April 11, 2023 | By ਸਿੱਖ ਸਿਆਸਤ ਬਿਊਰੋ
ਮਸਤੂਆਣਾ, ਸੰਗਰੂਰ (11 ਅਪ੍ਰੈਲ): ਪੰਥ ਸੇਵਕ ਸਖਸ਼ੀਅਤਾਂ ਭਾਈ ਦਲਜੀਤ ਸਿੰਘ ਬਿੱਟੂ ਅਤੇ ਭਾਈ ਹਰਦੀਪ ਸਿੰਘ ਮਹਿਰਾਜ ਵੱਲੋਂ ਬੀਤੇ ਦਿਨੀਂ ਮਸਤੂਆਣਾ ਸਾਹਿਬ ਇਲਾਕੇ ਵਿਚ ਖਾਲਸਾ ਪੰਥ ਅਤੇ ਗੁਰ-ਸੰਗਤ ਦੀ ਸੇਵਾ ਵਿਚ ਵਿਚਰ ਰਹੇ ਜਥਿਆਂ ਦੇ ਨੁਮਾਇੰਦਿਆਂ ਅਤੇ ਸਖਸ਼ੀਅਤਾਂ ਨਾਲ ਇਕ ਇਕੱਤਰਤਾ ਕੀਤੀ ਗਈ। ਇਸ ਇਕੱਤਰਤਾ ਵਿਚ ਖਾਲਸਾ ਪੰਥ ਅਤੇ ਗੁਰ-ਸੰਗਤ ਨੂੰ ਦਰਪੇਸ਼ ਮਸਲਿਆਂ ਬਾਰੇ ਅਹਿਮ ਵਿਚਾਰ ਵਟਾਂਦਰਾ ਹੋਇਆ।
ਪੰਥ ਸੇਵਕ ਸਖਸ਼ੀਅਤਾਂ ਭਾਈ ਦਲਜੀਤ ਸਿੰਘ ਬਿੱਟੂ ਅਤੇ ਭਾਈ ਹਰਦੀਪ ਸਿੰਘ ਮਹਿਰਾਜ ਨੇ ਕਿਹਾ ਕਿ ਇਸ ਵੇਲੇ ਪੰਜਾਬ ਅਤੇ ਸਿੱਖਾਂ ਵਿਚ ਖਿੰਡਾਓ ਦਾ ਮਹੌਲ ਹੈ ਅਤੇ ਸਾਨੂੰ ਆਪਸੀ ਸੰਵਾਦ ਤੇ ਵਿਚਾਰ-ਵਟਾਂਦਰੇ ਦਾ ਸਿਲਸਿਲਾ ਸ਼ੁਰੂ ਕਰਨ ਦੀ ਲੋੜ ਹੈ। ਉਹਨਾ ਕਿਹਾ ਕਿ ਅਸੀਂ ਪਿਛਲੇ ਛੇ ਮਹੀਨਿਆਂ ਦੌਰਾਨ ਸਿੱਖ ਸੰਪਰਦਾਵਾਂ, ਸੰਸਥਾਵਾਂ, ਪੰਥਕ ਸਖ਼ਸ਼ੀਅਤਾਂ, ਵਿਚਾਰਵਾਨਾਂ, ਵਿਦਵਾਨਾਂ, ਨੌਜੁਆਨਾਂ ਅਤੇ ਪ੍ਰਚਾਰਕਾਂ ਨਾਲ ਸੰਵਾਦ ਕੀਤਾ ਹੈ।
ਪੰਥ ਸੇਵਕਾਂ ਨੇ ਕਿਹਾ ਕਿ ਇਸ ਵਿਚਾਰ ਚਰਚਾ ਦੀ ਅਗਲੀ ਕੜੀ ਤਹਿਤ 28 ਜੂਨ 2023 ਨੂੰ ਮੀਰੀ-ਪੀਰੀ ਦਿਵਸ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਇਕੱਤਰਤਾ ਸੱਦੀ ਜਾਵੇਗੀ, ਜਿਸ ਵਿੱਚ ਸ਼ਮੂਲੀਅਤ ਲਈ ਦੇਸ-ਵਿਦੇਸ ਤੋਂ ਸਿੱਖ ਸੰਪਰਦਾਵਾਂ, ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸੱਦਾ ਦਿਤਾ ਜਾਵੇਗਾ। ਵਿਸ਼ਵ ਸਿੱਖ ਇਕੱਤਰਤਾ ਵਿੱਚ ਸਾਡੀ ਕੋਸ਼ਿਸ਼ ਰਹੇਗੀ ਕਿ ਸ੍ਰੀ ਅਕਾਲ ਤਖਤ ਸਾਹਿਬ ਨੂੰ ਵੋਟ ਰਾਜਨੀਤੀ ਵਾਲੀਆਂ ਪਾਰਟੀਆਂ ਦੇ ਪ੍ਰਭਾਵ ਤੋਂ ਮੁਕਤ ਕਰਨ ਅਤੇ ਇਸ ਦੀ ਸੇਵਾ ਸੰਭਾਲ ਪੰਥਕ ਰਿਵਾਇਤਾਂ ਅਨੁਸਾਰ ਕਰਨ ਬਾਰੇ ਸਾਂਝਾ ਫੈਸਲਾ ਲਿਆ ਜਾਵੇ।
ਇਸ ਮੌਕੇ ਭਾਈ ਦਲਜੀਤ ਸਿੰਘ ਵੱਲੋਂ ਮਸਤੂਆਣਾ ਸਾਹਿਬ ਵਿਖੇ ਗੁਰਦੁਆਰਾ ਮਾਤਾ ਭੋਲੀ ਜੀ ਦੇ ਮੁੱਖ ਪ੍ਰਬੰਧਕ ਭਾਈ ਹਰਬੇਅੰਤ ਸਿੰਘ ਨਾਲ ਮੁਲਾਕਾਤ ਕਰਕੇ ਮੀਰੀ ਪੀਰੀ ਦਿਵਸ ਮੌਕੇ ਹੋਣ ਵਾਲੀ ਇਕੱਤਰਤਾ ਵਿਚ ਸ਼ਮੂਲੀਅਤ ਦਾ ਸੱਦਾ ਦਿੱਤਾ।
ਬੈਠਕ ਵਿਚ ਇਹ ਵੀ ਵਿਚਾਰ ਵਟਾਂਦਰਾ ਹੋਇਆ ਕਿ ਸੰਗਤ ਨੂੰ ਗੁਰੂ ਘਰਾਂ ਤੇ ਜੋੜ ਮੇਲਿਆਂ ਨਾਲ ਸੰਬੰਧਤ ਮਸਲਿਆਂ ਬਾਰੇ ਆਪਸ ਵਿਚ ਵਿਚਾਰ ਕੇ ਸਾਂਝੇ ਫੈਸਲੇ ਲੈਣੇ ਚਾਹੀਦੇ ਹਨ ਤਾਂ ਕਿ ਜੋੜ ਮੇਲਿਆਂ ਮੌਕੇ ਸਾਹਮਣੇ ਆ ਰਹੀਆਂ ਊਣਤਾਈਆਂ ਨੂੰ ਦੂਰ ਕੀਤਾ ਜਾ ਸਕੇ।
Related Topics: Bhai Daljit Singh, Bhai Hardeep Singh Mehraj, Mastuana, Panth Sewak