ਅੰਮ੍ਰਿਤਸਰ- ਕਿਸਾਨ ਸੰਘਰਸ਼ ਦੀ ਹਮਾਇਤ ਵਿੱਚ ਲੱਗੇ ਮੋਰਚੇ ਵਿੱਚ ਸ਼ਾਮਲ ਹੋ ਕੇ, ਦਲ ਖਾਲਸਾ ਨੇ ਪਿਛਲੇ 27 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਸ. ਜਗਜੀਤ ਸਿੰਘ ਡੱਲੇਵਾਲ ਨੂੰ ਆਪਣਾ ਪੂਰਾ ਸਮਰਥਨ ਦਿੱਤਾ ਅਤੇ ਇੱਕਜੁੱਟਤਾ ਪ੍ਰਗਟਾਈ।
ਪਰਮਜੀਤ ਸਿੰਘ ਮੰਡ ਦੀ ਅਗਵਾਈ ਹੇਠ ਨੌਜਵਾਨ ਕਾਰਕੁਨਾਂ ਨੇ ਖਨੌਰੀ ਅੰਤਰਰਾਜੀ ਸਰਹੱਦ ਦਾ ਦੌਰਾ ਕੀਤਾ ਅਤੇ ਸ. ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਅਤੇ ਹਾਲ-ਚਾਲ ਬਾਰੇ ਜਾਣਕਾਰੀ ਲਈ। ਸ. ਮੰਡ ਨੇ ਧਰਨੇ ਵਾਲੀ ਥਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਕਾਰਕੁੰਨਾਂ ਨਾਲ ਮੁਲਾਕਾਤ ਕੀਤੀ ਅਤੇ ਅੰਦੋਲਨ ਦੀ ਅਗਵਾਈ ਕਰਨ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਮਜ਼ਬੂਤੀ ਨਾਲ ਡਟੇ ਰਹਿਣ।

ਦਲ ਖਾਲਸਾ ਦੇ ਦਫ਼ਤਰ ਸਕੱਤਰ ਮਾਨ ਸਿੰਘ ਨੇ ਕਿਹਾ ਹੈ ਕਿ ਕਿਸਾਨ ਪੰਜਾਬ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਜਥੇਬੰਦੀ ਕਿਸਾਨ ਜਥੇਬੰਦੀਆਂ ਦੇ ਨਾਲ ਹੈ ਅਤੇ ਅੰਦੋਲਨ ਵਿੱਚ ਹਰ ਕਿਸਾਨ ਦੇ ਨਾਲ ਖੜੀ ਹੈ। ਉਨ੍ਹਾਂ ਨਰਿੰਦਰ ਮੋਦੀ ‘ਤੇ ਪ੍ਰਦਰਸ਼ਨਕਾਰੀ ਕਿਸਾਨਾਂ ਖਾਸ ਕਰਕੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਪ੍ਰਤੀ ਬੇਲਿਹਾਜ਼ਾਂ ਅਤੇ ਅਸੰਵੇਦਨਸ਼ੀਲ ਵਾਲਾ ਵਤੀਰਾ ਅਪਣਾਉਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਮੌਤ ਵੱਲ ਧੱਕ ਰਹੀ ਹੈ।

ਉਨ੍ਹਾਂ ਕਿਹਾ ਕਿ ਜੇਕਰ ਡੱਲੇਵਾਲ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਇਸ ਲਈ ਪੂਰੀ ਤਰ੍ਹਾਂ ਨਾਲ ਭਾਜਪਾ ਸਰਕਾਰ ਜ਼ਿੰਮੇਵਾਰ ਹੋਵੇਗੀ। ਹਕੂਮਤ ਦੀ ਇਹ ਪਹੁੰਚ ਬਦਲਾਖੋਰੀ ਅਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਹੈ।” ਦਲ ਖਾਲਸਾ ਨੇ ਸਮੂਹ ਪੰਜਾਬੀਆਂ ਨੂੰ ਕਿਸਾਨ ਅੰਦੋਲਨ ਨੂੰ ਜਿੱਤ ਤੱਕ ਲੈ ਕੇ ਜਾਣ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ।

ਇਸ ਮੌਕੇ ਬਾਬਾ ਹਰਦੀਪ ਸਿੰਘ ਮਹਿਰਾਜ, ਸ. ਰਾਮ ਸਿੰਘ, ਸ. ਗੁਰਵਿੰਦਰ ਸਿੰਘ, ਸ. ਜੀਵਨ ਸਿੰਘ, ਸ. ਗੁਰਨਾਮ ਸਿੰਘ, ਸ. ਗੁਰਪ੍ਰੀਤ ਸਿੰਘ, ਸ. ਹਰਪ੍ਰੀਤ ਸਿੰਘ ਆਦਿ ਸ਼ਾਮਿਲ ਸਨ।