ਆਮ ਖਬਰਾਂ » ਸਿੱਖ ਖਬਰਾਂ

22-23 ਨਵੰਬਰ ਨੂੰ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ਼ੁਰੂ ਹੋਣਗੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

September 30, 2018 | By

ਅੰਮ੍ਰਿਤਸਰ : 29 ਸਤੰਬਰ ਦਿਨ ਸ਼ਨੀਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ  ਹੋਈ ਬੈਠਕ ਵਿੱਚ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਅਤੇ ਯੂਬਾ ਸਿਟੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੀ ਉਸਾਰੀ ਜਿਹੀਆਂ ਨਵੀਆਂ ਯੋਜਨਾਵਾਂ ਦੇ ਐਲਾਨ ਹੋਏ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋੰਗੋਵਾਲ ਨੇ ਦੱਸਿਆ ਕਿ “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਗਲੇ ਸਾਲ ਆ ਰਹੇ ੫੫੦ ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਇਸ ਸਾਲ ੨੨-੨੩ ਨਵੰਬਰ ੨੦੧੮ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਕਰਨ ਦਾ ਫੈਸਲਾ ਕੀਤਾ ਗਿਆ ਹੈ ਅਤੇ ਇਹ ਆਰੰਭਤਾ ਸਮਾਗਮ ਯਾਦਗਾਰੀ ਬਣਾਉਣ ਬਾਰੇ ਵਿਚਾਰ ਕਰਨ ਲਈ ਅੰਤ੍ਰਿੰਗ ਕਮੇਟੀ ਦੀ ਅਗਲੀ ਇਕੱਤਰਤਾ ੧੮ ਅਕਤੂਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਵੇਗੀ।ਭਾਈ ਲੌਂਗੋਵਾਲ ਨੇ ਦੱਸਿਆ ਕਿ ੨੨-੨੩ ਨਵੰਬਰ ਦੇ ਆਰੰਭਤਾ ਸਮਾਗਮਾਂ ‘ਚ ਸ਼ਾਮਲ ਹੋਣ ਲਈ ਭਾਰਤ ਦੇ ਪ੍ਰਧਾਨ ਮੰਤਰੀ, ਰਾਸ਼ਟਰਪਤੀ ਅਤੇ ਹੋਰ ਪ੍ਰਮੁੱਖ ਹਸਤੀਆਂ ਨੂੰ ਸੱਦਾ ਦਿੱਤਾ ਜਾਵੇਗਾ।ਭਾਈ ਲੌਂਗੋਵਾਲ ਨੇ ਦੱਸਿਆ ਕਿ ੫੫੦ਵੇਂ ਪ੍ਰਕਾਸ਼ ਪੁਰਬ ਸਬੰਧੀ ੧੦-੧੧ ਅਕਤੂਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸਿੱਖ ਜਥੇਬੰਦੀਆਂ ਨਾਲ ਇਕੱਤਰਤਾਵਾਂ ਕੀਤੀਆਂ ਜਾਣਗੀਆਂ। ੧੦ ਅਕਤੂਬਰ ਦੀ ਇਕੱਤਰਤਾ ਵਿਚ ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ ਅਤੇ ਧਾਰਮਿਕ ਸਭਾ ਸੁਸਾਇਟੀਆਂ ਦੇ ਪ੍ਰਤੀਨਿਧਾਂ ਅਤੇ ੧੧ ਅਕਤੂਬਰ ਨੂੰ ਸਮੂਹ ਸਿੰਘ ਸਭਾਵਾਂ ਦੇ ਨੁਮਾਇੰਦਿਆਂ ਨਾਲ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ ਅਤੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਜਾਵੇਗੀ”।

550 ਵੇਂ ਗੁਰਪੁਰਬ ਸਮਾਗਮਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਕਿਸਤਾਨ ਭੇਜੇਗੀ ਵਫਦ

ਗੋਬਿੰਦ ਸਿੰਘ ਲੋਂਗੋਵਾਲ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲੇ ਪਾਤਸ਼ਾਹ ਦੇ ੫੫੦ਵੇਂ ਪ੍ਰਕਾਸ਼ ਪੁਰਬ ਸਬੰਧੀ ਇਕ ਵਫ਼ਦ ਪਾਕਿਸਤਾਨ ਵਿਖੇ ਭੇਜਿਆ ਜਾਵੇਗਾ, ਜੋ ਉਥੋਂ ਦੀ ਸਰਕਾਰ ਅਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਰਾਬਤਾ ਬਣਾ ਕੇ ਪਾਕਿਸਤਾਨ ਵਿਖੇ ਸਮਾਗਮ ਕਰਵਾਉਣ ਦਾ ਪ੍ਰਸਤਾਵ ਰੱਖੇਗਾ।

ਇਸ ਬੈਠਕ ਵਿੱਚ ਅਮਰੀਕਾ ਦੇ ਸ਼ਹਿਰ ਯੂਬਾ ਸਿਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੀ ਉਸਾਰੀ ਅਤੇ ਖਾਲਸਾਈ ਖੇਡ ਦਿਹਾੜੇ ਨੂੰ ਵਿਲੱਖਣ ਢੰਗ ਨਾਲ ਮਨਾਉਣ ਲਈ ਵੀ ਕਈਂ ਅਹਿਮ ਫੈਸਲੇ ਲਏ ਗਏ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,