December 30, 2015 | By ਸਿੱਖ ਸਿਆਸਤ ਬਿਊਰੋ
ਭਾਈ ਬਲਦੀਪ ਸਿੰਘ ਨੇਂ ਕੀਤੀ ਚੋਣ ਪ੍ਰਚਾਰ ਦੀ ਸ਼ੁਰੂਆਤ
ਅੰਮ੍ਰਿਤਸਰ ਸਾਹਿਬ: ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨਸੀਮ ਜ਼ਾਇਦੀ ਨੇ ਬੀਤੇ ਦਿਨ ਅੰਮ੍ਰਿਤਸਰ ਸਾਹਿਬ ਵਿੱਚ ਜਾਣਕਾਰੀ ਦਿੱਤੀ ਕਿ ਖਡੂਰ ਸਾਹਿਬ ਜ਼ਿਮਨੀ ਚੋਣ ਅਗਲੇ ਸਾਲ ਮਈ ਦੇ ਅੱਧ ਵਿੱਚ ਕਰਵਾ ਦਿੱਤੀ ਜਾਵੇਗੀ।
ਜਿਕਰਯੋਗ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਰੋਸ ਵਜੋਂ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਸੀ। 18 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸਿੱਕੀ ਦਾ ਅਸਤੀਫਾ ਮਨਜ਼ੂਰ ਕਰਨ ਤੋਂ ਬਾਅਦ ਵਿਧਾਇਕ ਦੀ ਕੁਰਸੀ ਖਾਲੀ ਹੋ ਗਈ ਸੀ।
ਭਾਰਤੀ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਜ਼ਿਮਨੀ ਚੋਣ 18 ਮਈ ਤੱਕ ਹੋ ਜਾਣੀ ਚਾਹੀਦੀ ਹੈ।
ਨਸੀਮ ਜ਼ਾਇਦੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਇਸ ਸੰਬੰਧੀ ਸੂਚਨਾ ਮਿਲਣ ਤੋਂ ਬਾਅਦ ਹੀ ਚੋਣ ਦੀ ਤਰੀਕ ਦਾ ਐਲਾਨ ਕੀਤਾ ਜਾਵੇਗਾ।
ਜਦੋਂ ਨਸੀਮ ਜ਼ਾਇਦੀ ਨੂੰ ਪੁੱਛਿਆ ਗਿਆ ਕਿ ਕੀ ਪੰਜਾਬ ਸਰਕਾਰ ਵੱਲੋਂ ਹੁਣ ਖਡੂਰ ਸਾਹਿਬ ਵਿਚ ਵਿਕਾਸ ਕਾਰਜਾਂ ਲਈ ਦਿੱਤੀਆਂ ਜਾ ਰਹੀਆਂ ਗਰਾਂਟਾਂ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਕਰ ਰਹੀਆਂ ਤਾਂ ਉਨ੍ਹਾਂ ਕਿਹਾ ਕਿ ਅਜੇ ਇਸ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜਦੋਂ ਤਰੀਕ ਦਾ ਐਲਾਨ ਕੀਤਾ ਜਾਵੇਗਾ ਉਸ ਤੋਂ ਬਾਅਦ ਹੀ ਇਹ ਹਲਕਾ ਚੋਣ ਕਮਿਸ਼ਨ ਦੇ ਨਿਯਮਾਂ ਦੇ ਅਧਿਕਾਰ ਖੇਤਰ ਵਿੱਚ ਆਵੇਗਾ।
ਅਸਤੀਫਾ ਦੇਣ ਵਾਲੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਵੱਲੋਂ ਚੋਣ ਲੜਨ ਦੇ ਮਸਲੇ ਤੇ ਜ਼ਾਇਦੀ ਨੇ ਕਿਹਾ ਕਿ ਉਨ੍ਹਾਂ ਦੇ ਅਸਤੀਫੇ ਕਾਰਨ ਚੋਣ ਕਮਿਸ਼ਨ ਨੂੰ ਇੱਕ ਵੱਡੀ ਰਾਸ਼ੀ ਚੋਣ ਤੇ ਖਰਚ ਕਰਨੀ ਪਵੇਗੀ, ਪਰ ਫਿਲਹਾਲ ਅਜੇ ਕੋਈ ਅਜਿਹਾ ਨਿਯਮ ਨਹੀਂ ਜਿਸ ਨਾਲ ਸਿੱਕੀ ਨੂੰ ਚੋਣ ਲੜਨ ਤੋਂ ਰੋਕਿਆ ਜਾਵੇ।
ਖਡੂਰ ਸਾਹਿਬ ਜ਼ਿਮਨੀ ਚੋਣ ਲੜਨ ਦਾ ਐਲਾਨ ਕਰ ਚੁੱਕੇ ਭਾਈ ਬਲਦੀਪ ਸਿੰਘ ਵੱਲੋਂ ਬੀਤੇ ਕੱਲ੍ਹ ਖਡੂਰ ਸਾਹਿਬ ਦੇ ਗੁਰਦੁਆਰਾ ਅੰਗੀਠਾ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੇ ਚੋਣ ਪ੍ਰਚਾਰ ਦੀ ਸ਼ੁਰੂਆਤ ਕਰ ਦਿੱਤੀ ਗਈ। ਇਸ ਮੌਕੇ ਉਨ੍ਹਾਂ ਨਾਲ ਸਵਰਾਜ ਅਭਿਆਨ ਲਹਿਰ ਦੇ ਕਨਵੀਨਰ ਮਨਜੀਤ ਸਿੰਘ ਅਤੇ ਆਮ ਆਦਮੀ ਵਲੰਟੀਅਰ ਫਰੰਟ ਦੇ ਕਾਰਕੁੰਨ ਵੀ ਹਾਜਿਰ ਸਨ।
Related Topics: Bhai Baldeep Singh, Chief Election Commissioner, Manjeet SIngh, Nasim Zaidi, Ramanjeet Singh Sikki, Swaraj Abhiyan Lehar