ਸਿਆਸੀ ਖਬਰਾਂ

ਹਰਿਆਣਾ ਗੁਰਦੁਆਰਾ ਕਮੇਟੀ ਐਡਹਾਕ ਵੱਲੋਂ ਰਾਸ਼ਟਰਪਤੀ ਅਤੇ ਗ੍ਰਹਿ ਮੰਤਰੀ ਨੂੰ ਮੁਲਾਕਾਤ ਲਈ ਲਿਖਿਆ ਪੱਤਰ

By ਸਿੱਖ ਸਿਆਸਤ ਬਿਊਰੋ

July 25, 2014

ਚੰਡੀਗੜ੍ਹ, 23 ਜੁਲਾਈ): ਹਰਿਆਣਾ ਕਮੇਟੀ ਦੇ ਮੁੱਦੇ ‘ਤੇ ਹਰਿਆਣਾ ਕਮੇਟੀ ਦੇ ਆਗੂਆਂ ਨੇ ਭਾਰਤ ਦੇ ਰਾਸ਼ਟਰਪਤੀ ਅਤੇ ਗ੍ਰਹਿ  ਮੰਤਰੀ ਤੋ ਮੁਲਾਕਾਤ ਲਈ ਸਮਾਂ ਮੰਗਿਆ ਹੈ ਤਾ ਕਿ ਉਹ ਵੱਖਰੀ ਕਮੇਟੀ ਦੇ ਮੁੱਦੇ ‘ਤੇ ਹਰਿਆਣਾ ਦੇ ਸਿੱਖਾਂ ਦੀਆਂ ਭਾਵਨਾਵਾਂ ਤੋਂ ਜਾਣੂ ਕਰਵਾ ਸਕਣ।

ਰਾਸ਼ਟਰਪਤੀ ਅਤੇ ਗ੍ਰਹਿ ਮੰਤਰੀ ਨੂੰ ਲਿਖੇ ਪੱਤਰ ਵਿੱਚ ਹਰਿਆਣਾ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਅਤੇ ਹੋਰ ਅਕਾਲੀ ਆਗੂ ਹਰਿਆਣਾ ਵੱਲੋਂ ਬਣਾਈ ਗਈ ਕਮੇਟੀ ਲਈ ਗਮਰਾਹਕੁਨ ਪ੍ਰਚਾਰ ਕਰ ਰਹੇ ਹਨ।

ਉਨ੍ਹਾਂ ਨੇ ਪੱਤਰ ਵਿੱਚ ਮੰਗ ਕੀਤੀ ਕਿ ਸ਼ੋਮਣੀ ਕਮੇਟੀ ਅਤੇ ਅਕਾਲੀ ਦਲ ਹਰਿਆਣਾ ਦੇ ਗੁਰਦੁਆਰਿਆਂ ਵਿੱਚ ਹਥਿਆਰਬੰਦ ਵਿਅਕਤੀਆਂ ਨੂੰ ਭੇਜਕੇ ਗੁਰਦੁਆਰਿਆਂ ਅਤੇ ਸੂਬੇ ਦਾ ਮਾਹੌਲ ਖਰਾਬ ਕਰ ਰਿਹਾ ਹੈ, ਇਸ ਕਰਕੇ ਇਸ ਸਬੰਧੀ ਦਖਲ ਦੇਕੇ ਉਨਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਜਾਵੇ॥

ਉਧਰ ਆਮ ਆਦਮੀ ਪਾਰਟੀ ਦੇ ਆਗੂ ਐਚ ਐਸ ਫੂਲਕਾ ਨੇ ਵੱਖਰੀ ਕਮੇਟੀ ਦੇ ਹਮਾਇਤੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਗੁਰਦੁਆਰਿਆਂ ਦੇ ਕਬਜ਼ੇ ਲੈਣ ਲਈ ਹਿੰਸਾ ਅਤੇ ਪੁਲੀਸ ਦੀ ਮਦਦ ਲੈਣ ਦੀ ਥਾਂ ਨਿਆਂਪਾਲਿਕਾ ਦਾ ਸਹਾਰਾ ਲੈਣ।

 ਆਮ ਆਦਮੀ ਪਾਰਟੀ ਦੇ ਆਗੂ ਐਚ ਐਸ ਫੂਲਕਾ ਨੇ ਕਿਹਾ ਹੈ ਕਿ ਹਰਿਆਣਾ ਦੀ ਵੱਖਰੀ ਕਮੇਟੀ ਦਾ ਮਸਲਾ ਸੁਪਰੀਮ ਕੋਰਟ ਰਾਹੀਂ ਹੱਲ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵੱਖਰੀ ਕਮੇਟੀ ਦੇ ਆਗੂਆਂ ਨੂੰ ਚਾਹੀਦਾ ਹੈ ਕਿ ਉਹ ਸੁਪਰੀਮ ਕੋਰਟ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਅਤੇ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਰੁਧ ਪਟੀਸ਼ਨ ਦਾਇਰ ਕਰਕੇ ਸੂਬੇ ਦੇ ਗੁਰਦੁਆਰਿਆਂ ਦਾ ਕਬਜ਼ਾ ਲੈਣ ਲਈ ਚਾਰਾਜੋਈ ਕਰਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਥ ਨੂੰ ਇਕ ਜੁੱਟ ਰੱਖਣ ਲਈ ਗੰਭੀਰ ਹੁੰਦਾ ਤਾਂ ਉਸ ਨੂੰ ਵੱਖਰੀ ਕਮੇਟੀ ਦੇ ਮਾਮਲੇ ਵਿੱਚ ਖੁਦ ਹੀ ਸੁਪਰੀਮ ਕੋਰਟ ਤੱਕ ਪਹੁੰਚ ਕਰਨੀ ਚਾਹੀਦੀ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: