ਚੰਡੀਗੜ੍ਹ: 41 ਮੈਂਬਰਾਂ ਦੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਚੱਲ ਰਹੇ ਪ੍ਰਧਾਨਗੀ ਅਹੁਦੇ ਦੇ ਸੰਘਰਸ਼ ‘ਚ ਅਸਥਾਈ ਤੌਰ ‘ਤੇ ਠਹਿਰਾਅ ਆ ਗਿਆ ਹੈ। ਸਿੱਖ ਪ੍ਰਚਾਰਕ ਭਾਈ ਬਲਜੀਤ ਸਿੰਘ ਦਾਦੂਵਾਲ ਦੀਆਂ ਕੋਸ਼ਿਸ਼ਾਂ ਕਰਕੇ ਐਤਵਾਰ ਨੂੰ ਪੰਜ ਗੁਰਦੁਆਰਿਆਂ ਦੀ ਸੇਵਾ ਸੰਭਾਲ ਕਰਨ ਵਾਲੀ ਕਮੇਟੀ ਦੇ ਜਗਦੀਸ਼ ਸਿੰਘ ਝੀਂਡਾ ਨੂੰ ਦੁਬਾਰਾ ਹਰਿਆਣਾ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ।
ਮੀਡੀਆ ਦੇ ਸੂਤਰਾਂ ਨੇ ਇਸ਼ਾਰਾ ਕੀਤਾ ਹੈ ਕਿ ਇਹ ਅਸਥਾਈ ‘ਜੰਗ-ਬੰਦੀ’ 14 ਜੁਲਾਈ ਤਕ ਰਹੀ ਰਹੇਗੀ। ਕਿਉਂਕਿ 14 ਜੁਲਾਈ ਨੂੰ ਭਾਰਤ ਦੀ ਸੁਪਰੀਮ ਕੋਰਟ ਦੇ ਹਰਿਆਣਾ ਕਮੇਟੀ ਬਾਰੇ ਫੈਸਲਾ ਆਉਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਅੰਮ੍ਰਿਤਸਰ) ਨੇ ਹਰਿਆਣਾ ਕਮੇਟੀ ਦੀ ਕਾਇਮੀ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਸੀ।
9 ਅਪ੍ਰੈਲ ਨੂੰ ਹੋਈ ਮੀਟਿੰਗ ‘ਚ ਜਗਦੀਸ਼ ਸਿੰਘ ਝੀਂਡਾ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਲਾਹ ਕੇ ਦੀਦਾਰ ਸਿੰਘ ਨਲਵੀ ਨੂੰ ਪ੍ਰਧਾਨ ਚੁਣਿਆ ਗਿਆ ਸੀ। ਪਰ ਐਤਵਾਰ ਨੂੰ ਪੰਜ ਘੰਟੇ ਚੱਲੀ ਮੀਟਿੰਗ ‘ਚ ਜਗਦੀਸ਼ ਸਿੰਘ ਝੀਂਡਾ ਨੂੰ ਦੁਬਾਰਾ ਪ੍ਰਧਾਨ ਚੁਣ ਲਿਆ ਗਿਆ।
ਜਗਦੀਸ਼ ਸਿੰਘ ਝੀਂਡਾ ਦੀ ਅਗਵਾਈ ਵਾਲੇ ਧੜੇ ਨੇ ਦੀਦਾਰ ਸਿੰਘ ਨਲਵੀ ਨੂੰ ਨਿਯੁਕਤੀ ਨੂੰ ਖਾਰਜ ਕਰ ਦਿੱਤਾ ਅਤੇ ਇਸ ਨੂੰ ਗ਼ੈਰ ਕਾਨੂੰਨੀ ਐਲਾਨਿਆ।
ਬਲਜੀਤ ਸਿੰਘ ਦਾਦੂਵਾਲ ਨੇ ਇਕ ਅੰਗ੍ਰੇਜ਼ੀ ਅਖ਼ਬਾਰ ਨੂੰ ਫੋਨ ‘ਤੇ ਦੱਸਿਆ ਕਿ “ਕਮੇਟੀ ਨੂੰ ਚੋਣ ਲਈ ਬੁਲਾਇਆ ਗਿਆ ਸੀ ਅਤੇ ਐਤਵਾਰ ਦੀ ਮੀਟਿੰਗ ‘ਚ 32 ਮੈਂਬਰ ਸ਼ਾਮਲ ਸੀ, ਜੋ ਹੁਣ ਤਕ ਦੀਆਂ ਮੀਟਿੰਗਾਂ ਵਿਚ ਮੈਂਬਰਾਂ ਦੀ ਹਾਜ਼ਰੀ ਪੱਖੋਂ ਸਭ ਤੋਂ ਵੱਡੀ ਸੀ। ਇਸ ਮਾਮਲੇ ਨੂੰ ਸੁਲਝਾਉਣ ਲਈ ਹਾਜ਼ਰ ਮੈਂਬਰਾਂ ਨੇ ਸਾਰੇ ਅਧਿਕਾਰ ਮੈਨੂੰ ਦਿੱਤੇ ਸੀ, ਅਤੇ ਇਸ ਮੌਕੇ ਜਗਦੀਸ਼ ਸਿੰਘ ਝੀਂਡਾ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ।
ਜ਼ਿਕਰਯੋਗ ਹੈ ਕਿ 2014 ‘ਚ ਸ਼੍ਰੋਮਣੀ ਕਮੇਟੀ ਨੇ ਹਰਿਆਣਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਦੇ ਬਾਈਕਾਟ ਦਾ ਸੱਦਾ ਦਿੱਤਾ ਸੀ। ਪਿਛਲੇ ਮਹੀਨੇ 4 ਅਪ੍ਰੈਲ ਨੂੰ ਝੀਂਡਾ ਨੇ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋ ਕੇ ਮਾਫੀ ਮੰਗ ਲਈ ਸੀ।
ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ: