ਅਟਾਰੀ ਰੇਲਵੇ ਸਟੇਸ਼ਨ ’ਤੇ ਸ਼ਰਧਾਲੂ (ਫਾਈਲ ਫੋਟੋ)

ਸਿੱਖ ਖਬਰਾਂ

ਸ਼ਹੀਦੀ ਪੁਰਬ ਮਨਾਉਣ ਲਈ ਜਥਾ ਪਾਕਿਸਤਾਨ ਪੁੱਜਿਆ

By ਸਿੱਖ ਸਿਆਸਤ ਬਿਊਰੋ

June 09, 2016

ਅਟਾਰੀ: ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਡੇਰਾ ਸਾਹਿਬ, ਲਾਹੌਰ ਵਿਖੇ ਮਨਾਉਣ ਅਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦਾ 155 ਮੈਂਬਰੀ ਜਥਾ ਜਸਬੀਰ ਸਿੰਘ ਦੇਹਰਾਦੂਨ ਦੀ ਅਗਵਾਈ ’ਚ ਅਟਾਰੀ ਰੇਲਵੇ ਸਟੇਸ਼ਨ ਤੋਂ ਪਾਕਿਸਤਾਨ ਗਿਆ।

ਜਥੇ ਨੂੰ ਪਾਕਿਸਤਾਨ ਜਾਣ ਲਈ ਮਨਜ਼ੂਰੀ ਲੈਣ ਵਾਸਤੇ ਭਾਰੀ ਜੱਦੋ ਜਹਿਦ ਕਰਨੀ ਪਈ ਅਤੇ ਸਿੱਖ ਸ਼ਰਧਾਲੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਮਨਿੰਦਰ ਸਿੰਘ ਧੁੰਨਾ ਦੀ ਅਗਵਾਈ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਸ਼ਰਧਾਲੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਬਾਅਦ ਦੁਪਹਿਰ ਭਾਰਤ ਸਰਕਾਰ ਵੱਲੋਂ ਮਨਜ਼ੂਰੀ ਮਿਲਣ ’ਤੇ ਜਥਾ ਪਾਕਿਸਤਾਨ ਗਿਆ। ਜਸਬੀਰ ਸਿੰਘ ਦੇਹਰਾਦੂਨ ਨੇ ਕਿਹਾ ਕਿ ਪਾਕਿਸਤਾਨ ਜਾਣ ਲਈ ਪਹਿਲਾਂ ਜਥੇ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ ਸੀ, ਜਿਸ ਕਰ ਕੇ ਉਨ੍ਹਾਂ ਨੂੰ ਜੱਦੋ-ਜਹਿਦ ਕਰਨੀ ਪਈ। ਉਨ੍ਹਾਂ ਕਿਹਾ ਕਿ ਜਥਾ 17 ਜੂਨ ਨੂੰ ਪਰਤੇਗਾ।

ਇਸ ਮੌਕੇ ਗੱਲਬਾਤ ਕਰਦਿਆਂ ਸ਼ਰਧਾਲੂ ਪ੍ਰਿਤਪਾਲ ਸਿੰਘ ਦੇਹਰਾਦੂਨ ਨੇ ਦੱਸਿਆ ਕਿ ਜਥਾ ਜਦੋਂ ਅਟਾਰੀ ਰੇਲਵੇ ਸਟੇਸ਼ਨ ’ਤੇ ਪੁੱਜਿਆ ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਰੇਲ ਰਸਤੇ ਪਾਕਿਸਤਾਨ ਜਾਣ ਲਈ ਜਥੇ ਨੂੰ ਭਾਰਤ ਸਰਕਾਰ ਵੱਲੋਂ ਮਨਜ਼ੂਰੀ ਨਹੀਂ ਦਿੱਤੀ ਗਈ। ਉਨ੍ਹਾਂ ਨੇ ਰੇਲਵੇ ਬੋਰਡ ਦਿੱਲੀ ਦੇ ਅਧਿਕਾਰੀਆਂ ਅਤੇ ਡੀਆਰਐਮ ਫਿਰੋਜ਼ਪੁਰ ਨਾਲ ਗੱਲਬਾਤ ਕੀਤੀ ਪਰ ਕੋਈ ਹੱਲ ਨਾ ਨਿਕਲਿਆ। ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਦੇ ਸਿਆਸੀ ਸਕੱਤਰ ਮਨਿੰਦਰ ਸਿੰਘ ਧੁੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਮੋਦੀ ਸਰਕਾਰ ਨੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਨਾ ਜਾਣ ਦੇਣ ਲਈ ਰੇਲ ਗੱਡੀ ਨੂੰ ਮਨਜ਼ੂਰੀ ਨਹੀਂ ਦਿੱਤੀ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: