ਜਸਟਿਸ ਇਕਬਾਲ ਸਿੰਘ ਅਤੇ ਭੂਪਿੰਦਰ ਸਿੰਘ ਹੁੱਡਾ ਮੁੱਖ ਮੰਤਰੀ ਹਰਿਆਣਾ ਦੀ ਇੱਕ ਪੁਰਾਣੀ ਤਸਵੀਰ

ਸਿੱਖ ਖਬਰਾਂ

ਹਰਿਆਣਾ ਸਰਕਾਰ ਵੱਲੋਂ ਹਰਿਆਣਾ ਗੁਰਦੁਆਰਾ ਜੁਡੀਸ਼ੀਅਲ ਕਮੀਸ਼ਨ ਕਾਇਮ

By ਸਿੱਖ ਸਿਆਸਤ ਬਿਊਰੋ

August 13, 2014

ਚੰਡੀਗੜ੍ਹ (12 ਅਗਸਤ 2014) : ਹਰਿਆਣਾ ਦੇ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਦੀ ਸਰਕਾਰ ਨੇ ਸ਼੍ਰੋਮਣੀ ਗੁਰਦੂਆਂਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਅਤੇ ਬਾਦਲ ਦਲ ਦੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਾਰੀ ਵਿਰੋਧ ਦੇ ਬਾਵਜੂਦ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਤੋਂ ਬਾਅਦ ਇੱਕ ਕਦਮ ਹੋਰ ਅੱਗੇ ਜਾਂਦਿਆਂ ਇਸ ਦੀਆਂ ਆਮ ਚੋਣਾਂ ਲਈ ਵੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਅੱਜ ਇਸ ਸਬੰਧ ਵਿਚ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਮੀਟਿੰਗ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੇਵਾ ਮੁਕਤ ਜੱਜ ਜਸਟਿਸ ਇਕਬਾਲ ਸਿੰਘ ‘ਤੇ ਆਧਾਰਿਤ ਇਕ ਮੈਂਬਰੀ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੀ ਨਿਯੁਕਤੀ ਕਰਨ ਦਾ ਫੈਸਲਾ ਕਰ ਦਿੱਤਾ ਗਿਆ। ਇਹ ਐਲਾਨ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਪੱਤਰਕਾਰ ਸੰਮੇਲਨ ਵਿਚ ਕੀਤਾ।

ਇਥੇ  ਵਰਨਣਯੋਗ ਹੈ ਕਿ ਜਸਟਿਸ ਇਕਬਾਲ ਸਿੰਘ ਸਿਰਸਾ ਦੇ ਰਹਿਣ ਵਾਲੇ ਹਨ ਤੇ ਇਨ੍ਹਾਂ ਨੇ ਮਿਰਚਪੁਰ ਕਾਂਡ ਦੀ ਜਾਂਚ ਕੀਤੀ ਸੀ।

ਸ੍ਰੀ ਹੁੱਡਾ ਨੇ ਕਿਹਾ ਕਿ ਇਹ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨਰ ਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਹਲਕਾਬੰਦੀ ਦਾ ਕੰਮ ਕਰੇਗਾ ਤੇ ਉਸ ਦੀ ਨਿਗਰਾਨੀ ਹੇਠ ਹੀ ਆਮ ਚੋਣਾਂ ਕਰਵਾਈਆਂ ਜਾਣਗੀਆਂ।

ਜ਼ਿਕਰਯੋਗ ਹੈ ਕਿ ਹਰਿਆਣਾ ਗੁਰਦੁਆਰਾ ਕਮੇਟੀ ਦੇ ਗਠਨ ਅਤੇ ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਲੈ ਕੇ ਹਰਿਆਣਾ ਦੇ ਸਿੱਖਾਂ ਦਾ ਇੱਕ ਹਿੱਸੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਾਦਲ ਦਲ ਵਿਚਕਾਰ ਵਿਵਾਦ ਚੱਲ ਰਿਹਾ ਹੈ। ਇਸੇ ਵਿਵਾਦ ਦੌਰਾਨ ਹੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਸਮਰਥਕਾਂ ਵੱਲੋਂ ਹਰਿਆਣਾ ਦੇ ਕੁੱਝ ਗੁਰਦੁਆਰਾ ਸਹਿਬਾਨ ‘ਤੇ ਜ਼ਬਰੀ ਕਬਜ਼ਾ ਵੀ ਕਰ ਲਿਆ ਹੈ ।ਹੁਣ ਮਾਮਲਾ ਭਾਰਤੀ ਸੁਪਰੀਮ ਕੋਰਟ ਵਿੱਚ ਵਿਚਾਰਅਧੀਨ ਹੈ। ਅਦਾਲਤ ਨੇ ਇਸ ਮਾਮਲੇ ਵਿੱਚ “ਹਾਲਾਤ ਜਿਉਂ ਦੇ ਤਿਉਂ” ਰੱਖਣ ਦੇ ਹੁਕਮ ਦਿੱਤੇ ਹਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: