ਸਿਆਸੀ ਖਬਰਾਂ

ਪੰਜਾਬ ਨੂੰ ਨਹਿਰ ਪੂਰਨ ਤੋਂ ਰੋਕਿਆ ਜਾਵੇ: ਖੱਟਰ

March 17, 2016 | By

 ਮਨੋਹਰ ਲਾਲ ਖੱਟਰ

ਮਨੋਹਰ ਲਾਲ ਖੱਟਰ

ਚੰਡੀਗੜ੍ਹ (16 ਮਾਰਚ, 2016): ਪੰਜਾਬ ਸਰਕਾਰ ਵੱਲੋਂ ਸਤਲੁਜ ਜਮੁਨਾ ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਮਤੇ ਤੋਂ ਬਾਅਦ ਕਿਸਾਨਾਂ ਵੱਲੋਂ ਆਪੋ ਆਪਣੇ ਖੇਤਾਂ ਵਿੱਚੋਂ ਨਹਿਰ ਪੁਰਨੀ ਸ਼ੁਰੂ ਕਰਨ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਨੂੰ ਪੱਤਰ ਲਿਖ ਕੇ ਪੰਜਾਬ ਸਰਕਾਰ ਨੂੰ ਨਹਿਰ ਪੁਰਨ ਤੋਂ ਰੋਕਣ ਲਈ ਕਿਹਾ ਹੈ।

ਖੱਟਰ ਨੇ ਰਾਜਪਾਲ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਸਬੰਧੀ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲ ਨੂੰ ਰੋਕਣ ਦੀ ਬੇਨਤੀ ਕੀਤੀ ਹੈ ।ਖੱਟਰ ਨੇ ਪੰਜਾਬ ਦੇ ਰਾਜਪਾਲ ਸੋਲੰਕੀ ਜਿਨ੍ਹਾਂ ਕੋਲ ਹਰਿਆਣਾ ਦਾ ਵੀ ਵਾਧੂ ਚਾਰਜ ਹੈ, ਨੂੰ ਲਿਖੇ ਪੱਤਰ ਵਿਚ ਕਿਹਾ ਕਿ ਪੰਜਾਬ ਵਿਚ ਸਤਲੁਜ ਜਮੁਨਾ ਨਹਿਰ ਸਬੰਧੀ ਜਿਉਂ ਦੀ ਤਿਉਂ ਸਥਿਤੀ ਰੱਖਣ ਲਈ ਤੁਰੰਤ ਕਦਮ ਚੁੱਕੇ ਜਾਣ ਕਿਉਂਕਿ ਇਹ ‘ਬਹੁਤ ਹੀ ਮਹੱਤਵਪੂਰਨ ਮੁੱਦਾ’ ਹੈ ।

ਪੰਜਾਬ ਵਿਚ ਕਿਸਾਨਾਂ ਵੱਲੋਂ ਨਹਿਰ ਨੂੰ ਪੂਰਨ ਦਾ ਕੰਮ ਸ਼ੁਰੂ ਕਰਨ ਬਾਰੇ ਮੀਡੀਆ ਵਿਚ ਆਈਆਂ ਰਿਪੋਰਟਾਂ ਵੱਲ ਰਾਜਪਾਲ ਦਾ ਧਿਆਨ ਦਿਵਾਉਂਦਿਆਂ ਸ੍ਰੀ ਖੱਟਰ ਨੇ ਕਿਹਾ ਕਿ ਪੰਜਾਬ ਲਈ ਇਹ ਪੂਰੀ ਤਰ੍ਹਾਂ ਗੈਰ-ਕਾਨੂੰਨੀ ਤੇ ਗੈਰ-ਜ਼ਿੰਮੇਵਾਰਨਾ ਕਦਮ ਹੈ ।

ਉਨ੍ਹਾਂ ਕਿਹਾ ਕਿ ਇਸ ਦੇ ਮੱਦੇਨਜ਼ਰ ਉਹ ਰਾਜਪਾਲ ਨੂੰ ਬੇਨਤੀ ਕਰਦੇ ਹਨ ਕਿ ਉਹ ਪੰਜਾਬ ਵਿਧਾਨ ਸਭਾ ਵੱਲੋਂ 14 ਮਾਰਚ ਨੂੰ ਪਾਸ ਕੀਤੇ ਬਿੱਲ ਨੂੰ ਪ੍ਰਵਾਨਗੀ ਦੇਣ ਤੋਂ ਰੋਕ ਕੇ ਪੰਜਾਬ ਸਰਕਾਰ ਨੂੰ ਹਿਦਾਇਤ ਜਾਰੀ ਕਰਨ ਕਿ ਪੰਜਾਬ ਖੇਤਰ ਵਿਚ ਸਤਲੁਜ ਜਮੁਨਾ ਨਹਿਰ ਨੂੰ ਨਾ ਪੁਰਿਆ ਜਾਵੇ ਅਤੇ ਜਿਉਂ ਦੀ ਤਿਉਂ ਰੱਖੀ ਜਾਵੇ ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , , , ,