ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਮਤ ਨਾਨਕਸ਼ਾਹੀ ੫੫੩ ਦੀ ਆਮਦ ’ਤੇ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸ਼ਾਮ 7 ਵਜੇ ਤੋਂ ਦੇਰ ਰਾਤ ਤੱਕ ਜਾਰੀ ਰਹੇ ਇਸ ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਤੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੰਦੀਪ ਸਿੰਘ, ਭਾਈ ਮਨਿੰਦਰ ਸਿੰਘ, ਭਾਈ ਗੁਰਚਰਨ ਸਿੰਘ, ਭਾਈ ਜਸਪਿੰਦਰ ਸਿੰਘ ਅਤੇ ਭਾਈ ਕਮਲਜੀਤ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।
ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਨਵੇਂ ਨਾਨਕਸ਼ਾਹੀ ਵਰ੍ਹੇ ਦੀ ਵਧਾਈ ਦਿੰਦਿਆਂ ਸੰਗਤਾਂ ਨੂੰ ਗੁਰਬਾਣੀ ਦੀ ਵਿਚਾਰਧਾਰਾ ਨਾਲ ਜੁੜਨ ਦੀ ਅਪੀਲ ਕੀਤੀ। ਉਨ੍ਹਾਂ ਸਿੱਖ ਧਰਮ ਦੀਆਂ ਰਵਾਇਤਾਂ ਦੀ ਰੌਸ਼ਨੀ ਵਿਚ ਜੀਵਨ ਜਿਊਣ ਦੀ ਪ੍ਰੇਰਣਾ ਦਿੱਤੀ ਅਤੇ ਬਾਣੀ ਤੇ ਬਾਣੇ ਨਾਲ ਜੁੜਨ ਲਈ ਕਿਹਾ।