ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਦੇ ਘੰਟਾ ਘਰ ਵਾਲੇ ਪ੍ਰਵੇਸ਼ ਦੁੁਆਰ ਦੀ ਡਿਉੜੀ ਦੇ ਗੁੰਬਦਾਂ ਉਪਰ ਸੋਨੇ ਦੇ ਪੱਤਰੇ ਲਗਾਉਣ ਦੀ ਕਾਰ ਸੇਵਾ ਅੱਜ ਮੁੱਖ ਗੰ੍ਰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਹਾਜ਼ਰੀ ਵਿਚ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਆਰੰਭ ਕੀਤੀ ਗਈ। ਕਾਰ ਸੇਵਾ ਦੀ ਆਰੰਭਤਾ ਭਾਈ ਕੁਲਵਿੰਦਰ ਸਿੰਘ ਵੱਲੋਂ ਕੀਤੀ ਗਈ ਅਰਦਾਸ ਉਪਰੰਤ ਹੋਈ।
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਿੱਖਾਂ ਲਈ ਮੁਕੱਦਸ ਅਸਥਾਨ ਹੈ ਅਤੇ ਇਸ ਪਾਵਨ ਅਸਥਾਨ ਵਿਖੇ ਸਮੇਂ-ਸਮੇਂ ‘ਤੇ ਸੰਗਤ ਦੇ ਸਹਿਯੋਗ ਨਾਲ ਕਾਰ ਸੇਵਾਵਾਂ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਵੱਲੋਂ ਕਰਵਾਈ ਜਾ ਰਹੀ ਦਰਸ਼ਨੀ ਡਿਉੜੀ ਦੀ ਕਾਰ ਸੇਵਾ ਜਲਦ ਹੀ ਪੂਰੀ ਹੋਵੇਗੀ। ਇਸ ਮੌਕੇ ਬਾਬਾ ਕਸ਼ਮੀਰ ਸਿੰਘ ਨੇ ਕਿਹਾ ਕਿ ਇਹ ਕਾਰ ਸੇਵਾ ਅਪ੍ਰੈਲ ਮਹੀਨੇ ਤਕ ਮੁਕੰਮਲ ਕਰ ਲਏ ਜਾਣ ਦੀ ਸੰਭਾਵਨਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਜਨਰਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਮੈਂਬਰ ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ, ਸ. ਅਜਾਇਬ ਸਿੰਘ ਅਭਿਆਸੀ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਮਲਕੀਤ ਸਿੰਘ ਚੰਗਾਲ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਜਗਸੀਰ ਸਿੰਘ ਮਾਂਗਿਆਣਾ ਤੇ ਸ. ਹਰਜਾਪ ਸਿੰਘ ਸੁਲਤਾਨਵਿੰਡ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ ਹਾਜਰ ਸਨ।