Site icon Sikh Siyasat News

ਬਾਹਰਲੀਆਂ ਏਜੰਸੀਆਂ ਅਤੇ ਵਿਰੋਧੀ ਸਿਆਸੀ ਪਾਰਟੀਆਂ ਸ਼ਾਂਤੀ ਭੰਗ ਕਰਨਾ ਚਾਹੁੰਦੀਆਂ ਹਨ: ਸੁਖਬੀਰ ਬਾਦਲ

ਮਲੇਰਕੋਟਲਾ: ਈਦ-ਉਲ-ਫ਼ਿਤਰ ਦੇ ਪਵਿੱਤਰ ਦਿਹਾੜੇ ‘ਤੇ ਹਿਨਾ ਹਵੇਲੀ ਮਲੇਰਕੋਟਲਾ ਵਿਖੇ ਈਦ ਮਿਲਨ ਸਮਾਰੋਹ ਦੌਰਾਨ ਮੁਸਲਿਮ ਭਾਈਚਾਰੇ ਨੂੰ ਮੁਬਾਰਕਬਾਦ ਦੇਣ ਪਹੁੰਚੇ ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਜ਼ੋਰਦਾਰ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਵਾਲੇ ਸ਼ਰਾਰਤੀ ਅਨਸਰਾਂ ਦੀਆਂ ਕੋਝੀਆਂ ਸਾਜਿਸ਼ਾਂ ਨੂੰ ਕਿਸੇ ਕੀਮਤ ‘ਤੇ ਸਫ਼ਲ ਨਹੀ ਹੋਣ ਦਿੱਤਾ ਜਾਵੇਗਾ ਅਤੇ ਰਾਜ ‘ਚ ਸਾਰੇ ਧਰਮਾਂ ਦੇ ਮਾਣ ਸਤਿਕਾਰ ਨੂੰ ਹਰ ਹੀਲੇ ਬਰਕਰਾਰ ਰੱਖਿਆ ਜਾਵੇਗਾ। ਬਾਦਲ ਨੇ ਕਿਹਾ ਕਿ ਸਾਰੇ ਧਰਮਾਂ ਦੇ ਸਤਿਕਾਰ ਵੱਜੋਂ ਰਾਜ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਨੂੰ ਲਾਗੂ ਕੀਤਾ ਗਿਆ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦ-ਭਾਵ ਤੋਂ ਸਰਕਾਰੀ ਤੌਰ ‘ਤੇ ਦੇਸ਼ ਦੇ ਪ੍ਰਮੱਖ ਧਰਮ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਸਕਣ।

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਮਲੇਰਕੋਟਲਾ ਵਿਖੇ ਮੁਸਲਮਾਨ ਭਾਈਚਾਰੇ ਨੂਮ ਈਦ ਦੀ ਵਧਾਈ ਦੇਣ ਪਹੁੰਚੇ

ਉਨ੍ਹਾਂ ਕਿਹਾ ਕਿ ਮੁਸਲਿਮ ਅਤੇ ਇਸਾਈ ਭਾਈਚਾਰੇ ਦੀ ਵੱਡੀ ਮੰਗ ਨੂੰ ਪੂਰਾ ਕਰਦਿਆਂ ਆਉਣ ਵਾਲੇ ਤਿੰਨ ਮਹੀਨਿਆਂ ਦੇ ਅੰਦਰ ਰਾਜ ਦੇ ਵੱਡੀ ਆਬਾਦੀ ਵਾਲੇ ਪਿੰਡਾਂ ਅਤੇ ਸ਼ਹਿਰਾਂ ਵਿੱਚ 100 ਕਰੋੜ ਰੁਪਏ ਖਰਚ ਕਰਕੇ ਸਰਕਾਰੀ ਤੌਰ ‘ਤੇ ਕਬਰਸਤਾਨ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਮਲੇਰਕੋਟਲਾ ਦੇ ਨਿਵਾਸੀਆਂ ਦੀਆਂ ਸਾਰੀਆਂ ਸਮੱਸਿਆਵਾਂ ਦੇ ਹਲ ਲਈ ਅਗਲੇ ਮਹੀਨੇ ਦੋ ਦਿਨਾਂ ਦਾ ਸੰਗਤ ਦਰਸ਼ਨ ਪ੍ਰੋਗਰਾਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ।

ਸੁਖਬੀਰ ਬਾਦਲ ਨੇ ਮਲੇਰਕੋਟਲਾ ਵਿਖੇ ਪਿਛਲੇ ਦਿਨੀਂ ਪਵਿੱਤਰ ਕੁਰਾਨ ਸ਼ਰੀਫ ਦੀ ਬੇਅਦਬੀ ਦੇ ਮਾਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਮਾਮਲੇ ਭੜਕਾਉਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਕਿਸੇ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਅਮਨ ਭੰਗ ਕਰਨਾ ਚਾਹੁੰਦੀਆਂ ਬਾਹਰਲੀਆਂ ਏਜੰਸੀਆਂ ਅਤੇ ਵਿਰੋਧੀ ਸਿਆਸੀ ਪਾਰਟੀਆਂ ਦੇ ਅਜਿਹੇ ਮਨਸੂਬੇ ਸਫ਼ਲ ਨਹੀਂ ਹੋਣ ਦਿੱਤੇ ਜਾਣਗੇ। ਉਨ੍ਹਾਂ ਕਾਂਗਰਸ ਅਤੇ ਆਮ ਆਦਮੀ ਪਾਰਟੀ ‘ਤੇ ਵਰ੍ਹਦਿਆਂ ਕਿਹਾ ਕਿ ਪੂਰੇ ਦੇਸ਼ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇੜੀ ਕਹਿ ਕੇ ਬਦਨਾਮ ਕਰਨ ਵਾਲੀਆਂ ਅਜਿਹੀਆਂ ਪਾਰਟੀਆਂ ਨੂੰ ਪੰਜਾਬ ਦੇ ਲੋਕ ਕਦੇ ਮੂੰਹ ਨਹੀਂ ਲਾਉਣਗੇ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ 25 ਲੱਖ ਨੌਕਰੀਆਂ ਦੇਣ ਦੇ ਐਲਾਨ ‘ਤੇ ਵਿਅੰਗ ਕਰਦਿਆਂ ਕਿਹਾ ਕਿ ਅਜਿਹੇ ਗੁਮਰਾਹਕੁੰਨ ਬਿਆਨ ਦੇਣ ਤੋਂ ਪਹਿਲਾਂ ਕੇਜਰੀਵਾਲ ਦੱਸਣ ਕਿ ਪਿਛਲੇ ਦੋ ਸਾਲਾਂ ਵਿੱਚ ਦਿੱਲੀ ਵਿੱਚ ਉਨ੍ਹਾਂ ਦੀ ਸਰਕਾਰ ਵੱਲੋਂ ਕਿੰਨੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।

ਬਾਦਲ ਤੋਂ ਪਹਿਲਾ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵੱਲੋਂ ਸਾਰੇ ਧਰਮਾਂ ਪ੍ਰਤੀ ਸਤਿਕਾਰ ਨੂੰ ਕਾਇਮ ਰੱਖਿਆ ਜਾਂਦਾ ਹੈ ਅਤੇ ਪਿਛਲੇ ਦਿਨੀਂ ਮਲੇਰਕੋਟਲਾ ਵਿਖੇ ਮਾੜੀ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਸੰਜਮ ਨਾਲ ਕੰਮ ਲਿਆ ਹੈ ਜਿਸ ਲਈ ਮਲੇਰਕੋਟਲਾ ਦੇ ਲੋਕ ਵਧਾਈ ‘ਦੇ ਪਾਤਰ ਹਨ। ਉਨ੍ਹਾਂ ਈਦ-ਉਲ-ਫਿਤਰ ਦੇ ਪਵਿੱਤਰ ਦਿਹਾੜੇ ‘ਤੇ ਪੂਰੇ ਭਾਰਤ ਅੰਦਰ ਵਸੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਮੁਬਾਰਕਬਾਦ ਦਿੱਤੀ। ਇਸ ਦੌਰਾਨ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਨੇ ਵੀ ਸਮੂਹ ਭਾਈਚਾਰੇ ਨੂੰ ਈਦ ਦੀ ਮੁਬਾਰਕਬਾਦ ਦਿੱਤੀ।

ਇਸ ਤੋਂ ਪਹਿਲਾ ਇਜ਼ਹਾਰ ਆਲਮ ਨੇ ਕਿਹਾ ਕਿ ਈਦ ਦਾ ਇਹ ਤਿਓਹਾਰ ਰਮਜ਼ਾਨ ਦੇ ਪਵਿੱਤਰ ਮਹੀਨੇ ਰੋਜ਼ੇ ਰੱਖਣ ਤੋਂ ਬਾਅਦ ਖੁਦਾ ਦੇ ਸ਼ੁਕਰਾਨੇ ਵਜੋਂ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਇਹ ਤਿਉਹਾਰ ਆਪਸੀ ਭਾਈਚਾਰਾ, ਹਮਦਰਦੀ ਅਤੇ ਸਾਂਝ ਦਾ ਵੀ ਪ੍ਰਤੀਕ ਹੈ ਅਤੇ ਈਦ-ਉਲ-ਫਿਤਰ ਦਾ ਤਿਓਹਾਰ ਸਾਡੇ ਸਾਂਝੇ ਸਭਿਆਚਾਰ ਦੀ ਸੱਚੀ-ਸੁੱਚੀ ਭਾਵਨਾ ਨੂੰ ਦਰਸਾਉਂਦਾ ਹੈ।

ਇਸ ਮੌਕੇ ਮੁੱਖ ਸੰਸਦੀ ਸਕੱਤਰ ਬੀਬੀ ਫਰਜ਼ਾਨਾ ਆਲਮ, ਮੁੱਖ ਸੰਸਦੀ ਸਕੱਤਰ ਸੰਤ ਬਲਬੀਰ ਸਿੰਘ ਘੁੰਨਸ, ਮੁੱਖ ਸੰਸਦੀ ਸਕੱਤਰ ਪਰਕਾਸ਼ ਚੰਦ ਗਰਗ, ਸਾਬਕਾ ਮੰਤਰੀ ਗੋਬਿੰਦ ਸਿੰਘ ਕਾਂਝਲਾਂ, ਇਕਬਾਲ ਸਿੰਘ ਝੂੰਦਾਂ ਹਲਕਾ ਵਿਧਾਇਕ ਅਮਰਗੜ੍ਹ, ਸੀਨੀਅਰ ਅਕਾਲੀ ਆਗੂ ਰਜਿੰਦਰ ਸਿੰਘ ਕਾਂਝਲਾਂ, ਨੁਸਰਤ ਇਕਰਾਮ ਖਾਨ ਬੱਗਾ ਸਾਬਕਾ ਮੰਤਰੀ, ਤੇਜਾ ਸਿੰਘ ਕਮਾਲਪੁਰ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਕਰਨ ਘੁਮਾਨ ਸੀਨੀਅਰ ਅਕਾਲੀ ਆਗੂ, ਜਸਬੀਰ ਸਿੰਘ ਦਿਓਲ ਸਾਬਕਾ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਜਸਵਿੰਦਰ ਸਿੰਘ ਪ੍ਰਿੰਸ ਸ਼ਹਿਰੀ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਮਨਵੇਸ਼ ਸਿੰਘ ਸਿੱਧੂ ਵਿਸ਼ੇਸ ਪ੍ਰਮੱਖ ਸਕੱਤਰ ਅਤੇ ਹੋਰ ਕਈ ਪ੍ਰਮੁੱਖ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version