ਅੰਮ੍ਰਿਤਸਰ: ਅਕਾਲ ਤਖ਼ਤ ਸਾਹਿਬ ਦੇ ਸਾਬਕਾ ਪੰਜ ਪਿਆਰਿਆਂ ਵਲੋਂ ਅੰਮ੍ਰਿਤਸਰ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿਚ ਨਵਾਂ ਦਫਤਰ ਖੋਲ੍ਹਿਆ ਗਿਆ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ, ਭਾਈ ਮੇਜਰ ਸਿੰਘ, ਭਾਈ ਮੰਗਲ ਸਿੂੰਘ ਅਤੇ ਭਾਈ ਤਰਲੋਚਨ ਸਿੰਘ ਨੇ ਗਿਆਨੀ ਗੁਰਬਚਨ ਸਿੰਘ ਵਲੋਂ ਡੇਰਾ ਸਿਰਸਾ ਦੇ ਮੁਖੀ ਨੂੰ ਮਾਫੀ ਦੇਣ ’ਤੇ ਸਖਤ ਨੋਟਿਸ ਲਿਆ ਸੀ। ਇਨ੍ਹਾਂ ਪੰਜਾਂ ਨੂੰ ਸ਼੍ਰੋਮਣੀ ਕਮੇਟੀ ਨੇ ‘ਬਰਖਾਸਤ’ ਕਰ ਦਿੱਤਾ ਸੀ।
ਨਵੇਂ ਅੰਮ੍ਰਿਤਸਰ (ਜਲੰਧਰ-ਅੰਮ੍ਰਿਤਸਰ ਰੋਡ ’ਤੇ) ਵਿਖੇ ਹੋਏ ਸਮਾਗਮ ਵਿਚ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ, ਸਿੱਖ ਵਿਦਵਾਨ ਸ. ਅਜਮੇਰ ਸਿੰਘ, ਦਮਦਮੀ ਟਕਸਾਲ ਸੰਗਰਾਵਾਂ ਦੇ ਮੁਖੀ ਗਿਆਨੀ ਰਾਮ ਸਿੰਘ, ਦਲ ਖ਼ਾਲਸਾ ਦੇ ਭਾਈ ਕੰਵਰਪਾਲ ਸਿੰਘ, ਅਖੰਡ ਕੀਰਤਨੀ ਜੱਥਾ ਦੇ ਆਗੂ ਭਾਈ ਆਰ.ਪੀ. ਸਿੰਘ ਆਦਿ ਸ਼ਾਮਲ ਸਨ।
ਸਮਾਗਮ ਦੌਰਾਨ ਵੱਖ-ਵੱਖ ਬੁਲਾਰਿਆਂ ਨੇ ਭਾਈ ਸਤਨਾਮ ਸਿੰਘ ਖੰਡਾ ਅਤੇ ਉਨ੍ਹਾਂ ਦੇ ਸਾਥੀ ਸਿੰਘਾਂ ਵਲੋਂ ਪੰਥ ਹਿਤ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।
ਭਾਈ ਸਤਨਾਮ ਸਿੰਘ ਨੇ ਕਿਹਾ ਕਿ ਉਹ ਪੰਥ ਦੀ ਸੇਵਾ ਅਤੇ ਅੰਮ੍ਰਿਤ ਸੰਚਾਰ ਕਰਦੇ ਰਹਿਣਗੇ।