ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ ਦਿਹਾੜਾ (ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਹਫਤੇ ‘ਚ) ਬਿਕਰਮੀ ਕੈਲੰਡਰ ਮੁਤਾਬਕ 25 ਦਸੰਬਰ 2017 ਦੀ ਬਜਾਏ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ 5 ਜਨਵਰੀ 2018 ਨੂੰ ਮਨਾਏ ਜਾਣ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਲੋਂ ਦਿੱਤੇ ਬਿਆਨ ਤੋਂ ਬਾਅਦ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਗਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਹੇਠ ਅੱਜ (13 ਨਵੰਬਰ, 2017) ਪੰਜ ਜਥੇਦਾਰਾਂ ਦੀ ਇਕੱਤਰਤਾ ਨੇ ਫੈਸਲਾ ਕੀਤਾ ਹੈ ਕਿ ਗੁਰੂ ਗੋਬਿੰਦ ਸਿੰਘ ਜੀ ਦਾ 350 ਸਾਲਾ ਪ੍ਰਕਾਸ਼ ਪੁਰਬ 25 ਦਸੰਬਰ ਨੂੰ ਹੀ ਮਨਾਇਆ ਜਾਵੇ।
ਰਾਸ਼ਟਰੀ ਸਿੱਖ ਸੰਗਤ ਵਲੋਂ 25 ਅਕਤੂਬਰ 2017 ਨੂੰ ਕਰਵਾਏ ਗਏ ਸਮਾਗਮ ਬਾਰੇ ਭੇਜੇ ਸਪੱਸ਼ਟੀਕਰਨ ਬਾਰੇ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਹਾਲੇ ਤੀਕ ਰਾਸ਼ਟਰੀ ਸਿੱਖ ਸੰਗਤ ਵਲੋਂ ਭੇਜੀ ਚਿੱਠੀ ਮਿਲੀ ਹੀ ਨਹੀਂ ਹੈ। ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢਡਰੀਆਂਵਾਲੇ ਦੇ ਮਸਲੇ ‘ਤੇ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਜੇਕਰ ਅਜਿਹੀਆਂ “ਵਿਵਾਦਤ” ਸੀ.ਡੀ. ਹਨ ਤਾਂ ਅਕਾਲ ਤਖਤ ਸਾਹਿਬ ਦੇ ਹੁਕਮ ‘ਤੇ ਸ਼੍ਰੋਮਣੀ ਕਮੇਟੀ ਵਲੋਂ ਬਣਾਈ ਗਈ ਜਾਂਚ ਕਮੇਟੀ ਨੂੰ ਸੌਂਪੀਆਂ ਜਾਣ।
ਅੱਜ (13 ਨਵੰਬਰ, 2017) ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਗਿਆਨੀ ਗੁਰਬਚਨ ਸਿੰਘ ਦੀ ਅਗਵਾਈ ਹੇਠ ਹੋਈ ਜਥੇਦਾਰਾਂ ਦੀ ਇੱਕਤਰਤਾ ਵਿੱਚ ਗਿਆਨੀ ਇਕਬਾਲ ਸਿੰਘ, ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਰਘਬੀਰ ਸਿੰਘ ਅਤੇ ਦਰਬਾਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ ਸ਼ਾਮਿਲ ਹੋਏ। ਇਕੱਤਰਤਾ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਦਾ ਸ਼ੁਕਰਾਨਾ ਦਿਹਾੜਾ ਅਤੇ 351ਵਾਂ ਪ੍ਰਕਾਸ਼ ਪੁਰਬ ਤਖ਼ਤ ਪਟਨਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ। ਇਸ ਲਈ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੋਹ ਸੁਦੀ ਸੱਤਵੀਂ (25 ਦਸੰਬਰ, 2017) ਨੂੰ ਹੀ ਮਨਾਇਆ ਜਾਵੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਖ਼ਤ ਪਟਨਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਉਣ ਲਈ ਪੂਰਨ ਸਹਿਯੋਗ ਦਿੱਤਾ ਜਾਵੇ।
ਸਬੰਧਤ ਖ਼ਬਰ: ਸਿੱਖ ਸੰਗਤਾਂ ਨਾਨਕਸ਼ਾਹੀ ਕੈਲੰਡਰ ਮੁਤਾਬਕ ਦਸਵੇਂ ਪਾਤਸ਼ਾਹ ਦਾ ਗੁਰਪੁਰਬ 5 ਜਨਵਰੀ ਨੂੰ ਮਨਾਉਣ:ਦਲ ਖਾਲਸਾ …
ਗਿਆਨੀ ਗੁਰਬਚਨ ਸਿੰਘ ਨੇ ਇਹ ਵੀ ਕਿਹਾ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਗੁਰ-ਇਤਿਹਾਸ ਸਬੰਧੀ ਸਟੇਜਾਂ ਉਪਰ ਜੋ ਪ੍ਰਚਾਰ ਕੀਤਾ ਜਾ ਰਿਹਾ ਹੈ, ਉਸ ‘ਤੇ ਸੰਗਤਾਂ ਨੇ ਕਾਫੀ ‘ਇਤਰਾਜ਼’ ਕੀਤਾ ਹੈ। ਗਿਆਨੀ ਗੁਰਬਚਨ ਸਿੰਘ ਨੇ ਕਿਹਾ ਜੇਕਰ ਇਸ ਤਰ੍ਹਾਂ ਦੀ ਕੋਈ ਗੱਲ ਪਾਈ ਗਈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੰਜ ਜਥੇਦਾਰਾਂ ਦੀ ਇਕੱਤਰਤਾ ਵਿਚ ਬਾਬਾ ਬਲਬੀਰ ਸਿੰਘ 96 ਕਰੋੜੀ ਬੁੱਢਾ ਦਲ ਨੂੰ ‘ਸ਼੍ਰੋਮਣੀ ਸੇਵਾ ਰਤਨ’ ਅਤੇ ਭਾਈ ਜਸਵੰਤ ਸਿੰਘ ਸਾਬਕਾ ਹਜ਼ੂਰੀ ਰਾਗੀ ਦਰਬਾਰ ਸਾਹਿਬ ਨੂੰ ‘ਸ਼੍ਰੋਮਣੀ ਰਾਗੀ’ ਦੇ ਸਨਮਾਨ ਨਾਲ ਅਕਾਲ ਤਖ਼ਤ ਸਾਹਿਬ ਵਿਖੇ 29 ਨਵੰਬਰ 2017 ਨੂੰ ਸਨਮਾਨਿਤ ਕਰਨ ਦਾ ਫੈਸਲਾ ਵੀ ਲਿਆ ਗਿਆ।