ਚੰਡੀਗੜ੍ਹ (2 ਮਾਰਚ, 2011): ਹਰਿਆਣਾ ਦੇ ਪਿੰਡ ਹੋਂਦ ਚਿੱਲੜ੍ਹ ਵਿਖੇ ਨਵੰਬਰ 1984 ਵਿੱਚ ਜ਼ਾਲਮ ਸਰਕਾਰ ਦੀ ਸ਼ਹਿ ਤੇ 32 ਸਿੱਖ ਮਰਦਾਂ, ਔਰਤਾਂ ਅਤੇ ਬੱਚਿਆਂ ਨੂੰ ਕੋਹ-ਕੋਹ ਕੇ ਮਾਰਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੀ ਰਾਖ ਨੂੰ ਜਲ ਪ੍ਰਵਾਹ ਕਰਨ, ਬੇਦੋਸ਼ੇ ਸਿੱਖਾਂ ਦੇ ਅੰਨ੍ਹੇ ਕਾਤਲਾਂ ਨੂੰ ਸਜਾਵਾਂ ਦਿਵਾਉਣ ਲਈ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ. ਸਿੱਖਸ ਫਾਰ ਜਸਟਿਸ ਅਤੇ ਇਸ ਦਰਦਨਾਕ ਹੱਤਿਆ ਕਾਂਡ ਦੇ ਖੋਜਕਰਤਾ ਇੰਜ. ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਪਿੰਡ ਹੋਂਦ ਚਿੱਲੜ੍ਹ ਵਿਖੇ 6 ਮਾਰਚ ਨੂੰ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਅਤੇ ਇਨਸਾਫ ਮਾਰਚ ਵਿੱਚ ਹਰੇਕ ਸਿੱਖ ਨੂੰ ਪਹੁੰਚਣਾ ਚਾਹੀਦਾ ਹੈ। ਇਹ ਵਿਚਾਰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਕਰਨੈਲ ਸਿੰਘ ਪੀਰ ਮੁਹੰਮਦ, ਫੈਡਰੇਸ਼ਨ ਦੇ ਸਕੱਤਰ ਜਨਰਲ ਦਵਿੰਦਰ ਸਿੰਘ ਸੋਢੀ ਅਤੇ ਫੈਡਰੇਸ਼ਨ ਦੇ ਪੁਰਾਣੇ ਆਗੂ ਸਰਬਜੀਤ ਸਿੰਘ ਸੋਹਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ 1984 ਵਿੱਚ 10 ਹਜ਼ਾਰ ਤੋਂ ਵੱਧ ਸਿੱਖਾਂ ਨੂੰ ਕੋਹ-ਕੋਹ ਕੇ ਮਾਰਿਆ ਗਿਆ, ਧੀਆਂ ਭੈਣਾਂ ਦੀਆਂ ਇੱਜ਼ਤਾਂ ਲੁੱਟੀਆਂ ਗਈਆਂ ਪ੍ਰੰਤੂ 26 ਸਾਲ ਬੀਤ ਜਾਣ ਦੇ ਬਾਵਜੂਦ ਵੀ ਸਿੱਖ ਕੌਮ ਨੂੰ ਇਨਸਾਫ ਨਹੀਂ ਮਿਲਿਆ ਅਤੇ ਇਸ ਹੱਤਿਆਕਾਂਡ ਦੇ ਦੋਸ਼ੀਆਂ ਦੀ ਭਾਲ ਨਹੀਂ ਕੀਤੀ। ਉਨ੍ਹਾਂ ਸਮੂੰਹ ਸਿੱਖ ਕੌਮ ਨੂੰ ਅਪੀਲ ਕੀਤੀ ਕਿ 6 ਮਾਰਚ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਹੋਂਦ ਚਿੱਲ੍ਹੜ ਪਹੁੰਚਣ।