Site icon Sikh Siyasat News

6 ਜੂਨ ਨੂੰ ਜੇ ਕੋਈ ਵੀ ਗੜਬੜ ਹੁੰਦੀ ਹੈ ਤਾਂ ਕਾਂਗਰਸ ਸਰਕਾਰ ਜ਼ਿੰਮੇਵਾਰ ਹੋਵੇਗੀ: ਸੁਖਬੀਰ ਬਾਦਲ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਚੌਂਕ ਮਹਿਤਾ ਫੇਰੀ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 6 ਜੂਨ ਦੇ ਸ਼ਹੀਦੀ ਦਿਹਾੜੇ ਨੂੰ ਅਮਨ-ਸ਼ਾਂਤੀ ਨਾਲ ਮਨਾਉਣ ਦਾ ਯਤਨ ਕਰ ਰਹੀ ਹੈ ਪਰ ਕਾਂਗਰਸ ਦੀ ਸ਼ਹਿ ’ਤੇ ਕਾਰਜਕਾਰੀ ਜਥੇਦਾਰ ਅਤੇ ਕੁਝ ਹੋਰ ਲੋਕ ਇਸ ਦਿਨ ਦੇ ਸਮਾਗਮਾਂ ਵਿੱਚ ਵਿਘਨ ਪਾਉਣ ਲਈ ਯਤਨਸ਼ੀਲ ਹਨ। ਉਹ ਐਤਵਾਰ ਨੂੰ ਦਮਦਮੀ ਟਕਸਾਲ ਦੇ ਮੁੱਖ ਦਫਤਰ ਮਹਿਤਾ ਚੌਕ ਵਿੱਚ ਘੱਲੂਘਾਰੇ ਨਾਲ ਸਬੰਧਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਆਏ ਸਨ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨਾਲ ਲਗਭਗ ਇੱਕ ਘੰਟਾ ਬੰਦ ਕਮਰਾ ਮੀਟਿੰਗ ਵੀ ਕੀਤੀ।

ਚੌਕ ਮਹਿਤਾ ਵਿੱਚ ਦਮਦਮੀ ਟਕਸਾਲ ਵਿਖੇ ਸੁਖਬੀਰ ਸਿੰਘ ਬਾਦਲ, ਬਾਬਾ ਹਰਨਾਮ ਸਿੰਘ ਧੁੰਮਾ ਅਤੇ ਹੋਰ

ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ 6 ਜੂਨ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਕੋਈ ਵੀ ਗੜਬੜ ਹੁੰਦੀ ਹੈ ਤਾਂ ਇਸ ਲਈ ਪੰਜਾਬ ਦੀ ਕਾਂਗਰਸ ਸਰਕਾਰ ਜ਼ਿੰਮੇਵਾਰ ਹੋਵੇਗੀ। ਅਕਾਲ ਤਖ਼ਤ ਦੇ ਜਥੇਦਾਰ ਦੀ ਥਾਂ ਕਿਸੇ ਹੋਰ ਕੋਲੋਂ ਸੰਦੇਸ਼ ਪੜ੍ਹਾਉਣ ਦੀ ਮੰਗ ਨਕਾਰਦਿਆਂ ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੀ ਮਰਿਆਦਾ ਅਨੁਸਾਰ ਕੌਮ ਦੇ ਮੁੱਖ ਦਿਹਾੜਿਆਂ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਨੇ ਹੀ ਸੰਦੇਸ਼ ਜਾਰੀ ਕਰਨਾ ਹੁੰਦਾ ਹੈ।

ਸਬੰਧਤ ਖ਼ਬਰ:

ਜੂਨ 84 ਘੱਲੂਘਾਰਾ ਯਾਦਗਾਰੀ ਸਮਾਗਮ: ਪ੍ਰੋ. ਬਡੂੰਗਰ ਵੱਲੋਂ ਸਿਮਰਨਜੀਤ ਸਿੰਘ ਮਾਨ ਨਾਲ ਮੁਲਾਕਾਤ …

ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨੇ ਸੁਖਬੀਰ ਬਾਦਲ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵਿਧਾਇਕ ਬਿਕਰਮ ਸਿੰਘ ਮਜੀਠੀਆ, ਮਨਜਿੰਦਰ ਸਿੰਘ ਸਿਰਸਾ, ਵਿਰਸਾ ਸਿੰਘ ਵਲਟੋਹਾ, ਡਾ. ਦਲਬੀਰ ਸਿੰਘ ਵੇਰਕਾ ਅਤੇ ਬਾਦਲ ਦਲ ਦੇ ਕਈ ਹੋਰ ਆਗੂ ਵੀ ਮੌਜੂਦ ਸਨ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version