ਚੰਡੀਗੜ: ਮੀਡੀਏ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਜਪਾ ਆਗੂ ਅਤੇ ਸੰਸਦ ਮੈਂਬਰ ਸੁਬਰਾਮਨੀਅਨ ਸਵਾਮੀ ਨੇ ਕਿਹਾ ਕਿ ਜੂਨ 1984 ਦੌਰਾਨ ਦਰਬਾਰ ਸਾਹਿਬ ’ਤੇ ਇੰਦਰਾ ਗਾਂਧੀ ਹਕੂਮਤ ਵੱਲੋਂ ਕੀਤੀ ਫ਼ੌਜੀ ਕਾਰਵਾਈ ਬਿਲਕੁਲ ਗ਼ਲਤ ਸੀ, ਜਿਸ ਨੂੰ ਮੰਨਦਿਆਂ ਸਿੱਖ ਕੌਮ ਤੋਂ ਮੁਆਫ਼ੀ ਮੰਗੀ ਜਾਣੀ ਚਾਹੀਦੀ ਹੈ। ਇਹ ਦਾਅਵਾ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੂੰਮਾ ਨੇ ਦਿੱਲੀ ਵਿੱਚ ਭਾਜਪਾ ਦੇ ਸੰਸਦ ਮੈਂਬਰ ਨਾਲ ਮੁਲਾਕਾਤ ਤੋਂ ਬਾਅਦ ਕੀਤਾ।
ਦਮਦਮੀ ਟਕਸਾਲ ਮੁਖੀ ਨਾਲ ਗਏ ਸੰਤ ਸਮਾਜ ਦੇ ਆਗੂ ਭਾਈ ਜਸਬੀਰ ਸਿੰਘ ਰੋਡੇ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਚਰਨਜੀਤ ਸਿੰਘ ਜੱਸੋਵਾਲ ਤੇ ਪ੍ਰੋਫ਼ੈਸਰ ਸਰਚਾਂਦ ਸਿੰਘ ਵਾਲੇ ਵਫ਼ਦ ਨੇ ਡਾ. ਸੁਬਰਾਮਨੀਅਨ ਨਾਲ ਸਿੱਖ ਕੌਮ ਦੇ ਦਰਪੇਸ਼ ਮਸਲਿਆਂ ਬਾਰੇ ਚਰਚਾ ਕੀਤੀ ਅਤੇ ਮੰਗ ਪੱਤਰ ਵੀ ਸੌਂਪਿਆ।
ਮੀਡੀਏ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਬਾ ਹਰਨਾਮ ਸਿੰਘ ਧੂੰਮਾ ਨੇ ਇਹ ਵੀ ਦਾਅਵਾ ਕੀਤਾ ਕਿ ਭਾਜਪਾ ਆਗੂ ਨੇ ਸਿੱਖ ਵਫ਼ਦ ਦੀ ਗੱਲਬਾਤ ਸੁਣਨ ਮਗਰੋਂ ਭਰੋਸਾ ਦਿੱਤਾ ਕਿ ਉਹ ਸੰਸਦ ਦੇ ਅੰਦਰ ਅਤੇ ਬਾਹਰ ਸਿੱਖ ਕੌਮ ਨੂੰ ਦਰਪੇਸ਼ ਮਸਲਿਆਂ ਨੂੰ ਗੰਭੀਰਤਾ ਨਾਲ ਉਠਾਉਣਗੇ। ਉਨ੍ਹਾਂ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਵੀ ਦਿੱਤਾ।