ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਹਿੰਦੂਵਾਦੀ ਵਿਚਾਰਧਾਰਾ ਵਾਲੀ ਸੰਸਥਾ ਰਾਸ਼ਟਰੀ ਸਿੱਖ ਸੰਗਤ ਵਲੋਂ 25 ਅਕਤੂਬਰ ਨੂੰ ਦਿੱਲੀ ਵਿੱਚ ਕਰਵਾਏ ਜਾ ਰਹੇ ਸਮਾਗਮ ਵਿੱਚ ਸ਼ਮੂਲੀਅਤ ਨੂੰ ਲੈਕੇ ਲਾਈਆਂ ਜਾ ਰਹੀਆਂ ਕਿਆਸ ਅਰਾਈਆਂ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਗਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਉਹ ਇਸ ਸਮਾਗਮ ਵਿੱਚ ਸ਼ਮੂਲੀਅਤ ਨਹੀਂ ਕਰ ਰਹੇ। ਗਿ. ਗੁਰਬਚਨ ਸਿੰਘ ਨੇ ਕਿਹਾ ਕਿ ਇਸ ਸੰਸਥਾ ਸਬੰਧੀ 23 ਜੁਲਾਈ 2004 ਨੂੰ ਅਕਾਲ ਤਖਤ ਸਾਹਿਬ ਵਲੋਂ ਜਾਰੀ ਹੋਇਆ ਹੁਕਮਨਾਮਾ ਜਿਉਂ ਦਾ ਤਿਉਂ ਬਰਕਰਾਰ ਹੈ।
ਪਰ ਗਿ. ਗੁਰਬਚਨ ਸਿੰਘ ਵਲੋਂ ਜਾਰੀ ਪ੍ਰੈਸ ਬਿਆਨ ‘ਚ (ਜਿਸਦੀ ਨਕਲ ਸਿੱਖ ਸਿਆਸਤ ਨਿਊਜ਼ ਕੋਲ ਮੌਜੂਦ ਹੈ) ਗਿਆਨੀ ਇਕਬਾਲ ਸਿੰਘ ਜਥੇਦਾਰ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਸ਼ਮੂਲੀਅਤ ਬਾਰੇ ਕੋਈ ਜ਼ਿਕਰ ਨਹੀਂ ਕੀਤਾ ਗਿਆ। ਅਕਾਲ ਤਖਤ ਸਾਹਿਬ ਦੇ ਸਕਤਰੇਤ ਵਲੋਂ ਗਿਆਨੀ ਗੁਰਬਚਨ ਸਿੰਘ ਦੇ ਹਵਾਲੇ ਨਾਲ ਭੇਜੇ ਗਏ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ ‘ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਕਿਹਾ ਹੈ ਕਿ ਸਿੱਖ ਗੁਰੂ-ਸਾਹਿਬਾਨ ਸਭ ਦੇ ਸਾਂਝੇ ਹਨ ਅਤੇ ਗੁਰੂ-ਸਾਹਿਬਾਨ ਵੱਲੋਂ ਸਾਰੀ ਲੋਕਾਈ ਨੂੰ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਗਿਆ ਹੈ। ਸਾਡੇ ਇਤਿਹਾਸ ਨੂੰ ਕਿਸੇ ਹੋਰ ਧਰਮ ਵਿਚ ਰਲਗੱਡ ਕਰਨ ਦੀ ਇਜਾਜ਼ਤ ਕਿਸੇ ਨੂੰ ਵੀ ਨਹੀਂ ਦਿੱਤੀ ਜਾ ਸਕਦੀ ਅਤੇ ਨਾ ਹੀ ਇਹ ਬਰਦਾਸ਼ਤ ਕੀਤਾ ਜਾ ਸਕਦਾ ਹੈ। ਕਿਉਂਕਿ ਸਿੱਖ ਇੱਕ ਵੱਖਰੀ ਕੌਮ ਹੈ, ਸਾਡੀ ਵੱਖਰੀ ਪਹਿਚਾਣ ਹੈ, ਸਾਡਾ ਆਪਣਾ ਵਿਲੱਖਣ ਇਤਿਹਾਸ ਹੈ। ਸਿੱਖ ਧਰਮ ਕਿਸੇ ਵੀ ਦੂਸਰੇ ਧਰਮ ਦੇ ਧਾਰਮਿਕ ਵਿਸ਼ਵਾਸਾਂ, ਮਰਿਯਾਦਾਵਾਂ ਅਤੇ ਇਤਿਹਾਸ ਵਿਚ ਕਦੇ ਵੀ ਦਖ਼ਲਅੰਦਾਜ਼ੀ ਨਹੀਂ ਕਰਦਾ ਹੈ ਅਤੇ ਨਾ ਹੀ ਸਿੱਖ ਧਰਮ ਵਿਚ ਕੀਤੀ ਜਾਣ ਵਾਲੀ ਦਖ਼ਲਅੰਦਾਜ਼ੀ ਬਰਦਾਸ਼ਤ ਕਰਦਾ ਹੈ’।
ਸਬੰਧਤ ਖ਼ਬਰ ਨੂੰ ਅੰਗ੍ਰੇਜ਼ੀ ਵਿਚ ਪੜ੍ਹਨ ਲਈ: US Sikh Bodies Call for Boycott of October 25 Event by Anti-Sikh RSS wing …
ਜ਼ਿਕਰਯੋਗ ਹੈ ਕਿ ਹਿੰਦੀ ਹਿੰਦੂ ਹਿੰਦੁਸਤਾਨ ਦੀ ਹਮਾਇਤੀ ਜਥੇਬੰਦੀ ਆਰ.ਐਸ.ਐਸ. ਦੀ ਹੀ ਇਕ ਸ਼ਾਖਾ ਰਾਸ਼ਟਰੀ ਸਿੱਖ ਸੰਗਤ ਵਲੋਂ 25 ਅਕਤੂਬਰ ਨੂੰ ਦਿੱਲੀ ਦੇ ਤਾਲਕਟੋਰਾ ਸਟੇਡੀਅਮ ‘ਚ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।
ਇਸ ਪ੍ਰੋਗਰਾਮ ਕਾਰਨ ਦੁਨੀਆ ਭਰ ਦੇ ਸਿੱਖਾਂ ਵਲੋਂ ਪ੍ਰਤੀਕ੍ਰਿਆਵਾਂ ਆ ਰਹੀਆਂ ਹਨ। ਗਿਆਨੀ ਗੁਰਬਚਨ ਸਿੰਘ ਵਲੋਂ ਦਿੱਤਾ ਬਿਆਨ ਇਸੇ ਸੰਦਰਭ ‘ਚ ਲਿਆ ਜਾ ਸਕਦਾ ਹੈ ਕਿ ਉਹ ਸੰਗਤ ਦੇ ਰੋਹ ਨੂੰ ਦੇਖਦੇ ਹੋਏ ਇਹੋ ਜਿਹੇ ਬਿਆਨ ਦੇਣ ਦੀ ਰਣਨੀਤੀ ਅਪਣਾ ਰਹੇ ਹਨ।
ਸਬੰਧਤ ਖ਼ਬਰ: ਸਿੱਖਾਂ ਦੀਆਂ ਜੜ੍ਹਾਂ ਵੱਢਣ ਵਾਲੀ ਆਰ.ਐਸ.ਐਸ., ਹੁਣ ਗੁਰਪੁਰਬ ਮਨਾਉਣ ਦਾ ਢੌਂਗ ਰਚ ਰਹੀ ਹੈ: ਖਾਲੜਾ ਮਿਸ਼ਨ …