿਵਾਰਾਂ ਨੇ ਦੋਸ਼ੀਆਂ ਵਿਰੁੱਧ ਅਦਾਲਤ ਵਿੱਚ ਇਸਤਗਾਸਾ ਦਾਇਰ ਕਰ ਕੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਹੈ। ਪੀੜਤਾਂ ਦੇ ਵਕੀਲ ਅਮਿਤ ਕੁਮਾਰ ਨੇ ਦੱਸਿਆ ਕਿ ਮੋਗਾ ਦੇ ਸਾਬਕਾ ਜ਼ਿਲ੍ਹਾ ਪੁਲਿਸ ਮੁਖੀ ਚਰਨਜੀਤ ਸ਼ਰਮਾ, ਐੱਸ.ਪੀ. ਬਿਕਰਮ ਸਿੰਘ ਤੇ ਇੰਸਪੈਕਟਰ ਅਮਰਜੀਤ ਸਿੰਘ ਕੁਲਾਰ ਖ਼ਿਲਾਫ਼ ਅਦਾਲਤ ਵਿੱਚ ਇਸਤਗਾਸਾ ਦਾਇਰ ਕੀਤਾ ਹੈ। ਇਸ ਕੇਸ ਵਿੱਚ ਹੁਣ ਤੱਕ ਕਰੀਬ ਅੱਧੀ ਦਰਜਨ ਗਵਾਹ ਆਪਣੇ ਬਿਆਨ ਦਰਜ ਕਰਵਾ ਚੁੱਕੇ ਹਨ। ਗਵਾਹਾਂ ਨੇ ਆਪਣੇ ਬਿਆਨਾਂ ਵਿੱਚ ਆਈ.ਜੀ. ਪੱਧਰ ਦੇ ਆਈ.ਪੀ.ਐੱਸ. ਅਧਿਕਾਰੀ ਨੂੰ ਵੀ ਗੋਲੀ ਕਾਂਡ ਲਈ ਦੋਸ਼ੀ ਠਹਿਰਾਇਆ ਹੈ।

ਸਬੰਧਤ ਖ਼ਬਰ:

ਬਹਿਬਲ ਕਲਾਂ ਫਾਇਰਿੰਗ: ਪੁਲਿਸ ਦੇ ਖਿਲਾਫ ਸ਼ਿਕਾਇਤ ਫਰੀਦਕੋਟ ਅਦਾਲਤ ਦਰਜ ਕਰਵਾਈ ਗਈ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , , ,