ਖਾਸ ਖਬਰਾਂ » ਪੰਜਾਬ ਦੀ ਰਾਜਨੀਤੀ

ਸੂਬੇ ਦੇ ਡਿਗਰੀ ਕਾਲਜਾਂ ਦੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲੱਗਾ: ਜੁਆਇੰਟ ਐਕਸ਼ਨ ਕਮੇਟੀ

May 22, 2018 | By

ਪਟਿਆਲਾ: ਸੂਬੇ ਭਰ ਦੇ ਡਿਗਰੀ ਕਾਲਜਾਂ ਨੂੰ ਪੰਜਾਬ ਸਰਕਾਰ ਵੱਲੋਂ ਫੰਡ ਜਾਰੀ ਨਾ ਕੀਤੇ ਜਾਣ ਕਾਰਨ ਚਾਰ ਲੱਖ ਦੇ ਕਰੀਬ ਅਨਸੂਚਿਤ ਜਾਤੀ ਦੇ ਵਿਦਿਆਰਥੀਆਂ ਦਾ ਭਵਿੱਖ ਦਾਅ ‘ਤੇ ਲੱਗਾ ਹੋਇਆ ਹੈ ਅਤੇ ਕਾਲਜਾਂ ਵੱਲੋਂ ਵਿਦਿਆਰਥੀਆਂ ਦੇ ਨਵੇਂ ਦਾਖਲਿਆਂ ‘ਤੇ ਰੋਕ ਇਸ ਕਰਕੇ ਲਗਾ ਦਿੱਤੀ ਗਈ ਹੈ ਕਿ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਡਿਗਰੀ ਕਾਲਜਾਂ ਨੂੰ ਫੰਡ ਮੁਹੱਈਆ ਨਾ ਕਰਵਾ ਸਕੀ।

ਜੁਆਇੰਟ ਐਕਸ਼ਨ ਕਮੇਟੀ ਦਾ ਵਫ਼ਦ ਅਨਸੂਚਿਤ ਜਾਤੀ ਦੇ ਵਿਦਿਆਰਥੀ ਦੇ ਮਾਮਲੇ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਾ ਹੋਇਆ

ਇਹ ਪ੍ਰਗਟਾਵਾ ਜੁਆਇੰਟ ਐਕਸ਼ਨ ਕਮੇਟੀ ਦੇ ਆਗੂ ਹਰਸਿਮਰਨ ਸਿੰਘ ਦੀ ਅਗਵਾਈ ‘ਚ ਵਫ਼ਦ ਨੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਕਾਨਫਰੰਸ ਹਾਲ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਵਫ਼ਦ ਨੇ ਮੰਗਾਂ ਸਬੰਧੀ ਇਕ ਮੰਗ ਪੱਤਰ ਪੱਛੜੀਆਂ ਸ਼੍ਰੇਣੀਆਂ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਸੌਂਪਦਿਆਂ ਅਨਸੂਚਿਤ ਜਾਤੀ ਦੇ ਵਿਦਿਆਰਥੀਆਂ ਨਾਲ ਹੋ ਰਹੀ ਧੱਕੇਸ਼ਾਹੀ ਪ੍ਰਤੀ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਗੱਲਬਾਤ ਕਰਦਿਆਂ ਹਰਸਿਮਰਨ ਸਿੰਘ ਨੇ ਕਿਹਾ ਕਿ ਡਿਗਰੀ ਕਾਲਜਾਂ ਨੂੰ ਫੰਡ ਕੇਂਦਰ ਸਰਕਾਰ ਵੱਲੋਂ ਮੁਹੱਈਆ ਕੀਤੇ ਜਾਂਦੇ ਸਨ, ਪਰ ਕੇਂਦਰ ਸਰਕਾਰ ਨੇ ਅਨੁਸੂਚਿਤ ਜਾਤੀ ਦੀਆਂ ਨਵੀਆਂ ਗਾਈਡ ਲਾਈਨਾਂ ਜਾਰੀ ਕਰਦਿਆਂ ਫੰਡ ਜਾਰੀ ਕਰਨ ਤੋਂ ਕੋਰਾ ਜਵਾਬ ਦਿੰਦਿਆਂ ਸੂਬਾ ਸਰਕਾਰਾਂ ਨੂੰ ਅਨੁਸੂਚਿਤ ਜਾਤੀ ਵਿਦਿਆਰਥੀ ਫੰਡ ਮੁਹੱਈਆ ਕਰਨ ਲਈ ਕਿਹਾ, ਜਿਸ ਕਾਰਨ ਪੰਜਾਬ ਸਰਕਾਰ ਵਲੋਂ ਪਿਛਲੇ ਤਿੰਨ ਸਾਲਾਂ ਦਾ 1600 ਕਰੋੜ ਰੁਪਏ ਡਿਗਰੀ ਕਾਲਜਾਂ ਨੂੰ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਚੱਲਦਿਆਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਨਵੇਂ ਦਾਖਲੇ ਨਹੀਂ ਮਿਲ ਰਹੇ ਅਤੇ ਡਿਗਰੀ, ਕੋਰਸ ਕਰ ਰਹੇ ਵਿਦਿਆਰਥੀਆਂ ਦੀਆਂ ਕਾਲਜਾਂ ‘ਚ ਫੰਡ ਨਾ ਆਉਣ ਕਾਰਨ ਉਨ੍ਹਾਂ ਦੀ ਪੜ੍ਹਾਈ ਪ੍ਰਭਾਵਤ ਹੋ ਰਹੀ ਹੈ, ਜਿਸ ਕਾਰਨ ਨੌਕਰੀਆਂ ਪ੍ਰਾਪਤ ਕਰਨ ਦਾ ਖ਼ਤਰਾ ਵੀ ਮੰਡਰਾਉਣ ਲੱਗ ਪਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਜਦੋਂ ਸਰਕਾਰ ਦੇ ਨੁਮਾਇੰਦਿਆਂ ਨਾਲ ਰਾਬਤਾ ਕਾਇਮ ਕੀਤਾ ਜਾਂਦਾ ਹੈ ਤਾਂ ਉਹ ਆਡਿਟ ਦਾ ਬਹਾਨਾ ਬਣਾ ਦਿੰਦੇ ਹਨ, ਜਿਸ ਕਾਰਨ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਖੱਜਲ ਖੁਆਰੀ ਕੀਤੀ ਜਾ ਰਹੀ ਹੈ।

ਵਫ਼ਦ ਨੇ ਡਿਗਰੀ ਕਾਲਜਾਂ ਨੂੰ ਫੰਡ ਜਾਰੀ ਕਰਨ ਦੀ ਮੰਗ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਜਲਦ ਹੀ ਇਸ ਮਾਮਲੇ ਬਾਰੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਇਸ ਮੌਕੇ ਪੱਛੜੀਆਂ ਸ੍ਰੇਣੀਆਂ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਵਫ਼ਦ ਨੇ ਮਾਮਲੇ ਬਾਰੇ ਜਾਣੂੰ ਕਰਵਾਇਆ, ਜਿਸ ਬਾਰੇ ਉਹ ਜਲਦ ਹੀ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਮਿਲਕੇ ਜਾਣੂੰ ਕਰਵਾਉਣਗੇ ਤਾਂ ਕਿ ਇਹ ਮਾਮਲਾ ਪੰਜਾਬ ਸਰਕਾਰ ਕੋਲ ਉਠਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਪ੍ਰਤੀ ਸੰਜੀਦਾ ਰੁਖ ਅਪਣਾਉਣਾ ਚਾਹੀਦਾ ਹੈ ਅਤੇ ਡਿਗਰੀ ਕਾਲਜਾਂ ਨੂੰ ਫੰਡ ਜਾਰੀ ਕਰਕੇ ਵਿਦਿਆਰਥੀਆਂ ਦੇ ਭਵਿੱਖ ਪ੍ਰਤੀ ਗੰਭੀਰ ਹੋਣ ਦੀ ਲੋੜ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਤਿੰਦਰ ਸਿੰਘ ਸੋਹੀ ਆਈ.ਟੀ. ਫੈਡਰੇਸ਼ਨ, ਵਰਿੰਦਰਪਾਲ ਸਿੰਘ, ਨਰ ਸਿੰਘ ਕਾਲਜ ਫੈਡਰੇਸ਼ਨ, ਨੰਨਦੀਪ ਸਿੰਘ, ਕੂਕਾ, ਸੁਖਜਿੰਦਰ ਸਿੰਘ ਅਤੇ ਸੁਪਿੰਦਰ ਸਿੰਘ ਆਦਿ ਹਾਜ਼ਰ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,