ਚੰਡੀਗੜ: ਆਧਾਰ ਡੇਟਾ ’ਚ ਸੰਨ੍ਹ ਲਾਉਣ ਦੇ ਮਾਮਲੇ ਵਿੱਚ ਅਮਰੀਕੀ ਵ੍ਹਿਸਲਬਲੋਅਰ ਐਡਵਰਡ ਸਨੋਡਨ ਨੇ ਕਿਹਾ ਕਿ ਦਿ ਟ੍ਰਿਿਬਊਨ ਦੀ ਰਿਪੋਰਟਰ ਰਚਨਾ ਖਹਿਰ ਜਿਸ ਨੇ ਆਧਾਰ ਡੇਟਾ ’ਚ ਸੰਨ੍ਹ ਦਾ ਖ਼ੁਲਾਸਾ ਕੀਤਾ ਸੀ, ਇਨਾਮ ਦੀ ਹੱਕਦਾਰ ਹੈ ਨਾ ਕੇ ਉਸ ਦੇ ਕੰਮ ਲਈ ਸਰਕਾਰੀ ਜਾਂਚ (ਐਫਆਈਆਰ) ਹੋਣੀ ਚਾਹੀਦੀ ਹੈ। ਕੇਂਦਰੀ ਖ਼ੁਫ਼ੀਆ ਏਜੰਸੀ (ਸੀਆਈਏ) ਦੇ ਸਾਬਕਾ ਮੁਲਾਜ਼ਮ ਸਨੋਡਨ, ਜਿਸ ਨੇ ਫੋਨ ਅਤੇ ਇੰਟਰਨੈੱਟ ਸੰਚਾਰ ਰਾਹੀਂ ਅਮਰੀਕੀ ਨਿਗਰਾਨੀ ਦਾ ਪਰਦਾਫ਼ਾਸ਼ ਕੀਤਾ ਸੀ, ਨੇ ਕਿਹਾ ਕਿ ਜੇਕਰ ਸਰਕਾਰ ਨਿਆਂ ਦੀ ਹਾਮੀ ਭਰਦੀ ਹੈ ਤਾਂ ਉਨ੍ਹਾਂ ਨੂੰ ਨੀਤੀਆਂ ’ਚ ਸੁਧਾਰ ਕਰਨਾ ਚਾਹੀਦਾ ਹੈ। ਸਿਰਫ਼ ਜ਼ਿੰਮੇਵਾਰ ਵਿਅਕਤੀਆਂ ਨੂੰ ਹੀ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।
ਦੁਜੇ ਪਾਸੇ ਮਿਲੀ ਜਾਣਕਾਰੀ ਅਨੁਸਾਰ ਆਧਾਰ ਡੇਟਾ ’ਚ ਸੰਨ੍ਹ ਮਾਮਲੇ ਦੀ ਦਿੱਲੀ ਪੁਲੀਸ ਦੇ ਸਾਈਬਰ ਸੈੱਲ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਟੀਮ ਦੀ ਅਗਵਾਈ ਕਰ ਰਹੇ ਸਹਾਇਕ ਪੁਲੀਸ ਕਮਿਸ਼ਨਰ ਨੇ ਕਿਹਾ ਕਿ ਡੇਟਾ ਤਕ ਪਹੁੰਚ ਮਾਮਲੇ ’ਚ ਯੂਆਈਡੀਏਆਈ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ ਕਿਉਂਕਿ ਉਨ੍ਹਾਂ ਦੀ ਸ਼ਮੂਲੀਅਤ ਤੋਂ ਬਿਨਾਂ ਆਧਾਰ ’ਚ ਸੰਨ੍ਹ ਲਾਉਣਾ ਅਸੰਭਵ ਕੰਮ ਹੈ। ਉਨ੍ਹਾਂ ਕਿਹਾ ਕਿ ‘ਦਿ ਟ੍ਰਿਿਬਊਨ’ ਦੀ ਰਿਪੋਰਟਰ ਨੂੰ ਗ੍ਰਿਫ਼ਤਾਰ ਕਰਨ ਦਾ ਕੋਈ ਸਵਾਲ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ,‘‘ਜਾਣਕਾਰੀ ਪੂਰੀ ਨਾ ਹੋਣ ਕਰਕੇ ਅਸੀਂ ਯੂਆਈਡੀਏਆਈ ਤੋਂ ਕੁਝ ਖ਼ਾਸ ਵੇਰਵੇ ਮੰਗੇ ਹਨ।
ਆਧਾਰ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਰਾਜਿੰਦਰ ਸੱਚਰ ਨੇ ਕਿਹਾ ਕਿ ਯੂਆਈਡੀਏਆਈ ਵੱਲੋਂ ਕੀਤੀ ਗਈ ਕਾਰਵਾਈ ਨਮੋਸ਼ੀ ਭਰੀ ਅਤੇ ਗ਼ੈਰਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਦਿ ਟ੍ਰਿਿਬਊਨ ਦੀ ਰਿਪੋਰਟਰ ਰਚਨਾ ਖਹਿਰਾ ਨੂੰ ਗਵਾਹ ਵਜੋਂ ਸੱਦਿਆ ਜਾਣਾ ਚਾਹੀਦਾ ਸੀ। ਜਸਟਿਸ ਸੱਚਰ ਨੇ ਕਿਹਾ ਕਿ ਇਹ ਬੋਲਣ ਦੀ ਆਜ਼ਾਦੀ ਅਤੇ ਨਿੱਜਤਾ ਦੇ ਅਧਿਕਾਰ ’ਤੇ ਖੁਲ੍ਹਾ ਹਮਲਾ ਹੈ।