Site icon Sikh Siyasat News

125ਵੀਂ ਵਰ੍ਹੇਗੰਢ: ਕਬੱਡੀ ਵਿਸ਼ਵ ਕੱਪ, 2600 ਮੁਫਤ ਦਵਾਈ ਦੀਆਂ ਦੁਕਾਨਾਂ ਡਾ. ਅੰਬੇਦਕਰ ਦੇ ਨਾਂ ’ਤੇ ਹੋਣਗੀਆਂ

ਅੰਮ੍ਰਿਤਸਰ: ਡਾ. ਭੀਮ ਰਾਓ ਅੰਬੇਦਕਰ ਦੀ 125ਵੀਂ ਵਰ੍ਹੇਗੰਢ ਨੂੰ ਸਮਰਪਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਹੋਏ ਸੈਮੀਨਾਰ ’ਚ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਨਵੰਬਰ ਵਿੱਚ ਹੋਣ ਵਾਲਾ ਵਿਸ਼ਵ ਕਬੱਡੀ ਕੱਪ ਡਾ. ਅੰਬੇਦਕਰ ਨੂੰ ਸਮਰਪਿਤ ਹੋਵੇਗਾ ਅਤੇ ਇਸ ਦਾ ਨਾਂ ‘ਡਾ. ਅੰਬੇਦਕਰ ਵਿਸ਼ਵ ਕਬੱਡੀ ਕੱਪ’ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੋਲ੍ਹੀਆਂ ਜਾ ਰਹੀਆਂ ਮੁਫ਼ਤ ਦਵਾਈਆਂ ਦੀਆਂ 2600 ਦੁਕਾਨਾਂ ਵੀ ਡਾ. ਅੰਬੇਦਕਰ ਦੇ ਨਾਂ ’ਤੇ ਹੋਣਗੀਆਂ। ਬਾਦਲ ਨੇ ਦਾਅਵਾ ਕੀਤਾ ਕਿ ਸਿਰਫ਼ ਪੰਜਾਬ ਹੀ ਅਜਿਹਾ ਸੂਬਾ ਹੈ, ਜਿਸ ਨੇ ਡਾ. ਅੰਬੇਦਕਰ ਦੀ ਵਿਚਾਰਧਾਰਾ ਨੂੰ ਸਹੀ ਅਰਥਾਂ ਵਿੱਚ ਲਾਗੂ ਕੀਤਾ ਹੈ। ਅੰਮ੍ਰਿਤਸਰ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਕਤੂਬਰ ਦੇ ਅੰਤ ਤੱਕ ਇੱਥੇ ਸਾਰੇ ਵਿਕਾਸ ਪ੍ਰਾਜੈਕਟ ਮੁਕੰਮਲ ਹੋਣ ਨਾਲ ਇਹ ਖ਼ੂਬਸੂਰਤ ਸ਼ਹਿਰ ਬਣ ਕੇ ਕੌਮਾਂਤਰੀ ਟੂਰਿਜ਼ਮ ਹੱਬ ਵਜੋਂ ਜਾਣਿਆ ਜਾਵੇਗਾ।

ਡਾ. ਭੀਮ ਰਾਓ ਅੰਬੇਦਕਰ ਦੀ 125ਵੀਂ ਵਰ੍ਹੇਗੰਢ ਨੂੰ ਸਮਰਪਿਤ ਸੈਮੀਨਾਰ ਦੌਰਾਨ ਸੰਬੋਧਨ ਕਰਦੇ ਹੋਏ ਉਪ ਮੁੱਖ ਮੰਤਰੀ ਸੁਖਬੀਰ ਬਾਦਲ

ਇਸੇ ਦੌਰਾਨ ਪੁਡੂਚੇਰੀ ਦੀ ਉਪ ਰਾਜਪਾਲ ਡਾ. ਕਿਰਨ ਬੇਦੀ ਨੇ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ’ਤੇ ਜ਼ੋਰ ਦਿੰਦਿਆਂ ਸੁਝਾਅ ਦਿੱਤਾ ਕਿ ਸਕੂਲਾਂ ਤੋਂ ਯੂਨੀਵਰਸਿਟੀਆਂ ਦੇ ਸਿਲੇਬਸ ਵਿੱਚ ਨੈਤਿਕ-ਕਦਰਾਂ ਕੀਮਤਾਂ ਦੀ ਸਿੱਖਿਆ ਨੂੰ ਸ਼ਾਮਲ ਕੀਤਾ ਜਾਵੇ। ਇਸ ਮੌਕੇ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ, ਭਾਰਤ ਦੇ ਸਾਬਕਾ ਚੀਫ ਜਸਟਿਸ ਕੇ. ਜੀ. ਬਾਲਾਕ੍ਰਿਸ਼ਨਨ, ਸੰਸਦ ਮੈਂਬਰ ਸ਼ਵੇਤ ਮਲਿਕ, ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਵੀ ਸਬੰਧੋਨ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਏ. ਐਸ. ਬਰਾੜ ਨੇ ਸਭ ਦਾ ਧੰਨਵਾਦ ਕੀਤਾ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version