ਅੰਮ੍ਰਿਤਸਰ: ਹਰੀਦੁਆਰ ਸਥਿਤ ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਉਸਾਰੀ ਦੀ ਮੰਗ ਨੂੰ ਲੈ ਕੇ ਐਤਵਾਰ ਨੂੰ ਅਕਾਲ ਤਖ਼ਤ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਅਤੇ ਦਿੱਲੀ ਕਮੇਟੀ ਸਮੇਤ ਦੇਸ਼ ਵਿਦੇਸ਼ ਦੀ ਸੰਗਤ ਵਲੋਂ ਗੁਰਦੁਆਰਿਆਂ ਵਿਚ ਜਪੁਜੀ ਸਾਹਿਬ ਦੇ ਪਾਠ ਅਤੇ ਅਰਦਾਸ ਕੀਤੀ ਗਈ ਹੈ। ਜਿਸ ਤਹਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਜਪੁਜੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ। ਇਸ ਦੌਰਾਨ ਗਿਆਨੀ ਗੁਰਬਚਨ ਸਿੰਘ ਨੇ ਇਸ ਮਾਮਲੇ ਨੂੰ ਲੈ ਕੇ ਸੰਘਰਸ਼ ਦੀ ਅਗਲੀ ਰੂਪ ਰੇਖਾ ਉਲੀਕਣ ਲਈ ਸਿੱਖ ਜਥੇਬੰਦੀਆਂ ਦੀ ਇਕ ਮੀਟਿੰਗ 24 ਮਈ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸੱਦੀ ਹੈ।
ਮਿੱਥੇ ਪ੍ਰੋਗਰਾਮ ਅਨੁਸਾਰ ਐਤਵਾਰ ਸਵੇਰੇ 9 ਵਜੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਚ ਜਪੁਜੀ ਸਾਹਿਬ ਦਾ ਪਾਠ ਕੀਤਾ ਗਿਆ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਮੂਹ ਗੁਰਦੁਆਰਿਆਂ ਵਿਚ ਜਪੁਜੀ ਸਾਹਿਬ ਦਾ ਪਾਠ ਅਤੇ ਅਰਦਾਸ ਕੀਤੀ ਗਈ।
ਸਬੰਧਤ ਖ਼ਬਰ:
ਦਿੱਲੀ ਕਮੇਟੀ ਵਲੋਂ ਗੁ: ਗਿਆਨ ਗੋਦੜੀ ਦੇ ਮਸਲੇ ‘ਤੇ ਗਿਆਨੀ ਗੁਰਬਚਨ ਸਿੰਘ ਨੂੰ ਅਗਵਾਈ ਕਰਨ ਦੀ ਅਪੀਲ …
ਸ਼੍ਰੋਮਣੀ ਕਮੇਟੀ ਵਲੋਂ ਥਾਪੇ ਗਏ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੰਬੋਧਨ ਕਰਦਿਆਂ ਗੁਰਦੁਆਰਾ ਗਿਆਨ ਗੋਦੜੀ ਦੇ ਇਤਿਹਾਸ ਬਾਰੇ ਸਿੱਖ ਸੰਗਤਾਂ ਨੂੰ ਜਾਣੂੰ ਕਰਾਇਆ। ਉਨ੍ਹਾਂ ਦੱਸਿਆ ਕਿ ਸਿੱਖ ਸੰਗਤ ਲੰਮੇ ਸਮੇਂ ਤੋਂ ਮੰਗ ਕਰ ਰਹੀ ਹੈ ਕਿ ਇਸ ਗੁਰਦੁਆਰੇ ਦੀ ਮੁੜ ਉਸੇ ਥਾਂ ‘ਤੇ ਸਥਾਪਨਾ ਕੀਤੀ ਜਾਵੇ। ਉਨ੍ਹਾਂ ਆਖਿਆ ਕਿ ਇਹ ਮੰਦਭਾਗੀ ਗੱਲ ਹੈ ਕਿ ਸਿੱਖ ਧਰਮ ਦੇ ਬਾਨੀ ਨਾਲ ਸਬੰਧਤ ਗੁਰਦੁਆਰੇ ਨੂੰ ਨੁਕਸਾਨ ਪੁਚਾਇਆ ਗਿਆ ਹੈ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ ਸਮੇਤ ਸਮੂਹ ਸਿੱਖਾਂ ਨੂੰ ਅਪੀਲ ਕੀਤੀ ਕਿ ਇਸ ਮੀਟਿੰਗ ਵਿਚ ਸ਼ਾਮਲ ਹੋਣ। ਉਨ੍ਹਾਂ ਆਖਿਆ ਕਿ ਇਹ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ ਅਤੇ ਨਾ ਹੀ ਕਿਸੇ ਇਕ ਸਿਆਸੀ ਪਾਰਟੀ ਦਾ ਪ੍ਰੋਗਰਾਮ ਹੈ, ਇਸ ਲਈ ਸਮੂਹ ਪਾਰਟੀਆਂ ਦੇ ਨੁਮਾਇੰਦੇ ਸਿਆਸਤ ਤੋਂ ਉਪਰ ਉਠ ਕੇ ਇਸ ਸਮਾਗਮ ਵਿਚ ਸ਼ਾਮਲ ਹੋਣ। ਇਸ ਮੌਕੇ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ, ਅਮਰਜੀਤ ਸਿੰਘ ਚਾਵਲਾ, ਸਕੱਤਰ ਡਾ. ਰੂਪ ਸਿੰਘ ਤੇ ਹੋਰਨਾਂ ਨੇ ਸੰਬੋਧਨ ਕੀਤਾ।
ਸਬੰਧਤ ਖ਼ਬਰ:
ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਉਸਾਰੀ ਲਈ ਡੀ.ਸੀ. ਨੂੰ ਮੰਗ ਪੱਤਰ ਸੌਂਪਿਆ …