April 27, 2023 | By ਸਿੱਖ ਸਿਆਸਤ ਬਿਊਰੋ
ਪਟਿਆਲਾ (27 ਮਾਰਚ): ਪੰਥ ਸੇਵਕ ਸਖਸ਼ੀਅਤਾਂ ਵੱਲੋਂ ਆਉਂਦੇ ਮੀਰੀ ਪੀਰੀ ਦਿਵਸ ਉੱਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਤੇ ‘ਵਿਸ਼ਵ ਸਿੱਖ ਇਕੱਤਰਤਾ’ ਦੇ ਸੱਦੇ ਤਹਿਤ ਸਥਾਨਕ ਗੁਰ-ਸੰਗਤ, ਖਾਲਸਾ ਪੰਥ ਦੇ ਜਥਿਆਂ, ਸੰਪਰਦਾਵਾਂ, ਸਖਸੀਅਤਾਂ ਅਤੇ ਪੰਥ ਸੇਵਕਾਂ ਨਾਲ ਤਾਲਮੇਲ ਤੇ ਮੁਲਾਕਾਤਾਂ ਦੇ ਸਿਲਸਿਲੇ ਤਹਿਤ ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਇਕੱਤਰਤਾ ਹੋਈ। ਇਸ ਇਕੱਤਰਤਾ ਵਿਚ ਪੰਜਾਬੀ ਯੂਨੀਵਰਸਿਟੀ ਦੀ ਜਥੇਬੰਦੀਆਂ ਦੇ ਆਗੂ ਅਤੇ ਯੂਨੀਵਰਸਿਟੀ ਦੇ ਨੇੜਲੇ ਇਲਾਕੇ ਵਿੱਚ ਗੁਰੂ ਖਾਲਸਾ ਪੰਥ ਤੇ ਗੁਰ-ਸੰਗਤ ਦੀ ਸੇਵਾ ਵਿਚ ਸਰਗਰਮ ਜਥਿਆਂ ਦੇ ਨੁਮਾਇੰਦਿਆਂ ਤੇ ਸਮਾਜ ਵਿਚ ਸਰਗਰਮ ਸਖਸ਼ੀਅਤਾਂ ਨੇ ਹਿੱਸਾ ਲਿਆ।
ਇਸ ਇਕੱਤਰਤਾ ਵਿਚ ਹਾਜਰ ਭਾਈ ਦਲਜੀਤ ਸਿੰਘ ਬਿੱਟੂ ਅਤੇ ਪਰਮਜੀਤ ਸਿੰਘ ਗਾਜੀ ਨੇ ਕਿਹਾ ਕਿ ਇਕ ਸਦੀ ਪਹਿਲਾਂ ਸੰਘਰਸ਼ ਵਿੱਚੋਂ ਨਿੱਕਲੀਆਂ ਸਿੱਖ ਸੰਸਥਾਵਾਂ ਦਿੱਲੀ ਦਰਬਾਰ ਦੀ ਰਾਜਸੀ ਅਧੀਨਗੀ ਹੇਠ ਆ ਜਾਣ ਦੇ ਨਾਲ-ਨਾਲ ਕਈ ਹੋਰ ਅੰਦਰੂਨੀ ਕਮਜੋਰੀਆਂ ਦਾ ਵੀ ਸ਼ਿਕਾਰ ਹੋ ਚੁੱਕੀਆਂ ਹਨ। ਇਸ ਕਾਰਨ ਇਹ ਸਿੱਖਾਂ ਵਿੱਚ ਆਪਣੀ ਮਾਨਤਾ ਅਤੇ ਅਸਰ ਰਸੂਖ ਗਵਾਈ ਜਾ ਰਹੀਆਂ ਹਨ। ਵਰਤਮਾਨ ਗੈਰ ਸਿਧਾਂਤਕ ਪ੍ਰਬੰਧ ਕਾਰਨ ਗੁਰੂ ਖਾਲਸਾ ਪੰਥ ਦੇ ਕੇਂਦਰੀ ਧੁਰੇ ਵਜੋਂ ਅਗਵਾਈ ਕਰਨ ਵਾਲੇ ਸਰਵਉੱਚ ਤੇ ਸਰਵਪਰਵਾਨਤ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਵੱਡੀ ਆਂਚ ਆਈ ਹੈ।
ਉਹਨਾ ਦੱਸਿਆਂ ਕਿ ਅਸੀਂ ਪਿਛਲੇ ਛੇ ਮਹੀਨਿਆਂ ਦੌਰਾਨ ਸਿੱਖ ਸੰਪਰਦਾਵਾਂ, ਸੰਸਥਾਵਾਂ, ਪੰਥਕ ਸਖ਼ਸ਼ੀਅਤਾਂ, ਵਿਚਾਰਵਾਨਾਂ, ਵਿਦਵਾਨਾਂ, ਨੌਜੁਆਨਾਂ ਅਤੇ ਪ੍ਰਚਾਰਕਾਂ ਨਾਲ ਸੰਵਾਦ ਕੀਤਾ ਹੈ। ਇਸ ਦੀ ਅਗਲੀ ਕੜੀ ਤਹਿਤ 28 ਜੂਨ 2023 ਨੂੰ ਮੀਰੀ-ਪੀਰੀ ਦਿਵਸ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਇਕੱਤਰਤਾ ਸੱਦੀ ਜਾਵੇਗੀ, ਜਿਸ ਵਿੱਚ ਸ਼ਮੂਲੀਅਤ ਲਈ ਦੇਸ-ਵਿਦੇਸ ਤੋਂ ਸਿੱਖ ਸੰਪਰਦਾਵਾਂ, ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸੱਦਾ ਦਿਤਾ ਜਾਵੇਗਾ। ਵਿਸ਼ਵ ਸਿੱਖ ਇਕੱਤਰਤਾ ਵਿੱਚ ਸਾਡੀ ਕੋਸ਼ਿਸ਼ ਰਹੇਗੀ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਵਿਚ ਗੁਰਮਤੇ ਅਤੇ ਪੰਚ ਪ੍ਰਧਾਨੀ ਪ੍ਰਣਾਲੀ ਦੀ ਮੁੜ ਬਹਾਲੀ ਬਾਰੇ ਸਾਂਝਾ ਫੈਸਲਾ ਲਿਆ ਜਾਵੇ।
ਇਸ ਮੌਕੇ ਪੰਥ ਸੇਵਕ ਸਖਸ਼ੀਅਤਾਂ ਨੇ ਗੋਸਟਿ ਸਭਾ, ਸੱਥ, ਗੁਰਮੁਖੀ ਟਕਸਾਲ,ਸੈਫੀ ਅਤੇ ਯੂਨਾਈਟਿਡ ਸਿੱਖ ਸਟੂਡੈਂਟ ਫੈਡਰੇਸ਼ਨ ਜਥੇਬੰਦੀ ਦੇ ਆਗੂਆਂ ਨੂੰ ਵਿਸ਼ਵ ਸਿੱਖ ਇਕੱਤਰਤਾ ਦਾ ਸੱਦਾ ਦਿੱਤਾ। ਅੱਜ ਦੀ ਬੈਠਕ ਵਿਚ ਹੋਰਨਾਂ ਤੋਂ ਇਲਾਵਾ ਰਵਿੰਦਰਪਾਲ ਸਿੰਘ, ਯਾਦਵਿੰਦਰ ਸਿੰਘ, ਵਿਕਰਮ ਸਿੰਘ, ਡਾ.ਗੁਰਤੇਜ ਸਿੰਘ, ਹਰਦੀਪ ਸਿੰਘ , ਜਗਜੀਤ ਸਿੰਘ, ਰਣਜੋਧ ਸਿੰਘ, ਗਗਨਦੀਪ ਸਿੰਘ, ਅਮਨਦੀਪ ਸਿੰਘ , ਮਨਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਸੁਖਮਿੰਦਰ ਸਿੰਘ, ਡਾ. ਸਤਿੰਦਰ ਸਿੰਘ, ਰਣਜੀਤ ਸਿੰਘ ਵੀ ਹਾਜ਼ਰ ਸਨ।
Related Topics: Panth Sewak, Punjabi University Patiala