ਖਾਸ ਖਬਰਾਂ » ਸਿੱਖ ਖਬਰਾਂ

ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਦਾ “ਅਤਿ ਗੁਪਤ” ਦੱਸਿਆ ਜਾਂਦਾ ਲੇਖਾ ਜਾਰੀ ਹੋਣ ਤੋਂ ਪਹਿਲਾਂ ਹੀ ਜਨਤਕ ਹੋ ਗਿਆ

August 15, 2018 | By

ਚੰਡੀਗੜ੍ਹ: ਪੰਜਾਬ ਵਿੱਚ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਵਾਲੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਦਾ “ਅਤਿ ਗੁਪਤ” ਦੱਸਿਆ ਜਾਂਦਾ ਲੇਖਾ ਅੱਜ ਜਾਰੀ ਹੋਣ ਤੋਂ ਪਹਿਲਾਂ ਹੀ ਜਨਤਕ ਹੋ ਗਿਆ। ਜ਼ਿਕਰਯੋਗ ਹੈ ਕਿ ਬੀਤੇ ਕਈ ਦਿਨਾਂ ਤੋਂ ਇਸ ਲੇਖੇ ਦੇ ਵੱਖ-ਵੱਖ ਹਿੱਸਿਆਂ ਬਾਰੇ ਜਾਣਕਾਰੀ “ਸੂਤਰਾਂ” ਦੇ ਹਵਾਲੇ ਨਾਲ ਅਖਬਾਰਾਂ ਵਿੱਚ ਛਪ ਰਹੀ ਸੀ ਪਰ ਅੱਜ ਇਸ ਲੇਖੇ ਦੀਆਂ ਬਿਜਲਈ ਨਕਲਾਂ ਮੱਕੜਜਾਲ ਵੱਖ-ਵੱਖ ਥਾਂਈ ਨਸ਼ਰ ਹੋ ਗਈਆਂ।

ਸੇਵਾਮੁਕਤ ਜਸਟਿਸ ਰਣਜੀਤ ਸਿੰਘ ਨੇ ਆਪਣੀ ਜਾਂਚ ਦੇ ਲੇਖੇ ਨੂੰ ਚਾਰ ਭਾਗਾਂ ਵਿੱਚ ਵੰਡਿਆ ਸੀ ਅਤੇ ਪਹਿਲਾ ਭਾਗ 30 ਜੂਨ, 2018 ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਸੌਂਪ ਦਿੱਤਾ ਸੀ। ਭਾਵੇਂ ਕਿ ਅਖਬਾਰੀ ਖਬਰਾਂ ਨੇ ਜ਼ਾਹਰ ਕਰ ਦਿੱਤਾ ਸੀ ਕਿ ਜਸਟਿਸ ਰਣਜੀਤ ਸਿੰਘ ਦੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਬੇਅਦਬੀ ਘਟਨਾਵਾਂ ਪਿੱਛੇ ਡੇਰਾ ਸੌਦਾ ਸਿਰਸਾ ਦਾ ਹੱਥ ਹੈ ਪਰ ਪੰਜਾਬ ਸਰਕਾਰ ਨੇ ਇਸ ਬਾਰੇ ਪੂਰੀ ਤਰ੍ਹਾਂ ਚੁੱਪ ਧਾਰੀ ਹੋਈ ਸੀ।

ਮੁੱਖ ਮੰਤਰੀ ਵੱਲੋਂ ਬਹਿਬਲ ਕਲਾਂ ਵਿੱਚ ਪੰਜਾਬ ਪੁਲਿਸ ਵੱਲੋਂ ਸਿੱਖ ਸੰਗਤਾਂ ‘ਤੇ ਗੋਲੀਆਂ ਚਲਾ ਕੇ ਦੋ ਸਿੱਖਾਂ ਨੂੰ ਸ਼ਹੀਦ ਕਰਨ ਦੇ ਮਾਮਲੇ ਵਿੱਚ ਦੋਸ਼ੀ ਪੁਲਿਸ ਵਾਲਿਆਂ ਖਿਲਾਫ ਸਿੱਧੀ ਕਾਰਵਾਈ ਕਰਨ ਦੀ ਬਜਾਏ ਇਸ ਮਾਮਲੇ ਦੀ ਜਾਂਚ ਸੀ. ਬੀ. ਆਈ ਨੂੰ ਸੌਂਪਣ ਕਾਰਨ ਸਰਕਾਰ ਨੂੰ ਕੜੀ ਅਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਸਟਿਸ ਰਣਜੀਤ ਸਿੰਘ ਦੇ ਜਾਂਚ ਲੇਖੇ ਨੂੰ ਪੰਜਾਬ ਵਿਧਾਨ ਸਭਾ ਦੇ ਅਗਲੇ ਇਜਲਾਸ ਵਿੱਚ ਜਨਤਕ ਕਰਨ ਦਾ ਐਲਾਨ ਕੀਤਾ ਸੀ ਪਰ ਅੱਜ ਇਹ ਲੇਖਾ ਬਿਨਾ ਜਾਰੀ ਕੀਤਿਆਂ ਹੀ ਜਨਤਕ ਹੋ ਗਿਆ ਜਿਸ ਕਾਰਨ ਇਸ ਬਾਰੇ ਵਿੱਚ ਕਈ ਤਰ੍ਹਾਂ ਦੇ ਸ਼ੰਕੇ ਵੀ ਪੈਦਾ ਹੋ ਰਹੇ ਹਨ। ਲੇਖਾ ਜਨਤਕ ਹੋ ਜਾਣ ਤੋਂ ਬਾਅਦ ਸਰਕਾਰ, ਵਿਰੋਧੀ ਦਲਾਂ ਤੇ ਸਿੱਖ ਧਿਰਾਂ ਵੱਲੋਂ ਇਸ ਬਾਰੇ ਕੀ ਪੈਂਤੜਾ ਲਿਆ ਜਾਵੇਗਾ ਇਹ ਵੇਖਣ ਵਾਲੀ ਗੱਲ ਹੋਵੇਗੀ।

ਜਸਟਿਸ ਰਣਜੀਤ ਸਿੰਘ ਦੀ ਜਾਂਚ ਦੇ ਅਣਅਧਿਕਾਰਤ ਤੌਰ ਤੇ ਜਨਤਕ ਹੋਏ ਲੇਖੇ ਦੀ ਨਕਲ ਪੜ੍ਹੋ…

Confidential Report of Justice Ranjit Singh Commission on Beadbi Cases Leaked

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:


ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:
(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related Topics: ,