ਅੰਮ੍ਰਿਤਸਰ: ਗਿਆਨੀ ਗੁਰਬਚਨ ਸਿੰਘ ਵੱਲੋਂ ਵੱਖ-ਵੱਖ ਸਿੱਖ ਮਸਲਿਆਂ ਦੇ ਹੱਲ ਲਈ ਵਿਚਾਰ ਕਰਨ ਵਾਸਤੇ ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਸਮੂਹ ਸਕੱਤਰਾਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਦੀ ਸੱਦੀ ਗਈ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋਂ ਸ਼ਾਮਲ ਨਾ ਹੋਣ ਕਾਰਣ , ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਅਤੇ ਗਿਆਨੀ ਗੁਰਬਚਨ ਸਿੰਘ ਵਿਚਾਲੇ ਪੈਦਾ ਹੋਏ ਮਤਭੇਦਾਂ ਕਾਰਨ ਉਨ੍ਹਾਂ ਵਿਚਾਲੇ ਦੂਰੀ ਹੋਰ ਵਧਦੀ ਪ੍ਰਤੀਤ ਹੋ ਰਹੀ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਵਿਦੇਸ਼ ਵਿੱਚ ਸਿੱਖਾਂ ‘ਤੇ ਹੁੰਦੇ ਨਸਲੀ ਹਮਲਿਆਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੇ ਸੱਦੀ ਮੀਟਿੰਗ ਵਿੱਚ ਗਿਆਨੀ ਗੁਰਬਚਨ ਸਿੰਘ ਨੂੰ ਸੱਦਾ ਨਹੀਂ ਸੀ ਦਿੱਤਾ ਅਤੇ ਬਾਅਦ ਵਿੱਚ ਆਪਣਾ ਪ੍ਰਭਾਵ ਬਣਾਉਣ ਲਈ ਗਿਆਨੀ ਗੁਰਬਚਨ ਸਿੰਘ ਨੇ ਉਕਤ ਮਾਮਲਿਆਂ ਵਿੱਚ ਮੀਟਿੰਗ ਰੱਖੀ ਸੀ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਨੁਮਾਂਇਦਾ ਹਾਜ਼ਰ ਨਹੀ ਹੋਇਆ।
ਕੱਲ੍ਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਵੱਖ-ਵੱਖ ਸਿੱਖ ਮਸਲਿਆਂ ਦੇ ਹੱਲ ਲਈ ਵਿਚਾਰ ਕਰਨ ਵਾਸਤੇ ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਸਮੂਹ ਸਕੱਤਰਾਂ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰਾਂ ਦੀ ਮੀਟਿੰਗ ਸੱਦੀ ਗਈ ਸੀ, ਪਰ ਕੋਈ ਵੀ ਅਧਿਕਾਰੀ ਇਸ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਇਆ ਅਤੇ ਗਿਆਨੀ ਗੁਰਬਚਨ ਸਿੰਘ ਵੱਲੋਂ ਮੀਟਿੰਗ ਰੱਦ ਕਰ ਦਿੱਤੀ ਗਈ ਸੀ।
ਇਹ ਸਾਰੇ ਅਧਿਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਕੀਤੀ ਹਦਾਇਤ ਕਾਰਨ ਮੀਟਿੰਗ ਵਿੱਚ ਨਹੀਂ ਗਏ ਸਨ ਕਿਉਂਕਿ ਸ਼੍ਰੋਮਣੀ ਕਮੇਟੀ ਅਜਿਹੇ ਮਾਮਲਿਆਂ ਸਬੰਧੀ ਪਹਿਲਾਂ ਹੀ ਵੱਖ-ਵੱਖ ਸਿੱਖ ਜਥੇਬੰਦੀਆਂ ਨਾਲ ਮੀਟਿੰਗ ਕਰ ਚੁੱਕੀ ਹੈ।
ਗਿਆਨੀ ਗੁਰਬਚਨ ਸਿੰਘ ਨੇ ਕੱਲ੍ਹ ਮੀਡੀਆ ਨੂੰ ਦੱਸਿਆ ਸੀ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਇਸ ਮਾਮਲੇ ਵਿੱਚ ਪਹਿਲਾਂ ਖ਼ੁਦ ਮੀਟਿੰਗ ਕਰਨਾ ਚਾਹੁੰਦੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਅੱਜ ਆਪਣੇ ਦਫ਼ਤਰ ਪੁੱਜੇ ਸਨ, ਪਰ ਉਨ੍ਹਾਂ ਨੇ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ ਨਹੀਂ ਕੀਤੀ। ਅਕਾਲ ਤਖ਼ਤ ਦੇ ਸਕੱਤਰੇਤ ਤੋਂ ਮਿਲੀ ਜਾਣਕਾਰੀ ਮੁਤਾਬਕ ਜਥੇਦਾਰ ਗਿਆਨੀ ਗੁਰਬਚਨ ਸਿੰਘ ਬਾਅਦ ਦੁਪਹਿਰ ਤੱਕ ਆਪਣੇ ਦਫ਼ਤਰ ਵਿੱਚ ਹੀ ਸਨ ਪਰ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਮੁਲਾਕਾਤ ਕਰਨ ਸਬੰਧੀ ਕੋਈ ਸੁਨੇਹਾ ਨਹੀਂ ਆਇਆ।
ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਸਿੱਖ ਮੁੱਦਿਆਂ ਬਾਰੇ ਪਹਿਲਾਂ ਹੀ ਮੀਟਿੰਗ ਕਰ ਚੁੱਕੀ ਹੈ। ਇਸ ਸਬੰਧੀ ਸਿੱਖ ਵਿਦਵਾਨਾਂ ਦੇ ਵਿਚਾਰ ਤੇ ਸੁਝਾਅ ਲਏ ਗਏ ਹਨ, ਜਿਨ੍ਹਾਂ ਨੂੰ ਘੋਖਣ ਲਈ 21 ਮੈਂਬਰੀ ਕਮੇਟੀ ਵੀ ਬਣਾਈ ਗਈ ਹੈ। ਉਨ੍ਹਾਂ ਆਖਿਆ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਜਿਹੀ ਮੀਟਿੰਗ ਸੱਦਣ ਦੀ ਲੋੜ ਨਹੀਂ ਸੀ।