ਮਨੁੱਖੀ ਅਧਿਕਾਰ » ਸਿਆਸੀ ਖਬਰਾਂ » ਸਿੱਖ ਖਬਰਾਂ

ਮਨੁੱਖੀ ਅਧਿਕਾਰ ਜਥੇਬੰਦੀ 8257 ਝੂਠੇ ਮੁਕਾਬਲਿਆਂ ਅਤੇ ਲਾਪਤਾ ਕਰਨ ਦੇ ਮਾਮਲੇ ਸੁਪਰੀਮ ਕੋਰਟ ਲਿਜਾਵੇਗੀ

December 3, 2017 | By

ਚੰਡੀਗੜ੍ਹ: ਪੰਜਾਬ ’ਚ 80-90 ਦਹਾਕੇ ਦੌਰਾਨ ਝੂਠੇ ਪੁਲਿਸ ਮੁਕਾਬਲਿਆਂ ਅਤੇ ਸਿੱਖ ਨੌਜਵਾਨਾਂ ਨੂੰ ਲਾਪਤਾ ਕਰਨ ਦਾ ਮਾਮਲਿਆਂ ‘ਤੇ ਕੰਮ ਕਰ ਰਹੀ ਅਤੇ ਮਨੁੱਖੀ ਅਧਿਕਾਰਾਂ ਦੀ ਲੜਾਈ ਲੜ ਰਹੀ ਗੈਰ ਸਰਕਾਰੀ ਸੰਸਥਾ ਪੰਜਾਬ ਐਡਵੋਕੇਸੀ ਅਤੇ ਡਾਕੂਮੈਂਟੇਸ਼ਨ ਪ੍ਰਾਜੈਕਟ (ਪੀ.ਡੀ.ਏ.ਪੀ) ਨੇ ਸ਼ਨੀਵਾਰ (2 ਦਸੰਬਰ, 2017) ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪ੍ਰੈੱਸ ਨਾਲ ਮਿਲਣੀ ਕੀਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਨੇ 1980 ਤੋਂ 1995 ਦੇ ਸਮੇਂ ਦੌਰਾਨ ਪੰਜਾਬ ’ਚ 8257 ਨੌਜਵਾਨਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ ’ਚ ਮਾਰਨ ਅਤੇ ਲਾਪਤਾ ਹੋਣ ਵਾਲੇ ਲੋਕਾਂ ਦੀ ਪਛਾਣ ਕੀਤੀ ਹੈ। ਇਨ੍ਹਾਂ ਅੰਕੜਿਆਂ ਵਿੱਚ ਦੋ ਹਜ਼ਾਰ ਲੋਕ ਉਹ ਹਨ, ਜਿਨ੍ਹਾਂ ਦੀ ਪਛਾਣ ਜਸਵੰਤ ਸਿੰਘ ਖਾਲੜਾ ਵੱਲੋਂ ਕੀਤੀ ਗਈ ਸੀ। ਸੰਸਥਾ ਵੱਲੋਂ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਸੁਪਰੀਮ ਕੋਰਟ ’ਚ ਅਰਜ਼ੀ ਦਾਇਰ ਕੀਤੀ ਜਾਵੇਗੀ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਐਡਵੋਕੇਸੀ ਅਤੇ ਡਾਕੂਮੈਂਟੇਸ਼ਨ ਪ੍ਰਾਜੈਕਟ (ਪੀ.ਡੀ.ਏ.ਪੀ) ਸਤਨਾਮ ਸਿੰਘ ਬੈਂਸ

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਐਡਵੋਕੇਸੀ ਅਤੇ ਡਾਕੂਮੈਂਟੇਸ਼ਨ ਪ੍ਰਾਜੈਕਟ (ਪੀ.ਡੀ.ਏ.ਪੀ) ਸਤਨਾਮ ਸਿੰਘ ਬੈਂਸ

ਸੰਸਥਾ ਦੇ ਅਹੁਦੇਦਾਰ ਸਤਨਾਮ ਸਿੰਘ ਬੈਂਸ ਬਰਿਸਟਰ ਲੰਡਨ, ਬੰਬੇ ਹਾਈ ਕੋਰਟ ਦੇ ਸਾਬਕਾ ਜਸਟਿਸ ਸੁਰੇਸ਼ ਹੋਸਪੇਟ, ਐਡਵੋਕੇਟ ਜਗਜੀਤ ਸਿੰਘ ਬਟਾਲਾ, ਜਗਜੀਤ ਸਿੰਘ ਬਾਜਵਾ, ਬਲਜਿੰਦਰ ਸਿੰਘ, ਮਹਿੰਦਰ ਸਿੰਘ ਨੇ ਦੱਸਿਆ ਕਿ 87 ਹਜ਼ਾਰ ਦੇ ਕਰੀਬ ਚਸ਼ਮਦੀਦ ਗਵਾਹਾਂ, ਦਸਤਾਵੇਜ਼, ਅੰਕੜਿਆਂ ਦੀ ਰਿਪੋਰਟ, ਵੱਖ-ਵੱਖ ਜ਼ਿਲ੍ਹਿਆਂ ’ਚ ਪੀੜਤਾਂ ਨਾਲ ਗੱਲਬਾਤ ਕਰਨ ਅਤੇ ਨਗਰ ਕੌਂਸਲਾਂ ਤੋਂ ਇਕੱਠੇ ਕੀਤੇ ਰਿਕਾਰਡ ਤੋਂ ਇਹ ਤੱਥ ਪ੍ਰਾਪਤ ਕੀਤੇ ਗਏ ਹਨ ਕਿ 1980 ਤੋਂ 1995 ਦਰਮਿਆਨ ਹੋਏ ਕਤਲਾਂ ਅਤੇ ਝੂਠੇ ਮੁਕਾਬਲਿਆਂ ਵਿੱਚ 8257 ਬੰਦੇ ਲਾਪਤਾ ਹੋਏ ਸਨ। ਉਨ੍ਹਾਂ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸਿਰਫ 1527 ਮਾਮਲਿਆਂ ਵਿੱਚ ਹੀ ਪੀੜਤਾਂ ਨੂੰ ਨਾਮ ਮਾਤਰ ਮੁਆਵਜ਼ਾ ਮਿਲਿਆ ਹੈ।

ਉਨ੍ਹਾਂ ਦੱਸਿਆ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਜਾਂਚ ਦਾ ਘੇਰਾ ਸਰਹੱਦੀ ਤਿੰਨ ਜ਼ਿਲ੍ਹਿਆਂ ਦੇ ਸਿਰਫ 2067 ਕਤਲਾਂ ਤੱਕ ਹੀ ਸੀਮਤ ਰੱਖਿਆ ਸੀ ਜਦਕਿ ਅੰਮ੍ਰਿਤਸਰ ਸ਼ਮਸ਼ਾਨ ਘਾਟ ’ਚ 2097 ਲੋਕਾਂ ਦੇ ਸਸਕਾਰ ਕਰਨ ਦਾ ਰਿਕਾਰਡ ਸੀ। ਸੰਸਥਾ ਦੇ ਆਗੂਆਂ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੇ ਸੂਬੇ ਦੇ 22 ਜ਼ਿਲ੍ਹਿਆਂ ਦੇ ਕਸਬਿਆਂ, ਸ਼ਹਿਰਾਂ ’ਚ ਪੀੜਤਾਂ ਨਾਲ ਰਾਬਤਾ ਕਾਇਮ ਕੀਤਾ ਪਰ ਗੁਰਦਾਸਪੁਰ ਜ਼ਿਲ੍ਹੇ ਦੇ 1700 ਪਿੰਡਾਂ ਦਾ ਦੌਰਾ ਕਰਨ ਮੌਕੇ ਪਤਾ ਲੱਗਾ ਕਿ ਇਹ ਜ਼ਿਲ੍ਹਾ ਸਭ ਤੋਂ ਵੱਧ ਪ੍ਰਭਾਵਿਤ ਰਿਹਾ ਹੈ। ਮਨੁੱਖੀ ਅਧਿਕਾਰਾਂ ਦੀ ਸਭ ਤੋਂ ਪਹਿਲਾਂ ਅਵਾਜ਼ ਬੁਲੰਦ ਕਰਨ ਵਾਲੇ ਜਸਵੰਤ ਸਿੰਘ ਖਾਲੜਾ, ਜਿਸ ਨੂੰ ਪੁਲਿਸ ਨੇ ਘਰੋਂ ਚੁੱਕਿਆ ਤੇ ਤਸੀਹੇ ਦੇ ਕੇ ਮਾਰ ਦਿੱਤਾ ਸੀ, ਦੀ ਪਤਨੀ ਪਰਮਜੀਤ ਕੌਰ ਖਾਲੜਾ ਨੇ ਕਿਹਾ ਕਿ ਸਰਕਾਰ ਅਣਪਛਾਤੇ ਲੋਕਾਂ ਦੀ ਪਛਾਣ ਲਈ ਕੁਝ ਨਹੀਂ ਕਰ ਰਹੀ। ਉਹ ਪਿਛਲੇ 22 ਸਾਲ ਤੋਂ ਨਿਆਂ ਦੀ ਲੜਾਈ ਲੜ ਰਹੇ ਹਨ ਅਤੇ ਸਮੇਂ ਦੇ ਹੁਕਮਰਾਨਾਂ ਨੇ ਲਾਸ਼ਾਂ ’ਤੇ ਰਾਜ ਤਾਂ ਕੀਤਾ ਹੈ, ਪਰ ਪੀੜਤਾਂ ਦੇ ਹਿਤ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਬੇਵਕਤੀ ਮੌਤ ਦੇ ਮੂੰਹ ਵਿਚ ਜਾਣ ਵਾਲਿਆਂ ਵਿੱਚੋਂ 90% ਲੋਕ ਸਿੱਖ ਸਨ। ਸਤਨਾਮ ਸਿੰਘ ਬੈਂਸ ਨੇ ਹੁਕਮਰਾਨਾਂ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਐਨ.ਆਰ.ਆਈ ਦੀਆਂ ਜ਼ਮੀਨਾਂ ਦੇ ਮਾਮਲੇ ਨਜਿੱਠਣ ਲਈ ਤਾਂ ਐਨ.ਆਰ.ਆਈ ਕੋਰਟ ਤੱਕ ਬਣਾ ਦਿੱਤੀ ਹੈ ਤੇ ਕੇਸਾਂ ਦਾ ਨਿਪਟਾਰਾ ਵੀ ਸਮਾਂਬੱਧ ਕਰ ਦਿੱਤਾ ਹੈ ਪਰ ਪਿਛਲੇ ਢਾਈ ਦਹਾਕਿਆਂ ਤੋਂ ਲਮਕ ਰਹੇ ਇਨ੍ਹਾਂ ਮਾਮਲਿਆਂ ਬਾਰੇ ਕੁਝ ਨਹੀਂ ਕੀਤਾ।

ਸਬੰਧਤ ਖ਼ਬਰ:

21 ਸਿੱਖਾਂ ਦਾ ਕਤਲ: ਮਨੁੱਖੀ ਅਧਿਕਾਰ ਕਮਿਸ਼ਨ ’ਚ ਅਮਰਿੰਦਰ ਖਿਲਾਫ਼ ਮੁਕਦਮਾ ਦਰਜ਼ ਕਰਵਾਏਗੀ ਦਿੱਲੀ ਕਮੇਟੀ …

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: , ,