ਤਲਵੰਡੀ ਸਾਬੋ ਇਲਾਕੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਪਹੁੰਚੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ

ਖਾਸ ਖਬਰਾਂ

ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਗਵਾਹਾਂ ਦੇ ਬਿਆਨ ਕਲਮਬੰਦ ਕੀਤੇ

By ਸਿੱਖ ਸਿਆਸਤ ਬਿਊਰੋ

May 31, 2018

ਬਠਿੰਡਾ: ਪੰਜਾਬ ਵਿੱਚ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਨਿਯੁਕਤ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਅੱਜ ਜ਼ਿਲ੍ਹਾ ਬਠਿੰਡਾ ਦੇ ਬੀਬੀ ਵਾਲਾ ਚੌਕ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਪਿੰਡ ਬਲਹਾੜ ਵਿੰਝ ਵਿੱਚ 2015 ਵਿੱਚ ਗੁਟਕਾ ਸਾਹਿਬ ਦੀ ਬੇਅਬਦੀ ਦੀ ਘਟਨਾ ਦੀ ਜਾਂਚ ਕਰਦਿਆਂ ਗੁਰਦੁਆਰੇ ਦੇ ਹੈੱਡ ਗ੍ਰੰਥੀ ਬੁੱਧ ਸਿੰਘ ਦੇ ਬਿਆਨ ਕਲਮਬੰਦ ਕੀਤੇ। ਇਸ ਤੋਂ ਇਲਾਵਾ ਜੇਠੂਕੇ, ਕੋਟਫੱਤਾ ਵਿੱਚ ਵੀ ਘਟਨਾਵਾਂ ਦੀ ਜਾਂਚ ਕੀਤੀ ਗਈ।

ਸਰਕਟ ਹਾਊਸ ਬਠਿੰਡਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਟਿਸ ਰਣਜੀਤ ਸਿੰਘ ਨੇ ਦੱਸਿਆ ਕਿ ਸੂਬੇ ਭਰ ’ਚ ਹੋਈਆਂ ਵੱਖ-ਵੱਖ ਧਰਮਾਂ ਦੇ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਜਾਂਚ ਉਨ੍ਹਾਂ ਵੱਲੋਂ ਕੀਤੀ ਜਾ ਚੁੱਕੀ ਹੈ ਅਤੇ ਉਹ ਇਸ ਸਬੰਧੀ ਰਿਪੋਰਟ ਜਲਦ ਹੀ ਪੰਜਾਬ ਸਰਕਾਰ ਨੂੰ ਸੌਂਪਣਗੇ।

ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਅੱਜ ਆਪਣੀ ਟੀਮ ਨਾਲ ਤਲਵੰਡੀ ਸਾਬੋ ਇਲਾਕੇ ਦੇ ਪਿੰਡ ਜੀਵਨ ਸਿੰਘ ਵਾਲਾ ਅਤੇ ਨੰਗਲਾ ਦਾ ਦੌਰਾ ਕੀਤਾ ਅਤੇ ਇਨ੍ਹਾਂ ਪਿੰਡਾਂ ਵਿੱਚ ਪਿਛਲੇ ਸਮੇਂ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਸਬੰਧ ਵਿੱਚ ਗਵਾਹਾਂ ਦੇ ਬਿਆਨ ਕਲਮਬੰਦ ਕੀਤੇ ਅਤੇ ਕਈ ਪਹਿਲੂਆਂ ਤੋਂ ਵੇਰਵੇ ਇਕੱਤਰ ਕੀਤੇ।

ਦੱਸਣਯੋਗ ਹੈ ਕਿ ਢਾਈ ਸਾਲ ਪਹਿਲਾਂ ਪਿੰਡ ਨੰਗਲਾ ਵਿੱਚ ਇੱਕ ਮਕਾਨ ਦੀ ਛੱਤ ਤੋਂ ਗੁਟਕਾ ਸਾਹਿਬ ਦੇ ਪਾੜ ਕੇ ਸੁੱਟੇ ਕੁਝ ਅੰਗ ਬਰਾਮਦ ਹੋਏ ਸਨ। ਪਿੰਡ ਜੀਵਨ ਸਿੰਘ ਵਾਲਾ ਵਿੱਚ ਪੌਣੇ ਕੁ ਦੋ ਸਾਲ ਪਹਿਲਾਂ ਘਰੇਲੂ ਕਲੇਸ਼ ਕਾਰਨ ਇੱਕ ਵਿਅਕਤੀ ਨੇ ਕੱਪੜਿਆਂ ਨੂੰ ਅੱਗ ਲਗਾ ਦਿੱਤੀ ਸੀ, ਜਿਸ ਕਾਰਨ ਨਿੱਤਨੇਮ ਲਈ ਰੁਮਾਲਾ ਸਾਹਿਬ ਵਿੱਚ ਰੱਖਿਆ ਗੁਟਕਾ ਸਾਹਿਬ ਵੀ ਅਗਨ ਭੇਟ ਹੋ ਗਿਆ ਸੀ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ: