ਵੈਨਕੂਵਰ (26 ਨਵੰਬਰ, 2014): ਕੈਨੇਡਾ ‘ਚ ਸਿੱਖੀ ਪ੍ਰਚਾਰ ਲਈ ਪੁੱਜੇ ਭਾਈ ਪੰਥਪ੍ਰੀਤ ਸਿੰਘ ਖਾਲਸਾ ਨੇ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ‘ਤੇ ਬੋਲਦਿਆਂ ਕਿਹਾ ਕਿ ਭਾਈ ਪੰਥਪ੍ਰੀਤ ਸਿੰਘ ਨੇ ਕਿਹਾ ਕਿ ਜੇਕਰ ਭਾਰਤ ਸਰਕਾਰ ਤੇ ਦੇਸ਼ ਵਾਸੀ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਆਪਣੀ ਹੋਂਦ ਬਚੀ ਰਹਿਣ ਦਾ ਕਾਰਨ ਮੰਨਦੇ ਹਨ ਤਾਂ ਦੇਸ਼ ਭਰ ਦੀਆਂ ਜੇਲ੍ਹਾਂ ‘ਚ ਸਜ਼ਾ ਕੱਟਣ ਦੇ ਬਾਵਜੂਦ ਨਜ਼ਰਬੰਦ ਅਤੇ ਬੇਕਸੂਰ ਸਿੱਖ ਕੈਦੀਆਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਉਨਾਂ ਕਿਹਾ ਕਿ ਗੁਰੂ ਜੀ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਵਿਚਾਰਾਂ ਦੀ ਆਜ਼ਾਦੀ ਲਈ ਸ਼ਹੀਦੀ ਦਿੱਤੀ ਸੀ, ਨਾ ਕਿ ਕਿਸੇ ਵਿਸ਼ੇਸ਼ ਧਰਮ ਨੂੰ ਬਚਾਉਣ ਲਈ।
ਉਨ੍ਹਾਂ ਦੱਸਿਆ ਕਿ ਦੁਨੀਆ ਦੇ ਇਤਿਹਾਸ ‘ਚ ਇਹ ਪਹਿਲੀ ਮਿਸਾਲ ਹੈ ਜਦੋਂ ਵਿਰੋਧੀ ਵਿਚਾਰਾਂ ਦੀ ਸੁਤੰਤਰਤਾ ਲਈ ਸ਼ਹਾਦਤ ਦਿੱਤੀ ਗਈ ਹੋਵੇ ਅਤੇ ਇਸ ਆਧਾਰ ‘ਤੇ ਗੁਰੂ ਜੀ ਦੇ ਸ਼ਹੀਦੀ ਦਿਹਾੜੇ ਨੂੰ ਹੀ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਇਆ ਜਾਣਾ ਚਾਹੀਦਾ ਹੈ।
ਉਨ੍ਹਾਂ ਗੁਰਦੁਆਰਾ ਸਿੰਘ ਸਭਾ ਸਰੀ, ਗੁਰਦੁਆਰਾ ਦਸਮੇਸ਼ ਦਰਬਾਰ ਸਰੀ, ਬਾਬਾ ਬੰਦਾ ਸਿੰਘ ਬਹਾਦਰ ਗੁਰਦੁਆਰਾ ਐਬਟਸਫੋਰਡ, ਗੁਰੂ ਨਾਨਕ ਗੁਰਦੁਆਰਾ ਸਰੀ-ਡੈਲਟਾ ਅਤੇ ਖਾਲਸਾ ਦਰਬਾਰ ਵੈਨਕੂਵਰ ‘ਚ ਸਿੱਖ ਸੰਗਤਾਂ ਨੂੰ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਤੇ ਡੇਰਾਵਾਦ ਤੋਂ ਬਚਣ ਦਾ ਸੰਦੇਸ਼ ਦਿੱਤਾ।